ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਰਾਰੀ ਨੂੰ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਵਿਰੋਧ ਵਧਦਾ ਹੀ ਜਾ ਰਿਹਾ ਹੈ। ਫੌਜਾ ਸਿੰਘ ਸਰਾਰੀ ਨੂੰ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ ਕੀਤੇ ਗਏ।
ਇਸ ਦੇ ਚੱਲਦਿਆਂ ਸਰਾਰੀ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਪਟਿਆਲਾ ਵਿਚ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਇਕ ਹਫਤੇ ਵਿਚ ਸਰਾਰੀ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਕਾਂਗਰਸ ਸੂਬਾ ਪੱਧਰ ‘ਤੇ ਧਰਨੇ ਦਾ ਪ੍ਰੋਗਰਾਮ ਉਲੀਕੇਗੀ।
ਇਸੇ ਦੌਰਾਨ ਕੈਬਨਿਟ ਮੰਤਰੀ ਸਰਾਰੀ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਗੁਰਦਾਸਪੁਰ ਵਿਚ ਵੀ ਰੋਸ ਮਾਰਚ ਕੀਤਾ ਗਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਅਰੁਣਾ ਚੌਧਰੀ ਸਣੇ ਕਈ ਹੋਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਫੌਜਾ ਸਿੰਘ ਸਰਾਰੀ ਦੀ ਭ੍ਰਿਸ਼ਟਾਚਾਰ ਮਾਮਲੇ ਸਬੰਧੀ ਇਕ ਆਡੀਓ ਵਾਇਰਲ ਹੋਈ ਸੀ।
ਇਨ੍ਹਾਂ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਇਸ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਅਧਾਰ ਬਣਾ ਕੇ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਉਸ ਖਿਲਾਫ ਕਾਰਵਾਈ ਕੀਤੀ ਜਾਵੇ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਰੂਪਨਗਰ ਦੇ ਡੀਸੀ ਦਫਤਰ ਦੇ ਸਾਹਮਣੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿਚ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।