ਚੰਡੀਗੜ੍ਹ/ਬਿਊਰੋ ਨਿਊਜ਼ : ਭਾਸ਼ਾ ਵਿਭਾਗ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੂਰੇ ਨਵੰਬਰ ਮਹੀਨੇ ਨੂੰ ‘ਪੰਜਾਬੀ ਮਾਹ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ, ਜਿਸ ਤਹਿਤ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਨਾਲ ਸੰਬੰਧਿਤ ਮਹੀਨਾ ਭਰ ਸੂਬੇ ਦੇ ਵੱਖ-ਵੱਖ ਥਾਂਵਾਂ ਉਤੇ ਰਾਜ ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਜਾਣਗੇ। ਇਹ ਜਾਣਕਾਰੀ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ ਹੈ। ਪੰਜਾਬੀ ਮਾਹ ਦੀ ਸ਼ੁਰੂਆਤ 1 ਨਵੰਬਰ ਨੂੰ ਭਾਸ਼ਾ ਭਵਨ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਰਾਹੀਂ ਹੋਵੇਗੀ, ਜਿਸ ਤੋਂ ਬਾਅਦ ਪੂਰਾ ਮਹੀਨਾ ਸੂਬੇ ਦੇ ਵੱਖ-ਵੱਖ ਥਾਂਵਾਂ ਉਤੇ ਰੋਜ਼ਾਨਾ ਪ੍ਰੋਗਰਾਮ ਹੋਣਗੇ। 30 ਨਵੰਬਰ ਨੂੰ ਸਮਾਪਤੀ ਸਮਾਰੋਹ ਹੋਵੇਗਾ। ਮਹੀਨੇ ਦੌਰਾਨ ਸੱਤ ਰਾਜ ਪੱਧਰੀ ਤੇ ਬਾਕੀ ਜ਼ਿਲ੍ਹਾ ਪੱਧਰੀ ਸਮਾਗਮ ਹੋਣਗੇ ਅਤੇ ਹਰ ਜ਼ਿਲ੍ਹੇ ਵਿਚ ਘੱਟੋ-ਘੱਟ ਇਕ ਸਮਾਗਮ ਹੋਵੇਗਾ।