ਮੁੱਖ ਮੰਤਰੀ ਭਗਵੰਤ ਮਾਨ ਨੇ ਬਣਾਈ ਸਬ-ਕਮੇਟੀ
ਚੰਡੀਗੜ੍ਹ/ਬਿਊਰੋ ਨਿਊਜ਼ : ਮਾਰਚ 2023 ਵਿਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੈ। ਇਸ ਵਿਚੋਂ ਕੁਝ ਮੀਟਿੰਗਾਂ ਅੰਮ੍ਰਿਤਸਰ ਵਿਚ ਵੀ ਹੋਣ ਜਾ ਰਹੀਆਂ ਹਨ, ਜਿਸ ਦੀਆਂ ਤਿਆਰੀਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਉਚ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਹੈ। ਇਸ ਲਈ ਇਕ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਜੀ-20 ਸਿਖਰ ਸੰਮੇਲਨ ਦੀਆਂ ਅੰਮ੍ਰਿਤਸਰ ‘ਚ ਹੋਣ ਵਾਲੀਆਂ ਮੀਟਿੰਗਾਂ ਸਬੰਧੀ ਹਰ ਕੰਮ ਦਾ ਜਾਇਜ਼ਾ ਲਵੇਗੀ। ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ, ਹਰਭਜਨ ਸਿੰਘ ਈਟੀਓ, ਹਰਜੋਤ ਸਿੰਘ ਬੈਂਸ ਅਤੇ ਅਨਮੋਲ ਗਗਨ ਮਾਨ ਇਸ ਸਬ ਕਮੇਟੀ ਦਾ ਹਿੱਸਾ ਹੋਣਗੇ। ਧਿਆਨ ਰਹੇ ਕਿ ਸੀਐਮ ਭਗਵੰਤ ਮਾਨ ਲੰਘੇ ਅਗਸਤ ਮਹੀਨੇ ਕੇਂਦਰੀ ਵਿਦੇਸ਼ ਮੰਤਰੀ ਨੂੂੰ ਮਿਲੇ ਸਨ ਅਤੇ ਜੀ-20 ਸਿਖਰ ਸੰਮੇਲਨ ਦੀਆਂ ਕੁਝ ਬੈਠਕਾਂ ਨੂੰ ਅੰਮ੍ਰਿਤਸਰ ਵਿਚ ਕਰਵਾਉਣ ਦੀ ਅਪੀਲ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਅਤੇ ਪੰਜਾਬ ਸਰਕਾਰ ਇਸਦੀਆਂ ਤਿਆਰੀਆਂ ਵਿਚ ਜੁਟ ਗਈ ਹੈ।