ਪੰਥਕ ਧਿਰਾਂ ਨੂੰ ਸਾਂਝੇ ਪ੍ਰੋਗਰਾਮ ਤਹਿਤ ਇੱਕ ਹੋਣ ਦਾ ਸੱਦਾ; ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਰਾਤ ਨੂੰ ਦਰਬਾਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ ਕੀਤਾ ਗਿਆ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਦੁਆਰਾ ਸੰਗਤ ਨਾਲ ਸਾਂਝ ਪਾਈ। ਇਸ ਦੌਰਾਨ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਰਸ਼ਨੀ ਡਿਉਢੀ ਤੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਪੰਥਕ ਏਕਤਾ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਪੰਥਕ ਏਕਤਾ ਲਈ ਸਿਰਫ਼ ਸਿਆਸੀ ਏਕਤਾ ਅਹਿਮ ਨਹੀਂ, ਸਗੋਂ ਪੰਥ ਦੀਆਂ ਸਮੂਹ ਧਿਰਾਂ ਨੂੰ ਇਕ ਕਾਰਜਕ੍ਰਮ ਮਿਥ ਕੇ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਾਂਝੇ ਪ੍ਰੋਗਰਾਮ ਮਿਥ ਕੇ ਸਿੱਖ ਕੌਮ ਨੂੰ ਅਗਾਂਹ ਲੈ ਕੇ ਜਾਣ ਲਈ ਯੋਜਨਾਵਾਂ ਉਲੀਕਣੀਆਂ ਚਾਹੀਦੀਆਂ ਹਨ। ਪੰਥ ਦੀਆਂ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਸ ਵੇਲੇ ਪਤਿਤਪੁਣਾ, ਨਸ਼ਾ, ਭਾਰਤ ਵਿੱਚ ਘਟ ਰਹੀ ਸਿੱਖ ਆਬਾਦੀ ਅਤੇ ਸਿੱਖ ਨੌਜਵਾਨਾਂ ਦਾ ਪਰਵਾਸ ਦਾ ਰੁਝਾਨ ਆਉਣ ਵਾਲੇ ਖ਼ਤਰੇ ਦਾ ਸੰਕੇਤ ਹਨ। ਉਨ੍ਹਾਂ ਪੰਜਾਬ ਵਿੱਚ ਸਿੱਖਾਂ ਦੇ ਹੋ ਰਹੇ ਧਰਮ ਪਰਿਵਰਤਨ ਅਤੇ ਇਸ ਮਾਮਲੇ ਵਿੱਚ ਸਰਕਾਰ ਦੀ ਖਾਮੋਸ਼ੀ ‘ਤੇ ਵੀ ਉਨ੍ਹਾਂ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸੰਘਰਸ਼ੀ ਯੋਧੇ ਘਰ ਪਰਤਣ ਦੀ ਉਡੀਕ ਕਰ ਰਹੇ ਹਨ ਪਰ ਦੇਸ਼-ਵਿਦੇਸ਼ ਵਿੱਚ ਗੁਰਦੁਆਰਿਆਂ ਦੇ ਪ੍ਰਬੰਧਾਂ ‘ਤੇ ਕਾਬਜ਼ ਹੋਣ ਲਈ ਚੱਲਦੀਆਂ ਲੜਾਈਆਂ ਸਿੱਖਾਂ ਵਿੱਚ ਧੜੇਬੰਦੀ ਅਤੇ ਨਫ਼ਰਤ ਪੈਦਾ ਕਰ ਰਹੀਆਂ ਹਨ।
ਪੰਥਕ ਏਕਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਮੂਹ ਧਿਰਾਂ ਇਸ ਸੁਝਾਅ ਨੂੰ ਵਿਚਾਰਨ ਅਤੇ ਅਮਲ ਕਰਨ। ਉਨ੍ਹਾਂ ਨੇ ਸੋਸ਼ਲ ਮੀਡੀਆ ਦੀ ਦੁਰਵਰਤੋਂ ਅਤੇ ਇਸ ਰਾਹੀਂ ਦੂਸ਼ਣਬਾਜ਼ੀ ਤੋਂ ਸੰਕੋਚ ਕਰਨ ਲਈ ਵੀ ਪ੍ਰੇਰਿਆ।
ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਸਰਕਾਰੀ ਕੋਸ਼ਿਸ਼ ਵਿਰੁੱਧ ਸਭ ਪੰਥਕ ਧਿਰਾਂ ਨੂੰ ਇਕੱਠੇ ਹੋ ਕੇ ਸਿੱਖ ਸੰਸਥਾਵਾਂ ਅਤੇ ਪੰਥਕ ਮਜ਼ਬੂਤੀ ਲਈ ਯਤਨਸ਼ੀਲ ਹੋਣ ਲਈ ਆਖਿਆ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਵੱਲੋਂ ਨਸ਼ਿਆਂ ਦੇ ਵਪਾਰ ਅਤੇ ਵਰਤੋਂ ਰੋਕਣ ਵਿੱਚ ਸਫ਼ਲ ਨਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਜਾਤ-ਪਾਤ ਦੇ ਕੋਹੜ ਨੂੰ ਖ਼ਤਮ ਕਰਨ, ਵਾਤਾਵਰਨ ਦੀ ਸੰਭਾਲ ਅਤੇ ਸਮਾਜਿਕ ਕੁਰੀਤੀਆਂ ਖਿਲਾਫ ਹਰ ਇਕ ਨੂੰ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ। ਇਸ ਮੌਕੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ।
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਪੁਸਤਕ ਗਿਆਨੀ ਹਰਪ੍ਰੀਤ ਸਿੰਘ ਵਲੋਂ ਲੋਕ ਅਰਪਣ
ਦੀਵਾਲੀ ਮੌਕੇ ਮੁਸਲਿਮ ਭਾਈਚਾਰੇ ਦੇ ਵਫ਼ਦ ਨੇ ਦਰਬਾਰ ਸਾਹਿਬ ਕੰਪਲੈਕਸ ਵਿੱਚ ਨਮਾਜ਼ ਅਦਾ ਕੀਤੀ
ਅੰਮ੍ਰਿਤਸਰ : ਮਾਲੇਰਕੋਟਲਾ ਦੀ ਮੁਸਲਿਮ ਜਥੇਬੰਦੀ ‘ਸਿੱਖ ਮੁਸਲਿਮ ਸਾਝਾਂ’ ਦੇ ਬਾਨੀ ਨਸੀਰ ਅਖਤਰ ਦੀ ਪੁਸਤਕ ‘ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਕੌੜਾ ਸੱਚ ਅਤੇ ਮੁਸਲਮਾਨ’ ਇੱਥੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦੀਵਾਲੀ ਮੌਕੇ ਰਿਲੀਜ਼ ਕੀਤੀ ਗਈ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਵਫ਼ਦ ਨੇ ਇੱਥੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਨਮਾਜ਼ ਵੀ ਅਦਾ ਕੀਤੀ। ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਮੁਸਲਿਮ ਭਾਈਚਾਰੇ ਦਾ ਇਹ ਵਫ਼ਦ ਇੱਥੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚਿਆ ਸੀ। ਮੁਸਲਿਮ ਜਥੇਬੰਦੀ ਦੇ ਆਗੂ ਨਸੀਰ ਅਖ਼ਤਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਇੱਕ ਪੁਸਤਕ ਲਿਖੀ ਗਈ ਹੈ, ਜਿਸ ਨੂੰ ਇੱਥੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਰਿਲੀਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਥੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸੰਗਤ ਵਾਸਤੇ ਲੰਗਰ ਲਾਉਣ ਲਈ ਆਗਿਆ ਲੈਣ ਆਏ ਸਨ। ਇਸ ਸਬੰਧੀ ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਵਾਪਸੀ ਵੇਲੇ ਨਮਾਜ਼ ਦਾ ਸਮਾਂ ਹੋਣ ਕਾਰਨ ਉਨ੍ਹਾਂ ਦਰਬਾਰ ਸਾਹਿਬ ਦੇ ਘੰਟਾ ਘਰ ਵਾਲੇ ਪਾਸੇ ਨਮਾਜ਼ ਵੀ ਅਦਾ ਕੀਤੀ। ਦੀਵਾਲੀ ਮੌਕੇ ਮੁਸਲਿਮ ਭਾਈਚਾਰੇ ਦੇ ਇਸ ਵਫ਼ਦ ਵੱਲੋਂ ਦਰਬਾਰ ਸਾਹਿਬ ਕੰਪਲੈਕਸ ਵਿੱਚ ਨਮਾਜ਼ ਅਦਾ ਕੀਤੇ ਜਾਣ ਦੀ ਵੀਡੀਓ ਅਤੇ ਫੋਟੋਆਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ।