ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਰੀਬੀ ਹਨ ਬੈਂਸ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਪੂਰੀਆਂ ਜ਼ੋਰਾਂ ’ਤੇ ਹਨ। ਚੋਣ ਕਮਿਸ਼ਨ ਨੇ ਹਿਮਾਚਲ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਹਿਮ ਜ਼ਿੰਮੇਵਾਰੀ ਦਿੰਦਿਆਂ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਵੱਲੋਂ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਲਈ ਆਉਂਦੀ 12 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਕਿ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਹਿਮਾਚਲ ਚੋਣਾਂ ਲਈ ਮੁੱਖ ਜ਼ਿੰਮੇਵਾਰੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਤੀ ਗਈ ਹੈ ਜਦਕਿ ਹਰਜੋਤ ਬੈਂਸ ਨੂੰ ਮਨੀਸ਼ ਸਿਸੋਦੀਆ ਦਾ ਕਰੀਬੀ ਮੰਨਿਆ ਜਾਂਦਾ ਹੈ। ਬੈਂਸ ’ਤੇ ਹਿਮਾਚਲ ਚੋਣਾਂ ਦੀ ਰਣਨੀਤੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਰਮਿਆਨ ਆਪਸੀ ਤਾਲਮੇਲ ਬਣਾਈ ਰੱਖਣ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ। ਇਸ ਤੋਂ ਇਹ ਵੀ ਸਪੱਸ਼ਟ ਹੁੰਦਾ ਹੈ ਕਿ ਆਉਣ ਵਾਲੇ ਦਿਨਾਂ ’ਚ ਹਰਜੋਤ ਬੈਂਸ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ’ਚ ਰੁੱਝੇ ਰਹਿਣਗੇ।