-3.7 C
Toronto
Thursday, January 22, 2026
spot_img
Homeਪੰਜਾਬਪਾਕਿ ’ਚ ਸ਼ਹੀਦੀ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ

ਪਾਕਿ ’ਚ ਸ਼ਹੀਦੀ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ

ਸਿੱਖਾਂ ਨੂੰ ਪਾਕਿਸਤਾਨ ਵਿੱਚ ਗੁਰਧਾਮਾਂ ਦੇ ਦਰਸ਼ਨਾਂ ਦੀ ਖੁੱਲ੍ਹ ਹੋਵੇ : ਗਿਆਨੀ ਹਰਪ੍ਰੀਤ ਸਿੰਘ
ਅੰਮਿ੍ਰਤਸਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਮੁੱਖ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਭਾਰਤੀ ਅਤੇ ਸਥਾਨਕ ਸਿੱਖ ਸ਼ਰਧਾਲੂਆਂ ਸਮੇਤ ਪੀਐੱਸਜੀਪੀਸੀ ਆਗੂਆਂ ਤੇ ਔਕਾਫ਼ ਬੋਰਡ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਤੋਂ ਉਪਰੰਤ ਸ਼ਹੀਦੀ ਸਾਕੇ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਦੇਸ਼ ਦੀ ਵੰਡ ਮਗਰੋਂ ਵੱਡੀ ਗਿਣਤੀ ਵਿੱਚ ਸਿੱਖਾਂ ਦੇ ਗੁਰਧਾਮ ਪਾਕਿਸਤਾਨ ਵਿੱਚ ਰਹਿ ਗਏ ਹਨ, ਜਿਨ੍ਹਾਂ ਦੇ ਦਰਸ਼ਨਾਂ ਵਾਸਤੇ ਸਿੱਖਾਂ ਨੂੰ ਖੁੱਲ੍ਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਮੌਕੇ ’ਤੇ ਵੀਜ਼ੇ ਦੇਣ ਦਾ ਪ੍ਰਬੰਧ ਕੀਤਾ ਜਾਵੇ। ਦੋਵਾਂ ਦੇਸ਼ਾਂ ਵਿਚਾਲੇ ਬੰਦ ਹੋਈ ਸਮਝੌਤਾ ਰੇਲ ਸੇਵਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਰੇਲ ਸੇਵਾ ਮੁੜ ਬਹਾਲ ਹੋਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਬਾਰੇ ਵੀ ਜ਼ਿਕਰ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਸਿੱਖ ਕੌਮ ਦਾ ਸਰਮਾਇਆ ਅਤੇ ਪ੍ਰੇਰਨਾ ਸਰੋਤ ਹਨ। ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਵੇਲੇ ਵੀਜ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਉਨ੍ਹਾਂ ਔਕਾਫ਼ ਬੋਰਡ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਸਮੇਂ ਫਰਾਖ਼ਦਿਲੀ ਦਾ ਪ੍ਰਗਟਾਵਾ ਕੀਤਾ ਜਾਵੇ। ਧਾਮੀ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਵਾਸਤੇ ਪਾਸਪੋਰਟ ਦੀ ਰੱਖੀ ਗਈ ਸ਼ਰਤ ਨੂੰ ਵੀ ਹਟਾਉਣ ਦੀ ਵੀ ਅਪੀਲ ਕੀਤੀ।

 

RELATED ARTICLES
POPULAR POSTS