ਸੋਨੀਆ ਗਾਂਧੀ ਨੇ ਕਿਹਾ : ਪ੍ਰਧਾਨਗੀ ਦਾ ਅਹੁਦਾ ਛੱਡ ਕੇ ਮਿਲੀ ਰਾਹਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਬੁੱਧਵਾਰ ਨੂੰ ਰਸਮੀ ਤੌਰ ‘ਤੇ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫਤਰ ਦਿੱਲੀ ‘ਚ ਪਾਰਟੀ ਦੇ ਚੋਣ ਅਧਿਕਾਰੀ ਮਧੂਸੂਦਨ ਮਿਸਤਰੀ ਨੇ ਖੜਗੇ ਨੂੰ ਜਿੱਤ ਦਾ ਸਰਟੀਫਿਕੇਟ ਸੌਂਪਿਆ। ਇਸ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਕੇਸੀ ਵੇਣੂਗੋਪਾਲ, ਪ੍ਰਿਅੰਕਾ ਗਾਂਧੀ ਵਾਡਰਾ ਤੇ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ।
ਕਾਂਗਰਸ ਪਾਰਟੀ ਦੇ ਪ੍ਰਧਾਨ ਵਜੋਂ ਸਹੁੰ ਚੁੱਕਣ ਤੋਂ ਬਾਅਦ ਮਲਿਕਾਰਜੁਨ ਖੜਗੇ ਨੇ ਆਪਣੇ ਸੰਬੋਧਨ ਵਿਚ ਕਾਂਗਰਸ ਪਾਰਟੀ ਦਾ ਧੰਨਵਾਦ ਕਰਦਿਆ ਕਿਹਾ ਕਿ ਇਕ ਮਜ਼ਦੂਰ ਦਾ ਬੇਟਾ ਕਾਂਗਰਸ ਦਾ ਪ੍ਰਧਾਨ ਬਣਿਆ ਹੈ। ਉਨ੍ਹਾਂ ਕਿਹਾ ਕਿ ਇਕ ਆਮ ਵਰਕਰ ਨੂੰ ਇੰਨਾ ਸਨਮਾਨ ਦੇਣ ਲਈ ਪਾਰਟੀ ਦਾ ਧੰਨਵਾਦ। ਇਸਦੇ ਨਾਲ ਹੀ ਉਨ੍ਹਾਂ ਪਾਰਟੀ ਵਰਕਰਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਕਾਂਗਰਸ ਪਾਰਟੀ ਦੀ ਪ੍ਰਧਾਨ ਰਹੀ ਸੋਨੀਆ ਗਾਂਧੀ ਨੇ ਇਸ ਮੌਕੇ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪ੍ਰਧਾਨ ਵਜੋਂ ਤਾਜਪੋਸ਼ੀ ਲਈ ਕੀਤੇ ਗਏ ਪ੍ਰੋਗਰਾਮ ਵਿਚ ਵਧਾਈ ਦਿੱਤੀ।
ਸੋਨੀਆ ਗਾਂਧੀ ਨੇ ਕਿਹਾ ਕਿ ਮੈਂ ਬਹੁਤ ਰਾਹਤ ਮਹਿਸੂਸ ਕਰ ਰਹੀ ਹਾਂ, ਮੈਂ ਪਾਰਟੀ ਦੇ ਨਵੇਂ ਪ੍ਰਧਾਨ ਖੜਗੇ ਨੂੰ ਵਧਾਈ ਵੀ ਦਿੰਦੀ ਹਾਂ। ਉਨ੍ਹਾਂ ਕਿਹਾ ਕਿ ਸਭ ਤੋਂ ਤਸੱਲੀ ਵਾਲੀ ਗੱਲ ਇਹ ਹੈ ਕਿ ਜਿਨ੍ਹਾਂ ਨੂੰ ਪ੍ਰਧਾਨ ਚੁਣਿਆ ਗਿਆ ਹੈ, ਉਹ ਤਜ਼ਰਬੇਕਾਰ ਅਤੇ ਹੇਠਲੇ ਪੱਧਰ ਦੇ ਆਗੂ ਹਨ।
ਇਕ ਸਧਾਰਨ ਕਾਮੇ ਵਜੋਂ ਕੰਮ ਕਰਦੇ ਹੋਏ, ਆਪਣੀ ਮਿਹਨਤ ਅਤੇ ਲਗਨ ਨਾਲ, ਉਹ ਇਸ ਉਚਾਈ ਤੱਕ ਪਹੁੰਚੇ ਹਨ। ਇਸ ਤੋਂ ਪਹਿਲਾਂ ਸੋਨੀਆ ਅਤੇ ਰਾਹੁਲ ਨੇ ਮੰਚ ‘ਤੇ ਖੜਗੇ ਨੂੰ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ।
ਖੜਗੇ ਨੇ 47 ਮੈਂਬਰੀ ਸਟੀਅਰਿੰਗ ਕਮੇਟੀ ਬਣਾਈ
ਨਵੀਂ ਦਿੱਲੀ : ਕਾਂਗਰਸ ਪਾਰਟੀ ਦੀ ਕਮਾਨ ਸੰਭਾਲੇ ਜਾਣ ਮਗਰੋਂ ਮਲਿਕਾਰਜੁਨ ਖੜਗੇ ਨੇ 47 ਮੈਂਬਰੀ ਸਟੀਅਰਿੰਗ ਕਮੇਟੀ ਬਣਾਈ ਹੈ ਜਿਸ ‘ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਸ਼ਾਮਲ ਹਨ। ਇਹ ਕਮੇਟੀ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਥਾਂ ਲਵੇਗੀ।
ਨਵੀਂ ਕਾਂਗਰਸ ਵਰਕਿੰਗ ਕਮੇਟੀ ਦੇ ਗਠਨ ਤੱਕ ਇਹ ਕਮੇਟੀ ਪਾਰਟੀ ਦਾ ਕੰਮਕਾਜ ਦੇਖੇਗੀ। ਪਿਛਲੀ ਸੀਡਬਲਿਊਸੀ ਦੇ ਜ਼ਿਆਦਾਤਰ ਮੈਂਬਰਾਂ ਨੂੰ ਸਟੀਅਰਿੰਗ ਕਮੇਟੀ ‘ਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੀਡਬਲਿਊਸੀ ਦੇ ਸਾਰੇ ਮੈਂਬਰਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਨੇ ਆਪਣੇ ਅਸਤੀਫ਼ੇ ਪਾਰਟੀ ਦੇ ਨਵੇਂ ਪ੍ਰਧਾਨ ਨੂੰ ਸੌਂਪ ਦਿੱਤੇ ਸਨ ਤਾਂ ਜੋ ਉਹ ਆਪਣੀ ਟੀਮ ਚੁਣ ਸਕਣ। ਏਆਈਸੀਸੀ ਜਨਰਲ ਸਕੱਤਰ (ਜਥੇਬੰਦਕ) ਦੀ ਸੂਚਨਾ ਮੁਤਾਬਕ ਕਮੇਟੀ ‘ਚ ਪ੍ਰਿਯੰਕਾ ਗਾਂਧੀ ਵਾਡਰਾ, ਏ ਕੇ ਐਂਟਨੀ, ਅੰਬਿਕਾ ਸੋਨੀ, ਆਨੰਦ ਸ਼ਰਮਾ, ਕੇ ਸੀ ਵੇਣੂਗੋਪਾਲ, ਰਣਦੀਪ ਸੁਰਜੇਵਾਲਾ ਅਤੇ ਦਿਗਵਿਜੈ ਸਿੰਘ ਵੀ ਸ਼ਾਮਲ ਕੀਤਾ ਗਿਆ ਹੈ।