Breaking News
Home / Special Story / ਸੰਗਰੂਰ ‘ਚ ਕਿਸਾਨਾਂ ਦਾ ਪੱਕਾ ਮੋਰਚਾ

ਸੰਗਰੂਰ ‘ਚ ਕਿਸਾਨਾਂ ਦਾ ਪੱਕਾ ਮੋਰਚਾ

ਭਗਵੰਤ ਮਾਨ ਦੀ ਕੋਠੀ ਅੱਗੇ ਕਿਸਾਨ ਅੰਦੋਲਨ ਵਾਂਗ ਜੁੜਨ ਲੱਗਿਆ ਇਕੱਠ
ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ‘ਚ ਰਿਹਾਇਸ਼ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਲਗਾਇਆ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ।
ਇਸ ਪੱਕੇ ਮੋਰਚੇ ਵਿਚ ਵੀਰਵਾਰ ਨੂੰ ਵੀ ਸੈਂਕੜੇ ਮਹਿਲਾਵਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ, ਮਜ਼ਦੂਰ ਅਤੇ ਨੌਜਵਾਨ ਸ਼ਾਮਲ ਹੋਏ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਆਰੋਪ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 7 ਅਕਤੂਬਰ ਦੀ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਬਾਰੇ ਅਜੇ ਤੱਕ ਚੁੱਪ ਧਾਰੀ ਹੋਈ ਹੈ। ਇਸ ਮੌਕੇ ਸਮੂਹ ਬੁਲਾਰਿਆਂ ਨੇ ਭਗਵੰਤ ਮਾਨ ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ ਕਰਦਿਆਂ ਸੰਘਰਸ਼ਸ਼ੀਲ ਲੋਕਾਂ ਦੇ ਸਿਦਕ ਸਿਰੜ ਦੀ ਸ਼ਲਾਘਾ ਕੀਤੀ ਅਤੇ 15 ਅਕਤੂਬਰ ਦੇ ‘ਲਲਕਾਰ ਦਿਵਸ’ ਦੀ ਲਾਮਿਸਾਲ ਲਾਮਬੰਦੀ ਲਈ ਦਿਨ ਰਾਤ ਇੱਕ ਕਰਨ ਦਾ ਸੱਦਾ ਦਿੱਤਾ। ਦੱਸਣਯੋਗ ਹੈ ਕਿ ਇਸ ਪੱਕੇ ਮੋਰਚੇ ਵਿਚ ਹੁਣ ਦਿੱਲੀ ਦੇ ਕਿਸਾਨ ਅੰਦੋਲਨ ਵਾਂਗ ਹੀ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ।
ਇਸ ਤੋਂ ਪਹਿਲਾਂ ਪੱਕੇ ਮੋਰਚੇ ‘ਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਦੇਸ਼ ਦੇ ਹਾਕਮਾਂ ਵੱਲੋਂ ਲੋਕ ਮੁੱਦਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਤੇ ਲੋਕਾਂ ‘ਤੇ ਜਬਰੀ ਕਾਰਪੋਰੇਟ ਪੱਖੀ ਨੀਤੀਆਂ ਥੋਪੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੱਤਾ ‘ਤੇ ਕਾਬਜ਼ ‘ਆਪ’ ਸਰਕਾਰ ਵੱਲੋਂ ਵੀ ਮੀਟਿੰਗ ਦੌਰਾਨ ਮੰਗਾਂ ਬਾਰੇ ਸਿਰਫ਼ ਭਰੋਸਾ ਹੀ ਦਿਵਾਇਆ ਗਿਆ ਤੇ ਅਮਲੀ ਰੂਪ ਵਿੱਚ ਕੁਝ ਨਹੀਂ ਕੀਤਾ ਗਿਆ, ਜਿਸ ਦੇ ਵਿਰੋਧ ਵਿੱਚ ਹੁਣ ਕਿਸਾਨਾਂ ਨੇ ਪੱਕਾ ਮੋਰਚਾ ਆਰੰਭਿਆ ਹੈ। ਇਸ ਮੌਕੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਸਰਕਾਰ ਵੱਲੋਂ ਗੁਲਾਬੀ ਸੁੰਡੀ, ਨਕਲੀ ਕੀਟਨਾਸ਼ਕਾਂ, ਗੜ੍ਹੇਮਾਰੀ, ਮੀਂਹ ਅਤੇ ਵਾਇਰਲ ਰੋਗ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਪੂਰਾ ਮੁਆਵਜ਼ਾ ਕਿਸਾਨਾਂ, ਕਾਸ਼ਤਕਾਰਾਂ ਤੇ ਖੇਤ ਮਜ਼ਦੂਰਾਂ ਨੂੰ ਨਹੀਂ ਦਿੱਤਾ ਗਿਆ।
