ਫੌਜਾ ਸਿੰਘ ਸਰਾਰੀ ਨੂੰ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਪੰਜਾਬ ਕਾਂਗਰਸ ਦੇ ਬਹੁਤ ਸਾਰੇ ਆਗੂ ਅੱਜ ਧਰਨੇ ’ਤੇ ਬੈਠੇ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਣੇ ਹੋਰ ਆਗੂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਚ ਮੰਤਰੀ ਫੌਜਾ ਸਿੰਘ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕਰਨ ਦੀ ਅਤੇ ਉਸ ਖਿਲਾਫ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਸਨ। ਇਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਆਗੂਆਂ ਨੂੰ ਕਿਹਾ ਕਿ ਤੁਸੀਂ ਵੀ ਦਿਵਾਲੀ ਮਨਾਓ ਅਤੇ ਸਰਾਰੀ ਨੂੰ ਵੀ ਦਿਵਾਲੀ ਮਨਾਉਣ ਦਿਓ। ਉਧਰ ਦੂਜੇ ਪਾਸੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਕਹਿ ਚੁੱਕੇ ਹਨ ਕਿ ਸੀਐਮ ਭਗਵੰਤ ਮਾਨ ਭਿ੍ਰਸ਼ਟਾਚਾਰ ਵਿਚ ਘਿਰੇ ਮੰਤਰੀਆਂ ਨੂੰ ਬਚਾਉਣ ਵਿਚ ਲੱਗੇ ਹੋਏ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਰੋਧੀ ਦਲਾਂ ਦੇ ਆਗੂਆਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਝੂਠੇ ਮਾਮਲਿਆਂ ਵਿਚ ਫਸਾਉਣ ਵਿਚ ਜੁਟੀ ਹੋਈ ਹੈ। ਜਦਕਿ ਆਪਣੇ ਉਨ੍ਹਾਂ ਆਗੂਆਂ ’ਤੇ ਕੋਈ ਵੀ ਐਕਸ਼ਨ ਨਹੀਂ ਲੈ ਰਹੀ, ਜਿਨ੍ਹਾਂ ਦੀ ਆਡੀਓ ਰਿਕਾਰਡਿੰਗ ਤੱਕ ਵਾਇਰਲ ਹੋ ਚੁੱਕੀ ਹੈ।