ਮਾਲਵਿੰਦਰ ਕੰਗ ਬੋਲੇ : ਲੋਕਤੰਤਰ ਦਾ ਖਾਤਮਾ ਕਰਨਾ ਚਾਹੁੰਦੀ ਹੈ ਭਾਰਤੀ ਜਨਤਾ ਪਾਰਟੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਵੱਲੋਂ ਰਾਹੁਲ ਗਾਂਧੀ ਨੂੰ ਗਿ੍ਰਫ਼ਤਾਰ ਕਰਨ ਦੀ ਸੰਭਾਵਨਾ ਪ੍ਰਗਟਾਈ ਹੈ। ਜਿਸ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਵੀ ਭਾਰਤੀ ਜਨਤਾ ਪਾਰਟੀ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦੇਸ਼ ਵਿਚੋਂ ਲੋਕਤੰਤਰ ਦਾ ਖਾਤਮਾ ਕਰਨਾ ਚਾਹੁੰਦੀ ਹੈ। ਕੰਗ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਦਾਅਵੇ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਦੀ ਗਿ੍ਰਫਤਾਰੀ ਹੋਣੀ ਵੀ ਸੰਭਵ ਹੈ, ਕਿਉਂਕਿ ਭਾਜਪਾ ਦੇਸ਼ ’ਚ ਵਿਰੋਧੀ ਧਿਰਾਂ ਦੀ ਅਵਾਜ਼ ਨੂੰ ਦਬਾਉਣ ਵਿਚ ਲੱਗੀ ਹੋਈ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਨਾਲ ਇਸ ਤਰ੍ਹਾਂ ਹੋਇਆ ਹੈ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਗਿ੍ਰਫਤਾਰ ਕਰਨ ਲਈ ਵੀ ਭਾਜਪਾ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਭਾਜਪਾ ਨੇ ਪੰਜਾਬ ’ਚ ‘ਅਪ੍ਰੇਸ਼ਨ ਲੋਟਿਸ’ ਜਰੀਏ ਆਮ ਆਦਮੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਭਾਰਤੀ ਜਨਤਾ ਪਾਰਟੀ ਆਪਣੇ ਇਸ ਮਨਸੂਬੇ ਵਿਚ ਕਾਮਯਾਬ ਨਹੀਂ ਹੋ ਸਕੀ। ‘ਆਪ’ ਆਗੂ ਮਾਲਵਿੰਦਰ ਸਿੰਘ ਕੰਗ ਨੇ ਅੱਗੇ ਕਿਹਾ ਕਿ ਪੰਜਾਬ ਦਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਭਾਜਪਾ ਦੇ ਇਸ਼ਾਰੇ ’ਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਬਾਉਣ ਦੇ ਯਤਨ ਵਿਚ ਹਨ। ਰਾਜਪਾਲ ਲਗਾਤਾਰ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਵਿਚ ਬਿਨਾ ਮਤਲਬ ਅੜਚਣ ਪੈਦਾ ਕਰ ਰਹੇ ਹਨ।