ਲੁਧਿਆਣਾ ’ਚ ਪੰਜਾਬ ਦੀਆਂ ਸੜਕਾਂ ਨੂੰ ਟੈਕਸ ਫਰੀ ਕਰਨ ਦਾ ਵੀ ਕੀਤਾ ਐਲਾਨ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਸ਼ਵਕਰਮਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਵਿਚ ਹਿੱਸਾ ਲੈਣ ਲਈ ਲੁਧਿਆਣਾ ਦੇ ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਬਾਬਾ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਬਾਬਾ ਵਿਸ਼ਵਕਰਮਾ ਨੂੰ ਕਲਾ ਅਤੇ ਸ਼ਿਲਪਕਾਰੀ ਦਾ ਦੇਵਤਾ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਔਜਾਰਾਂ ਦੀ ਪੂਜਾ ਕੀਤੀ ਜਾ ਰਹੀ ਹੈ ਜਦੋਂ ਉਹ ਔਜਾਰ ਅਤੇ ਮਸ਼ੀਨਾਂ ਚਲਦੀਆਂ ਹਨ ਤਾਂ ਇਹ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਂਦੀਆਂ ਹਨ। ਇਨ੍ਹਾਂ ਮਸ਼ੀਨਾਂ ਅਤੇ ਔਜਾਰਾਂ ਦੇ ਚੱਲਣ ਨਾਲ ਹੀ ਘਰਾਂ ਦੇ ਚੁੱਲ੍ਹੇ ਬਲਦੇ ਹਨ। ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ੌਕ ਅਨੁਸਾਰ ਨੌਜਵਾਨਾਂ ਨੂੰ ਰੁਜ਼ਗਾਰ ਚੁਣਨ ਲਈ ਇਕ ਸੈਲ ਦਾ ਛੇਤੀ ਹੀ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ ਹੀ ਬੇਰੁਜ਼ਗਾਰੀ ਦੂਰ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਪੰਜਾਬ ਦੀਆਂ ਸੜਕਾਂ ਨੂੰ ਵੀ ਟੋਲ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿ ਆਉਂਦੇ ਦਿਨਾਂ ਵਿਚ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾਣਗੇ। ਲਾਡੋਵਾਲ ਟੋਲਪਲਾਜ਼ਾ ਅਤੇ ਸ਼ੰਭੂ ਟੋਲਪਲਾਜ਼ਾ ’ਤੇ ਵੀ ਸਰਕਾਰ ਦੀ ਨਜ਼ਰ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ ’ਤੇ ਤੰਜ ਵੀ ਕਸਿਆ ਅਤੇ ਕਿਹਾ ਕਿ ਦੇਸ਼ ਅੰਦਰ ਨਫ਼ਰਤ ਅਤੇ ਡਰ ਦਾ ਜੋ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਉਹ ਠੀਕ ਨਹੀਂ ਹੈ। ਇਹ ਰੁਝਾਨ ਬੰਦ ਹੋਣਾ ਚਾਹੀਦਾ ਹੈ।