Breaking News
Home / ਭਾਰਤ / ਵਿਧਾਨ ਸਭਾ ਚੋਣਾਂ ਲਈ ਪੇਸ਼ਬੰਦੀਆਂ ਸ਼ੁਰੂ

ਵਿਧਾਨ ਸਭਾ ਚੋਣਾਂ ਲਈ ਪੇਸ਼ਬੰਦੀਆਂ ਸ਼ੁਰੂ

logo-2-1-300x105ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜ ਸੂਬਿਆਂ ਪੰਜਾਬ, ਉੱਤਰ ਪ੍ਰਦੇਸ਼, ਗੋਆ, ਮਣੀਪੁਰ ਅਤੇ ਉੱਤਰਾਖੰਡ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਫ਼ੈਸਲਾ ਸੁਰੱਖਿਆ ਬਲਾਂ ਅਤੇ ਸੂਬਿਆਂ ਦੀ ਅਮਨ ਕਾਨੂੰਨ ਸਬੰਧੀ ਮਸ਼ੀਨਰੀ ਵੱਲੋਂ ਦਿੱਤੀ ਜਾਣ ਵਾਲੀ ਜਾਣਕਾਰੀ ਦੇ ਆਧਾਰ ‘ਤੇ ਲਿਆ ਜਾਏਗਾ। ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਨੇ ਕਿਹਾ ਕਿ ਮੌਸਮ ਅਤੇ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖ ਕੇ ਹੀ ਚੋਣਾਂ ਦੀਆਂ ਤਰੀਕਾਂ ਨੂੰ ਅੰਤਿਮ ਰੂਪ ਦਿੱਤਾ ਜਾਏਗਾ। ਇਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ੈਦੀ ਨੇ ਕਿਹਾ,”ਅਸੀਂ ਸੁਰੱਖਿਆ ਬਲਾਂ ਦੀ ਤਾਇਨਾਤੀ, ਮੌਸਮ ਅਤੇ ਪ੍ਰੀਖਿਆ ਦੇ ਪ੍ਰੋਗਰਾਮ ਦਾ ਮੁਲਾਂਕਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਸ ਸਬੰਧੀ ਸਾਰੀ ਜਾਣਕਾਰੀ ਲੈ ਕੇ ਹੀ ਤਰੀਕਾਂ ਤੈਅ ਹੋਣਗੀਆਂ। ਤਾਂ ਹੀ ਅਸੀਂ ਦੱਸ ਸਕਾਂਗੇ ਕਿ ਚੋਣਾਂ ਇਕੋ ਗੇੜ ਵਿਚ ਹੋਣਗੀਆਂ ਜਾਂ ਪੜਾਅਵਾਰ ਵੋਟਾਂ ਪੈਣਗੀਆਂ।” ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਤਰੀਕਾਂ ਸਬੰਧੀ ਅਜੇ ਤਕ ਕੋਈ ਵਿਚਾਰ ਵਟਾਂਦਰਾ ਨਹੀਂ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ, ਗੋਆ, ਮਣੀਪੁਰ ਅਤੇ ਉੱਤਰਾਖੰਡ ਵਿਧਾਨ ਸਭਾਵਾਂ ਦੀ ਮਿਆਦ ਅਗਲੇ ਸਾਲ ਮਾਰਚ ਦੇ ਅਖੀਰ ਵਿਚ ਮੁੱਕਣ ਵਾਲੀ ਹੈ ਜਦਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਦਾ ਸਮਾਂ ਮਈ 2017 ਵਿਚ ਮੁੱਕਣਾ ਹੈ। ਉੱਤਰ ਪ੍ਰਦੇਸ਼ ਵਿਚ ਰਾਮ ਮੰਦਿਰ ਦਾ ਮਸਲਾ ਮੁੜ ਭਖ਼ਣ ਤੋਂ ਬਾਅਦ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਕਮਿਸ਼ਨ ਨੂੰ ਚੋਣਾਂ ਹੋਣ ਵਾਲੇ ਸੂਬਿਆਂ ਵਿਚ ਸਿਆਸੀ ਪਾਰਟੀਆਂ ਵੱਲੋਂ ਦਾਗ਼ੇ ਜਾਣ ਵਾਲੇ ਬਿਆਨਾਂ ਤੋਂ ਰੋਕਣ ਲਈ ਅਧਿਕਾਰ ਮਿਲਣੇ ਚਾਹੀਦੇ ਹਨ ਤਾਂ ਜ਼ੈਦੀ ਨੇ ਕਿਹਾ ਕਿ ਚੋਣਾਂ ਦਾ ਐਲਾਨ ਹੋਣ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਚੋਣ ਕਮਿਸ਼ਨ ਇਸ ਨੂੰ ਸਖ਼ਤੀ ਨਾਲ ਲਾਗੂ ਕਰੇਗਾ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …