ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੀਵਾਲੀ ਤੇ ਬੰਦੀਛੋੜ ਦਿਵਸ ਦੀਆਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਧਾਈਆਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਮੁੱਚੇ ਭਾਰਤ ਭਰ ਵਿਚ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰ ਤੋਂ ਹੀ ਦੇਸ਼ ਭਰ ਦੇ ਧਾਰਮਿਕ ਅਸਥਾਨਾਂ ’ਤੇ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਇਸ ਮੌਕੇ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਮੂਹ ਭਾਰਤ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਮੁੱਚੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਦੀਵਾਲੀ ਅਤੇ ਬੰਦੀਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਵੀ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ ਅਤੇ ਇਥੇ ਵੀ ਸ਼ਰਧਾਲੂਆਂ ਦੀਆਂ ਸਵੇਰ ਤੋਂ ਹੀ ਮੱਥਾ ਟੇਕਣ ਲਈ ਲੰਬੀਆਂ ਲੰਬੀਆਂ ਲਾਈਨਾਂ ਦੇਖੀਆਂ ਗਈਆਂ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਗਏ ਅਤੇ ਆਤਿਸ਼ਬਾਜ਼ੀ ਕੀਤੀ ਗਈ।