ਪੰਜਾਬ ਭਰ ਤੋਂ ਪੁੱਜੇ ਨੰਬਰਦਾਰਾਂ ਵੱਲੋਂ ਭਗਵੰਤ ਮਾਨ ਦੀ ਕੋਠੀ ਨੇੜੇ ਧਰਨਾ
ਸਰਕਾਰ ਤੋਂ ਨੰਬਰਦਾਰੀ ਦਾ ਕਿੱਤਾ ਜੱਦੀ-ਪੁਸ਼ਤੀ ਕਰਨ ਦੀ ਮੰਗ ਤੁਰੰਤ ਪੂਰੀ ਕਰਨ ‘ਤੇ ਜ਼ੋਰ
ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੀ ਅਗਵਾਈ ਹੇਠ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਹਜ਼ਾਰਾਂ ਨੰਬਰਦਾਰਾਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨੰਬਰਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੰਬਰਦਾਰ ਨੂੰ ਜੱਦੀ ਪੁਸ਼ਤੀ ਬਣਾਉਂਦਿਆਂ ਕਿਸੇ ਨੰਬਰਦਾਰ ਦੀ ਮੌਤ ਮਗਰੋਂ ਉਸ ਦੀ ਔਲਾਦ ਨੂੰ ਇਹ ਕਿੱਤਾ ਦਿੱਤਾ ਜਾਵੇ, ਨੰਬਰਦਾਰਾਂ ਨੂੰ ਮਿਲਦਾ ਮਾਣ ਭੱਤਾ ਵਧਾ ਕੇ ਪੰਜ ਹਜ਼ਾਰ ਕੀਤਾ ਜਾਵੇ, ਨੰਬਰਦਾਰਾਂ ਦਾ ਟੌਲ ਟੈਕਸ ਅਤੇ ਬੱਸ ਸਫ਼ਰ ਮੁਫ਼ਤ ਕੀਤਾ ਜਾਵੇ, ਤਹਿਸੀਲ ਅਤੇ ਜ਼ਿਲ੍ਹਾ ਪੱਧਰ ‘ਤੇ ਨੰਬਰਦਾਰਾਂ ਦੇ ਬੈਠਣ ਲਈ ਕਮਰਿਆਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਪਿਛਲੇ ਸਮੇਂ ਦੌਰਾਨ ਸਰਬਰਾਹੀ ਨੰਬਰਦਾਰੀ ਦਾ ਵਧਾਇਆ ਗਿਆ ਸਮਾਂ ਪੰਜ ਸਾਲ ਲਾਗੂ ਕੀਤਾ ਜਾਵੇ।
ਸੰਗਰੂਰ-ਪਟਿਆਲਾ ਬਾਈਪਾਸ ਓਵਰਬ੍ਰਿੱਜ ਨੇੜੇ ਇਕੱਠੇ ਹੋਏ ਨੰਬਰਦਾਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਵੱਲ ਰੋਸ ਮਾਰਚ ਕੀਤਾ ਤੇ ਉਥੇ ਪੁੱਜ ਕੇ ਧਰਨਾ ਦਿੱਤਾ। ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਕਿਹਾ ਕਿ ਨੰਬਰਦਾਰਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਣਨ ਤੋਂ ਬਾਅਦ ਯੂਨੀਅਨ ਵਫ਼ਦ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨਾਲ ਮੀਟਿੰਗਾਂ ਕਰ ਕੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾ ਚੁੱਕੇ ਹਨ, ਪਰ ਸਿਵਾਏ ਭਰੋਸਿਆਂ ਤੋਂ ਅਮਲੀ ਰੂਪ ਵਿਚ ਮੰਗਾਂ ਦੇ ਹੱਲ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਮੰਗਾਂ ਲਾਗੂ ਕਰਨ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੂਬਾ ਕਮੇਟੀ ਦੀ ਮੀਟਿੰਗ ਕਰ ਕੇ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।

Check Also

ਮੈਂ ਤਾਂ ਨਹੀਂ ਰਹਾਂਗਾ ਮੇਰੇ ਗੀਤ ਰਹਿਣਗੇ…

ਉੱਘੇ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ ਦਾ ਦੇਹਾਂਤ ਲੁਧਿਆਣਾ/ਬਿਊਰੋ ਨਿਊਜ਼ : ਉੱਘੇ ਪੰਜਾਬੀ ਸ਼ਾਇਰ ਡਾ. …