ਸ਼੍ਰੋਮਣੀ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ
ਅੰਮ੍ਰਿਤਸਰ : ਉਪ ਰਾਸ਼ਟਰਪਤੀ ਬਣਨ ਮਗਰੋਂ ਜਗਦੀਪ ਧਨਖੜ, ਉਨ੍ਹਾਂ ਦੀ ਪਤਨੀ ਡਾ. ਸੁਦੇਸ਼ ਧਨਖੜ, ਬੇਟੀ ਅਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਬੁੱਧਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਵਾਸਤੇ ਪੁੱਜੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਖ਼ਤ ਸੁਰੱਖਿਆ ਘੇਰੇ ਹੇਠ ਉਪ ਰਾਸ਼ਟਰਪਤੀ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਮੱਥਾ ਟੇਕਣ ਉਪਰੰਤ ਕੁਝ ਦੇਰ ਕੀਰਤਨ ਵੀ ਸੁਣਿਆ। ਉਨ੍ਹਾਂ ਪਰਿਵਾਰ ਵੱਲੋਂ ਕੜਾਹ ਪ੍ਰਸ਼ਾਦ ਦੀ ਦੇਗ ਭੇਟ ਕੀਤੀ ਅਤੇ ਦੇਸ਼ ਹਿੱਤ ਲਈ ਅਰਦਾਸ ਵੀ ਕੀਤੀ।
ਧਨਖੜ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ‘ਚ ਪਰਿਵਾਰ ਨਾਲ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਛਕਿਆ ਅਤੇ ਬਾਅਦ ਵਿੱਚ ਜੂਠੇ ਭਾਂਡੇ ਸਾਫ ਕਰਨ ਦੀ ਸੇਵਾ ਵੀ ਕੀਤੀ। ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਉਪ ਰਾਸ਼ਟਰਪਤੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਧਾਰਮਿਕ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਸੂਚਨਾ ਕੇਂਦਰ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਧਿਕਾਰੀਆਂ ਵੱਲੋਂ ਉਪ ਰਾਸ਼ਟਰਪਤੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਦੁਸ਼ਾਲਾ, ਸਿਰੋਪਾਓ ਆਦਿ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦੁਸ਼ਾਲਾ ਅਤੇ ਸਿਰੋਪਾਓ ਭੇਟ ਕੀਤਾ ਗਿਆ। ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਪ ਰਾਸ਼ਟਰਪਤੀ ਨੂੰ ਇਕ ਮੰਗ ਪੱਤਰ ਸੌਂਪਿਆ ਜਿਸ ਵਿਚ 9 ਬੰਦੀ ਸਿੱਖਾਂ ਦੇ ਨਾਵਾਂ ਦੀ ਸੂਚੀ ਸ਼ਾਮਲ ਹੈ। ਉਨ੍ਹਾਂ ਉਪ ਰਾਸ਼ਟਰਪਤੀ ਨੂੰ ਸਿੱਖ ਕੌਮ ਦੇ ਇਸ ਅਹਿਮ ਮਸਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਪਿਛਲੇ 30-30 ਸਾਲਾਂ ਤੋਂ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜੋ ਸਿੱਖ ਕੌਮ ਨਾਲ ਅਨਿਆਂ ਹੈ। ਇਨ੍ਹਾਂ ਸਿੱਖ ਬੰਦੀਆਂ ਨੇ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ ਸੰਘਰਸ਼ ਦਾ ਰਾਹ ਚੁਣਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਬੰਦੀ ਹੁਣ ਉਮਰ ਕੈਦ ਤੋਂ ਦੁਗਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਅਤੇ ਸੰਵਿਧਾਨਕ ਤੌਰ ‘ਤੇ ਰਿਹਾਈ ਦੇ ਹੱਕਦਾਰ ਹਨ।
ਜੱਲ੍ਹਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਰ ਵੀ ਗਏ ਧਨਖੜ
ਉਪ ਰਾਸ਼ਟਰਪਤੀ ਜੱਲ੍ਹਿਆਂਵਾਲਾ ਬਾਗ ਪੁੱਜੇ, ਜਿੱਥੇ ਉਨ੍ਹਾਂ ਸ਼ਹੀਦਾਂ ਨੂੰ ਫੁੱਲ ਮਾਲਾਵਾਂ ਅਰਪਿਤ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਹ ਸ੍ਰੀ ਦੁਰਗਿਆਣਾ ਮੰਦਰ ਵੀ ਗਏ, ਜਿੱਥੇ ਮੰਦਰ ਨਾ ਖੁੱਲ੍ਹਾ ਹੋਣ ਕਾਰਨ ਥੋੜ੍ਹਾ ਸਮਾਂ ਉਨ੍ਹਾਂ ਨੂੰ ਇੰਤਜ਼ਾਰ ਕਰਨਾ ਪਿਆ। ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ, ਡਾ. ਰਾਕੇਸ਼ ਕੁੰਦਰਾ, ਅਰੁਣ ਖੰਨਾ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਅਤੇ ਮੰਦਰ ਕਮੇਟੀ ਵਲੋ ਸਨਮਾਨਤ ਵੀ ਕੀਤਾ। ਬਾਅਦ ‘ਚ ਉਪ ਰਾਸ਼ਟਰਪਤੀ ਭਗਵਾਨ ਵਾਲਮੀਕਿ ਤੀਰਥ ਵਿਖੇ ਵੀ ਪੁੱਜੇ ਅਤੇ ਮੱਥਾ ਟੇਕਿਆ।