Breaking News
Home / ਪੰਜਾਬ / ਫਿਰ ਸਿੰਘੂ ਬਾਰਡਰ ‘ਤੇ ਪਹੁੰਚਣਗੇ ਕਿਸਾਨ

ਫਿਰ ਸਿੰਘੂ ਬਾਰਡਰ ‘ਤੇ ਪਹੁੰਚਣਗੇ ਕਿਸਾਨ

ਕੇਂਦਰ ਸਰਕਾਰ ਵਾਅਦਿਆਂ ਤੋਂ ਵੀ ਮੁਨਕਰ ਹੋਈ : ਡੱਲੇਵਾਲ
ਚੰਡੀਗੜ੍ਹ/ਬਿਊਰੋ ਨਿਊਜ਼ ; ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਦੇ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ, ਜਿਸ ‘ਚ ਪੰਜਾਬ ਤੇ ਹਰਿਆਣਾ ਦੀਆਂ 30 ਦੇ ਕਰੀਬ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕੇ ਆਗੂਆਂ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ 11 ਦਸੰਬਰ ਨੂੰ ਸਿੰਘੂ ਬਾਰਡਰ ‘ਤੇ ਲਖੀਮਪੁਰ ਖੀਰੀ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਸਮੇਤ ਕਿਸਾਨੀ ਸੰਘਰਸ਼ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਇਕ ਰੋਜ਼ਾ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ‘ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਸੱਦਾ ਦਿੱਤਾ ਜਾਵੇਗਾ। ਡੱਲੇਵਾਲ ਨੇ ਕਿਹਾ ਕਿ ਪਿਛਲੇ ਸਾਲ ਦਿੱਲੀ ਦੇ ਬਾਰਡਰਾਂ ਤੋਂ ਕਿਸਾਨ ਅੰਦੋਲਨ ਮੁਲਤਵੀ ਕਰਨ ਸਮੇਂ ਜੋ ਲਿਖਤੀ ਵਾਅਦੇ ਸਰਕਾਰ ਵਲੋਂ ਕੀਤੇ ਗਏ ਸਨ ਉਹ ਵੀ ਅਜੇ ਅਧੂਰੇ ਪਏ ਹਨ।
ਉਨ੍ਹਾਂ ਦੱਸਿਆ ਕਿ ਮੀਟਿੰਗ ‘ਚ ਇਹ ਫ਼ੈਸਲਾ ਵੀ ਲਿਆ ਗਿਆ ਹੈ ਕਿ ਸਵਾਮੀਨਾਥਨ ਕਮਿਸ਼ਨ ਦੇ ਸੀ-2 ਪਲੱਸ 50 ਪ੍ਰਤੀਸ਼ਤ ਫ਼ਾਰਮੂਲੇ ਅਨੁਸਾਰ ਕਿਸਾਨਾਂ ਦੀ ਕਰਜ਼ਾ ਰਾਹਤ ਤੇ ਘੱਟੋ ਘੱਟ ਸਮਰਥਨ ਮੁੱਲ ਦੇ ਮੁੱਦੇ ਵੀ ਆਉਣ ਵਾਲੇ ਕੌਮੀ ਅੰਦੋਲਨ ‘ਚ ਪ੍ਰਮੁੱਖਤਾ ਨਾਲ ਰੱਖੇ ਜਾਣਗੇ। ਦਿੱਲੀ ਦੇ ਸਿੰਘੂ ਬਾਰਡਰ ‘ਤੇ 26 ਨਵੰਬਰ ਨੂੰ ਇਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਲੀ ਵਿਖੇ ਸਮੁੱਚੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ‘ਤੇ ਆਰੋਪ ਲਾਇਆ ਕਿ ਉਨ੍ਹਾਂ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ ਅਤੇ ਜੁਰਮਾਨੇ ਵੀ ਲਗਾਏ ਜਾ ਰਹੇ ਹਨ। ਇਸਦੇ ਨਾਲ ਹੀ ਆਗੂਆਂ ਨੇ ਐੱਨ.ਆਰ.ਆਈ. ਭਰਾਵਾਂ ਨੂੰ ਕਾਲੀ ਸੂਚੀ ‘ਚੋਂ ਬਾਹਰ ਕੱਢਣ ਦੀ ਵੀ ਵਕਾਲਤ ਕੀਤੀ।
ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ, ਅਭਿਮਨਿਊ ਕੋਹਾੜ, ਸੇਵਾ ਸਿੰਘ ਆਰੀਆ, ਲਖਵਿੰਦਰ ਸਿੰਘ ਸਿਰਸਾ, ਸੁਖਦੇਵ ਸਿੰਘ ਭੋਜਰਾਜ ਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਅਜੇ ਤੱਕ ਸਰਕਾਰ ਨੇ ਨਾ ਐਮ.ਐਸ.ਪੀ. ਗਾਰੰਟੀ ਦਾ ਕਾਨੂੰਨ ਬਣਾਇਆ ਹੈ ਅਤੇ ਨਾ ਹੀ ਅੰਦੋਲਨ ਸਮੇਂ ਦੇ ਕੇਸ ਖ਼ਤਮ ਕੀਤੇ ਹਨ। ਕਿਸਾਨ ਆਗੂਆਂ ਨੇ ਲਖੀਮਪੁਰ ਕਾਂਡ ਦੇ ਕਿਸਾਨਾਂ ਨੂੰ ਇਨਸਾਫ਼ ਦੇਣ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰ ਕੇ ਗ੍ਰਿਫ਼ਤਾਰ ਕਰਨ, ਰੇਲਵੇ ਸਮੇਤ ਕਿਸਾਨ ਅੰਦੋਲਨ ‘ਚ ਦਰਜ ਸਾਰੇ ਕੇਸ ਰੱਦ ਕੀਤੇ ਜਾਣ ਦੀ ਮੰਗ ਕੀਤੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅੰਤਰਰਾਸ਼ਟਰੀ ਮੰਡੀ ‘ਚ ਡੀ.ਏ.ਪੀ. ਖਾਦ ਦੀ ਕੀਮਤ ਘੱਟ ਹੋਣ ਦੇ ਬਾਵਜੂਦ ਦੇਸ਼ ‘ਚ ਕੀਮਤਾਂ ਨਹੀਂ ਘਟਾਈਆਂ ਜਾ ਰਹੀਆਂ, ਜਿਸ ਨਾਲ ਸਰਕਾਰ ਤੇ ਕੰਪਨੀਆਂ ਮਿਲ ਕੇ ਕਿਸਾਨਾਂ ਦੀ ਲੁੱਟ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਵਲੋਂ ਕਰੰਸੀ ਨੋਟਾਂ ‘ਤੇ ਗਣੇਸ਼ ਤੇ ਲਕਸ਼ਮੀ ਦੀਆਂ ਤਸਵੀਰਾਂ ਵੀ ਲਗਾਈਆਂ ਜਾਣ ਦੇ ਸੰਬੰਧ ਵਿਚ ਕਹੇ ਜਾਣ ‘ਤੇ ਡੱਲੇਵਾਲ ਨੇ ਕਿਹਾ ਕਿ ਇਹ ਹੋਛੀ ਰਾਜਨੀਤੀ ਹੈ, ਅਜਿਹੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ।

Check Also

ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ

ਵਿਧਾਨ ਸਭਾ ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਸਿਹਰਾ ’ਚ ਵਾਪਰੀ ਘਟਨਾ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ …