ਮੁਹਾਲੀ/ਬਿਊਰੋ ਨਿਊਜ਼ : ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ ਚਰਚਾ ਕਰਨ ਦੇ ਨਾਲ-ਨਾਲ ਯੂਨੀਵਰਸਿਟੀ ਵਿਖੇ ਸਥਾਪਿਤ ਕਲਪਨਾ ਚਾਵਲਾ ਸਪੇਸ ਰਿਸਰਚ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਦੇ ਵੀਜ਼ਾ ਵਿਚ ਦੇਰੀ ਦੀ ਸਮੱਸਿਆ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਅਮਰੀਕੀ ਅਧਿਕਾਰੀਆਂ ਨੂੰ ਸੰਯੁਕਤ ਰਾਜ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਮਹੱਤਤਾ ਦਾ ਅਹਿਸਾਸ ਕਰਵਾਇਆ ਹੈ ਅਤੇ ਖਾਸ ਤੌਰ ‘ਤੇ ਸਟੈਮ (ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ) ਖੇਤਰਾਂ ਦੇ ਪੇਸ਼ੇਵਰ ਜੋ ਅਮਰੀਕਾ ਦੇ ਵਿਕਾਸ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਅਮਰੀਕਾ ਦੇ ਵੀਜ਼ੇ ਸੰਬੰਧੀ ਭਾਰਤੀਆਂ ਨੂੰ ਆਉਂਦੀਆਂ ਸਮੱਸਿਆਵਾਂ ਛੇਤੀ ਹੀ ਹੱਲ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ। ਇਸ ਦੌਰਾਨ ਤਰਨਜੀਤ ਸਿੰਘ ਸੰਧੂ ਨੇ ਕਲਪਨਾ ਚਾਵਲਾ ਸਪੇਸ ਰਿਸਰਚ ਸੈਂਟਰ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਸੈਟੇਲਾਈਟ ਪ੍ਰੋਗਰਾਮ ‘ਤੇ ਕੰਮ ਕਰ 75 ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਟੈਕਨਾਲੋਜੀ ਬਿਜ਼ਨੈੱਸ ਇਨਕਿਊਬੇਟਰ ਦਾ ਵੀ ਦੌਰਾ ਕੀਤਾ, ਜਿਥੇ ਉਨ੍ਹਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਨੌਜਵਾਨ ਉੱਦਮੀਆਂ ਨਾਲ ਵੱਖ-ਵੱਖ ਪ੍ਰਾਜੈਕਟਾਂ ‘ਤੇ ਗੱਲਬਾਤ ਵੀ ਕੀਤੀ। ਅੰਤ ‘ਚ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਕ ਪੰਜਾਬੀ ਰਾਜਦੂਤ ਵਜੋਂ ਅਮਰੀਕਾ ਵਿਚ ਭਾਰਤ ਦੀ ਨੁਮਾਇੰਦਗੀ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਸੀਂ ਭਾਰਤੀ ਰਾਜਦੂਤ ਨਾਲ ਨਵੀਂ ਸਿੱਖਿਆ ਨੀਤੀ ਦੇ ਤਹਿਤ ਅਮਰੀਕੀ ਯੂਨੀਵਰਸਿਟੀਆਂ ਨਾਲ ਸਹਿਯੋਗ ਦੀਆਂ ਸੰਭਾਵਨਾਵਾਂ ਬਾਰੇ ਗੱਲਬਾਤ ਕੀਤੀ ਹੈ, ਜੋ ਕਿ ਸਾਡੇ ਵਿਦਿਆਰਥੀਆਂ ਨੂੰ ਗਲੋਬਲ ਐਕਸਪੋਜ਼ਰ ਪ੍ਰਾਪਤ ਕਰਨ ਵਿਚ ਮਦਦ ਕਰ ਸਕਦੀਆਂ ਹਨ। ਉਨ੍ਹਾਂ ਅਮਰੀਕਾ ਵਿਚ ਭਾਰਤੀ ਰਾਜਦੂਤ ਨੂੰ ਚੰਡੀਗੜ੍ਹ ਯੂਨੀਵਰਸਿਟੀ ਦੇ ਮੌਜੂਦਾ 30+ ਯੂ. ਐਸ. ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਨਾਲ ਸਹਿਯੋਗ ਬਾਰੇ ਵੀ ਜਾਣੂ ਕਰਵਾਇਆ।