ਮਨੋਹਰ ਲਾਲ ਖੱਟਰ ਨੇ ਕਿਹਾ : ਡੇਰਾ ਮੁਖੀ ਨੂੰ ਪੈਰੋਲ ਦਿਵਾਉਣ ’ਚ ਮੇਰਾ ਕੋਈ ਹੱਥ ਨਹੀਂ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਹਰਿਆਣਾ ਸਰਕਾਰ ਦੀ ਨਿੰਦਾ ਕੀਤੀ ਹੈ। ਸਵਾਤੀ ਮਾਲੀਵਾਲ ਨੇ ਕਿਹਾ ਕਿ ਰਾਮ ਰਹੀਮ ਇਕ ਬਲਾਤਕਾਰੀ ਹੈ। ਉਸ ਨੂੰ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ, ਪਰ ਹਰਿਆਣਾ ਸਰਕਾਰ ਉਸ ਨੂੰ ਜਦੋਂ ਚਾਹੇ ਪੈਰੋਲ ਦਿੰਦੀ ਹੈ। ਇਸੇ ਦੌਰਾਨ ਰਾਮ ਰਹੀਮ ਸਤਿਸੰਗ ਆਯੋਜਤ ਕਰ ਰਿਹਾ ਹੈ ਅਤੇ ਭਾਜਪਾ ਦੇ ਆਗੂ ਇਨ੍ਹਾਂ ਪ੍ਰੋਗਰਾਮਾਂ ਵਿਚ ਹਿੱਸਾ ਲੈ ਰਹੇ ਹਨ। ਉਧਰ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿਵਾਉਣ ਵਿੱਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ ਤੇ ਇਹ ਸਭ ਜੇਲ੍ਹ ਦੇ ਨਿਯਮਾਂ ਤਹਿਤ ਹੀ ਹੋਇਆ ਹੈ। ਦੱਸਣਯੋਗ ਹੈ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਪੈਰੋਲ ਪਿਛਲੇ ਹਫ਼ਤੇ ਦਿੱਤੀ ਗਈ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਹਰਿਆਣਾ ਦੇ ਵਿਧਾਨ ਸਭਾ ਹਲਕਾ ਆਦਮਪੁਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੈਰੋਲ ਦਿੱਤੀ ਗਈ ਹੈ। ਇੰਨਾ ਹੀ ਨਹੀਂ ਪੈਰੋਲ ’ਤੇ ਆਉਣ ਤੋਂ ਬਾਅਦ ਡੇਰਾ ਸਿਰਸਾ ਮੁਖੀ ਵੱਡੇ ਵੱਡੇ ਸਮਾਗਮਾਂ ਵਿੱਚ ਸ਼ਾਮਲ ਹੋ ਰਿਹਾ ਹੈ ਤੇ ਸਮਾਗਮਾਂ ਵਿੱਚ ਭਾਜਪਾ ਆਗੂ ਵੀ ਪਹੁੰਚ ਕੇ ਡੇਰਾ ਮੁਖੀ ਨਾਲ ਮੁਲਾਕਾਤ ਕਰ ਰਹੇ ਹਨ। ਇਸ ਤੋਂ ਪਹਿਲਾਂ ਰਾਮ ਰਹੀਮ ਨੂੰ 17 ਜੂਨ ਨੂੰ ਵੀ ਇਕ ਮਹੀਨੇ ਦੀ ਪੈਰੋਲ ਦਿੱਤੀ ਗਈ ਸੀ। ਰਾਮ ਰਹੀਮ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿਚ ਸਾਲ 2017 ਤੋਂ ਹਰਿਆਣਾ ਦੀ ਸੋਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ।