ਸੋਨੀਆ ਗਾਂਧੀ ਨੇ ਕਿਹਾ : ਪ੍ਰਧਾਨਗੀ ਦਾ ਅਹੁਦਾ ਛੱਡ ਕੇ ਮਿਲੀ ਰਾਹਤ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਬੁੱਧਵਾਰ ਨੂੰ ਰਸਮੀ ਤੌਰ ’ਤੇ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫਤਰ ਦਿੱਲੀ ’ਚ ਪਾਰਟੀ ਦੇ ਚੋਣ ਅਧਿਕਾਰੀ ਮਧੂਸੂਦਨ ਮਿਸਤਰੀ ਨੇ ਖੜਗੇ ਨੂੰ ਜਿੱਤ ਦਾ ਸਰਟੀਫਿਕੇਟ ਸੌਂਪਿਆ। ਇਸ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਕੇਸੀ ਵੇਣੂਗੋਪਾਲ, ਪਿ੍ਰਅੰਕਾ ਗਾਂਧੀ ਵਾਡਰਾ ਤੇ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਕਾਂਗਰਸ ਪਾਰਟੀ ਦੇ ਪ੍ਰਧਾਨ ਵਜੋਂ ਸਹੁੰ ਚੁੱਕਣ ਤੋਂ ਬਾਅਦ ਮਲਿਕਾਰਜੁਨ ਖੜਗੇ ਨੇ ਆਪਣੇ ਸੰਬੋਧਨ ਵਿਚ ਕਾਂਗਰਸ ਪਾਰਟੀ ਦਾ ਧੰਨਵਾਦ ਕਰਦਿਆ ਕਿਹਾ ਕਿ ਇਕ ਮਜ਼ਦੂਰ ਦਾ ਬੇਟਾ ਕਾਂਗਰਸ ਦਾ ਪ੍ਰਧਾਨ ਬਣਿਆ ਹੈ। ਉਨ੍ਹਾਂ ਕਿਹਾ ਕਿ ਇਕ ਆਮ ਵਰਕਰ ਨੂੰ ਇੰਨਾ ਸਨਮਾਨ ਦੇਣ ਲਈ ਪਾਰਟੀ ਦਾ ਧੰਨਵਾਦ। ਇਸਦੇ ਨਾਲ ਹੀ ਉਨ੍ਹਾਂ ਪਾਰਟੀ ਵਰਕਰਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਕਾਂਗਰਸ ਪਾਰਟੀ ਦੀ ਪ੍ਰਧਾਨ ਰਹੀ ਸੋਨੀਆ ਗਾਂਧੀ ਨੇ ਇਸ ਮੌਕੇ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪ੍ਰਧਾਨ ਵਜੋਂ ਤਾਜਪੋਸ਼ੀ ਲਈ ਕੀਤੇ ਗਏ ਪ੍ਰੋਗਰਾਮ ਵਿਚ ਵਧਾਈ ਦਿੱਤੀ। ਸੋਨੀਆ ਗਾਂਧੀ ਨੇ ਕਿਹਾ ਕਿ ਮੈਂ ਬਹੁਤ ਰਾਹਤ ਮਹਿਸੂਸ ਕਰ ਰਹੀ ਹਾਂ, ਮੈਂ ਪਾਰਟੀ ਦੇ ਨਵੇਂ ਪ੍ਰਧਾਨ ਖੜਗੇ ਨੂੰ ਵਧਾਈ ਵੀ ਦਿੰਦੀ ਹਾਂ। ਉਨ੍ਹਾਂ ਕਿਹਾ ਕਿ ਸਭ ਤੋਂ ਤਸੱਲੀ ਵਾਲੀ ਗੱਲ ਇਹ ਹੈ ਕਿ ਜਿਨ੍ਹਾਂ ਨੂੰ ਪ੍ਰਧਾਨ ਚੁਣਿਆ ਗਿਆ ਹੈ, ਉਹ ਤਜ਼ਰਬੇਕਾਰ ਅਤੇ ਹੇਠਲੇ ਪੱਧਰ ਦੇ ਆਗੂ ਹਨ। ਇਕ ਸਧਾਰਨ ਕਾਮੇ ਵਜੋਂ ਕੰਮ ਕਰਦੇ ਹੋਏ, ਆਪਣੀ ਮਿਹਨਤ ਅਤੇ ਲਗਨ ਨਾਲ, ਉਹ ਇਸ ਉਚਾਈ ਤੱਕ ਪਹੁੰਚੇ ਹਨ। ਇਸ ਤੋਂ ਪਹਿਲਾਂ ਸੋਨੀਆ ਅਤੇ ਰਾਹੁਲ ਨੇ ਮੰਚ ’ਤੇ ਖੜਗੇ ਨੂੰ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ।