ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਮੀਡੀਆ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਜ਼ਿਲ੍ਹਾ ਅਧਿਕਾਰੀਆਂ ਨਾਲ ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਵੀ ਕਰਨਗੇ। ਧਿਆਨ ਰਹੇ ਕਿ ਸਾਲ 2023 ਦੇ ਮਾਰਚ ਮਹੀਨੇ ਅੰਮਿ੍ਰਤਸਰ ’ਚ ਜੀ 20 ਸੰਮੇਲਨ ਕਾਨਫਰੰਸ ਹੋਣ ਜਾ ਰਹੀ ਹੈ। ਜੀ-20 ਸੰਮੇਲਨ ’ਚ ਵੱਖ-ਵੱਖ ਦੇਸ਼ਾਂ ਦੇ ਰਾਸ਼ਟਰਪਤੀ ਹਿੱਸਾ ਲੈਣਗੇ। ਇਸ ਦੀਆਂ ਤਿਆਰੀਆਂ ਕਰਨ ਲਈ ਅੱਜ ਦੀ ਮੀਟਿੰਗ ਰੱਖੀ ਗਈ ਹੈ। ਅੰਮਿ੍ਰਤਸਰ ’ਚ ਇਹ ਸੰਮੇਲਨ ਕਿਸ ਸਥਾਨ ’ਤੇ ਹੋਵੇਗਾ, ਉਮੀਦ ਹੈ ਕਿ ਇਸ ਮੀਟਿੰਗ ’ਚ ਜਗ੍ਹਾ ਦੀ ਚੋਣ ਕੀਤੀ ਜਾਵੇਗੀ।