Breaking News
Home / ਪੰਜਾਬ / ਫੁੱਟਪਾਊ ਤਾਕਤਾਂ ਲੋਕਾਂ ਨੂੰ ਵੰਡਣ ਲਈ ਯਤਨਸ਼ੀਲ : ਭਗਵੰਤ ਮਾਨ

ਫੁੱਟਪਾਊ ਤਾਕਤਾਂ ਲੋਕਾਂ ਨੂੰ ਵੰਡਣ ਲਈ ਯਤਨਸ਼ੀਲ : ਭਗਵੰਤ ਮਾਨ

ਆਪਸੀ ਭਾਈਚਾਰਾ ਮਜ਼ਬੂਤ ਕਰਨ ‘ਤੇ ਜ਼ੋਰ; ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫੁੱਟਪਾਊ ਤਾਕਤਾਂ ਲੋਕਾਂ ਨੂੰ ਜਾਤ, ਧਰਮ, ਭਾਸ਼ਾ ਦੇ ਆਧਾਰ ‘ਤੇ ਵੰਡਣ ਦਾ ਯਤਨ ਕਰ ਰਹੀਆਂ ਹਨ, ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਆਪਸੀ ਭਾਈਚਾਰਾ ਅਤੇ ਮਿਲਵਰਤਨ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਉਹ ਲੁਧਿਆਣਾ ‘ਚ ਰਾਮਗੜ੍ਹੀਆ ਗਰਲਜ਼ ਕਾਲਜ ਵਿੱਚ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਉਸਾਰੀ ਸ਼ੈਲੀ ਅਤੇ ਤਕਨਾਲੋਜੀ ਦੇ ਮੋਢੀ ਸਨ। ਉਨ੍ਹਾਂ ਦੀ ਸਰਕਾਰ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮ ‘ਤੇ ਚੱਲਦਿਆਂ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਲਿਆਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਿਰ ਕੀਤਾ ਕਿ ਫੁੱਟ ਪਾਊ ਤਾਕਤਾਂ ਜਾਤ, ਧਰਮ, ਭਾਸ਼ਾ ਆਦਿ ਦੇ ਆਧਾਰ ‘ਤੇ ਲੋਕਾਂ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ, ਜੋ ਦੇਸ਼ ਹਿੱਤ ਵਿੱਚ ਨਹੀਂ ਹੈ। ਇਸ ਲਈ ਫ਼ਿਰਕੂ ਸਾਂਝ, ਭਾਈਚਾਰਾ ਅਤੇ ਮਿਲਵਰਤਨ ਵਰਗੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਸਮਾਗਮ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਡਾ. ਕੇਐੱਨਐੱਸ ਕੰਗ, ਡਾ. ਸੁਖਪਾਲ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ ਆਦਿ ਹਾਜ਼ਰ ਸਨ।

 

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …