5.2 C
Toronto
Thursday, November 13, 2025
spot_img
Homeਹਫ਼ਤਾਵਾਰੀ ਫੇਰੀਕਿਸਾਨਾਂ ਨੇ ਭਗਵੰਤ ਮਾਨ ਦੀ ਕੋਠੀ ਅੱਗੇ ਮੋਰਚੇ 'ਤੇ ਮਨਾਈ ਦੀਵਾਲੀ

ਕਿਸਾਨਾਂ ਨੇ ਭਗਵੰਤ ਮਾਨ ਦੀ ਕੋਠੀ ਅੱਗੇ ਮੋਰਚੇ ‘ਤੇ ਮਨਾਈ ਦੀਵਾਲੀ

ਬੀਕੇਯੂ ਉਗਰਾਹਾਂ ਨੇ ਅਗਲੀ ਰਣਨੀਤੀ ਲਈ 29 ਨੂੰ ਵੱਡਾ ਇਕੱਠ ਸੱਦਿਆ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਈ ਬੈਠੇ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਰੌਂਅ ਵਿੱਚ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ‘ਤੇ ਟਾਲਮਟੋਲ ਦਾ ਆਰੋਪ ਲਾਉਂਦਿਆਂ 29 ਅਕਤੂਬਰ ਨੂੰ ਵੱਡਾ ਇਕੱਠ ਕਰ ਕੇ ਅਗਲਾ ਐਕਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ‘ਚ ਹੀ ਸੰਘਰਸ਼ੀ ਦੀਵਾਲੀ ਮਨਾਈ ਗਈ। ਇਸ ਵਿੱਚ ਵੱਡੀ ਗਿਣਤੀ ਮਹਿਲਾਵਾਂ ਅਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਦੀਵਾਲੀ ਵਾਲੀ ਰਾਤ ਲੋਕ ਕਲਾ ਮੰਚ ਮੁੱਲਾਂਪੁਰ ਦੀ ਟੀਮ ਵੱਲੋਂ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਨਾਟਕ ”ਇਨ੍ਹਾਂ ਜ਼ਖਮਾਂ ਦਾ ਕੀ ਕਰੀਏ” ਦੀ ਪੇਸ਼ਕਾਰੀ ਕੀਤੀ ਗਈ। ਬੀਕੇਯੂ ਉਗਰਾਹਾਂ ਦੇ ਸੂਬਾ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਪਿਛਲੇ 17 ਦਿਨਾਂ ਤੋਂ ਕਿਸਾਨ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ‘ਤੇ ਬੈਠੇ ਹਨ ਅਤੇ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਵੀ ਜਾਰੀ ਹੈ, ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨ੍ਹਾਂ ਆਰੋਪ ਲਾਇਆ ਕਿ ਪੱਕੇ ਮੋਰਚੇ ਦੇ ਨੇੜਲੀਆਂ ਕਲੋਨੀਆਂ ਵਿੱਚ ਸਰਕਾਰ ਸੰਘਰਸ਼ਸ਼ੀਲ ਕਿਸਾਨਾਂ ਖ਼ਿਲਾਫ਼ ਕੁਪ੍ਰਚਾਰ ਕਰ ਰਹੀ ਹੈ, ਜਦੋਂਕਿ ਕਲੋਨੀ ਵਾਸੀਆਂ ਨੂੰ ਉਨ੍ਹਾਂ ਪ੍ਰਤੀ ਕੋਈ ਸ਼ਿਕਾਇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਕਲੋਨੀ ਵਾਸੀ ਸੰਘਰਸ਼ਸ਼ੀਲ ਕਿਸਾਨਾਂ ਨੂੰ ਮਠਿਆਈਆਂ ਵੰਡ ਕੇ ਗਏ ਹਨ। ਕਿਸਾਨ ਆਗੂ ਨੇ ਆਰੋਪ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਦੋ ਕਿਸਾਨਾਂ ਦੇ ਵਾਰਸਾਂ ਨੂੰ ਦਸ-ਦਸ ਲੱਖ ਰੁਪਏ ਮੁਆਵਜ਼ਾ ਦੇਣ ਦੀ ਬਜਾਇ ਸਰਕਾਰ ਜਥੇਬੰਦੀ ਨੂੰ ਮੱਤਾਂ ਦੇ ਰਹੀ ਹੈ ਕਿ ਬਜ਼ੁਰਗ ਕਿਸਾਨਾਂ ਨੂੰ ਧਰਨੇ ‘ਚ ਨਾ ਲਿਆਂਦਾ ਜਾਵੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਵੀ ਸੰਬੋਧਨ ਕੀਤਾ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਮੂਨਕ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਸੂਬਾਈ ਆਗੂ ਹੁਸ਼ਿਆਰ ਸਿੰਘ ਸਲੇਮਗੜ੍ਹ ਨੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੂਟਾਲ, ਜਗਦੇਵ ਸਿੰਘ ਜੋਗੇਵਾਲਾ, ਦਰਸ਼ਨ ਸਿੰਘ ਭੈਣੀ ਮਹਿਰਾਜ, ਸੂਬਾ ਪ੍ਰੈਸ ਸਕੱਤਰ ਜਗਤਾਰ ਸਿੰਘ ਕਾਲਾਝਾੜ ਵੀ ਮੌਜੂਦ ਸਨ।
ਪੱਕੇ ਮੋਰਚੇ ‘ਚ ਪੁੱਜਣ ਦਾ ਸੱਦਾ
ਸੰਗਰੂਰ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਹਜ਼ਾਰਾਂ ਕਿਸਾਨ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਘਿਰਾਓ ਕਰਕੇ ਡਟੇ ਰਹੇ ਅਤੇ ਪੰਜਾਬ ਸਰਕਾਰ ਦੀ ਚੁੱਪ ਖ਼ਿਲਾਫ਼ ਗਰਜਦੇ ਰਹੇ। ਇਸੇ ਦੌਰਾਨ ਕਿਸਾਨ ਬੁਲਾਰਿਆਂ ਨੇ 29 ਅਕਤੂਬਰ ਨੂੰ ਵੱਡਾ ਇਕੱਠਾ ਕਰਕੇ ਸਰਕਾਰ ਦੀ ਚੁੱਪ ਤੋੜਨ ਲਈ ਕਿਸਾਨ-ਮਜ਼ਦੂਰਾਂ ਨੂੰ ਪਰਿਵਾਰਾਂ ਸਮੇਤ ਪੱਕੇ ਮੋਰਚੇ ਵਿਚ ਵਹੀਰਾਂ ਘੱਤ ਕੇ ਪੁੱਜਣ ਦਾ ਸੱਦਾ ਦਿੱਤਾ ਹੈ। ਕਿਸਾਨ ਬੁਲਾਰਿਆਂ ਨੇ ਆਰੋਪ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਲੋਂ ਹੀ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਪਾਸਾ ਵੱਟ ਰਹੇ ਹਨ।

 

RELATED ARTICLES
POPULAR POSTS