Breaking News
Home / ਭਾਰਤ / ਗੁਜਰਾਤ ’ਚ ਪੁਲ ਟੁੱਟਾ-200 ਦੇ ਕਰੀਬ ਮੌਤਾਂ

ਗੁਜਰਾਤ ’ਚ ਪੁਲ ਟੁੱਟਾ-200 ਦੇ ਕਰੀਬ ਮੌਤਾਂ

ਰੈਸਕਿਊ ਅਫਸਰ ਬੋਲੇ : ਏਨੀਆਂ ਮੌਤਾਂ ਪਹਿਲਾਂ ਕਦੀ ਨਹੀਂ ਦੇਖੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿੱਚ ਐਤਵਾਰ ਸ਼ਾਮੀਂ ਸਾਢੇ ਛੇ ਵਜੇ ਦੇ ਕਰੀਬ ਮੱਛੂ ਨਦੀ ’ਤੇ ਬਣਿਆ ਤਾਰਾਂ ਵਾਲਾ ਪੁਲ ਟੁੱਟਣ ਕਰਕੇ 200 ਦੇ ਕਰੀਬ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਿ੍ਰਤਕਾਂ ਵਿੱਚ ਮਹਿਲਾਵਾਂ ਤੇ ਬੱਚੇ ਵੀ ਸ਼ਾਮਲ ਹਨ। ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ, ਕਿਉਂਕਿ ਜ਼ਖ਼ਮੀਆਂ ’ਚੋਂ ਕਈਆਂ ਦੀ ਹਾਲਤ ਗੰਭੀਰ ਤੇ ਕਈ ਅਜੇ ਵੀ ਲਾਪਤਾ ਹਨ। ਰੈਸਕਿਊ ਵਿਚ ਲੱਗੇ ਐਨ.ਡੀ.ਆਰ.ਐਫ. ਅਫਸਰ ਨੇ ਕਿਹਾ ਕਿ ਏਨੀਆਂ ਮੌਤਾਂ ਪਹਿਲੀ ਵਾਰ ਦੇਖੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਦੀ ਪੁਰਾਣੇ ਪੁਲ ਨੂੰ ਮੁਰੰਮਤ ਲਈ ਸੱਤ ਮਹੀਨੇ ਬੰਦ ਰੱਖਣ ਮਗਰੋਂ ਅਜੇ ਚਾਰ ਦਿਨ ਪਹਿਲਾਂ ਹੀ ਖੋਲ੍ਹਿਆ ਗਿਆ ਸੀ। ਹਾਦਸੇ ਮੌਕੇ ਪੁਲ ’ਤੇ ਵੱਡੀ ਗਿਣਤੀ ’ਚ ਲੋਕ ਮੌਜੂਦ ਸਨ, ਜੋ ਇਨ੍ਹਾਂ ਦਾ ਭਾਰ ਝੱਲਣ ਵਿੱਚ ਨਾਕਾਮ ਰਿਹਾ। ਗੁਜਰਾਤ ਦੇ ਮੁੱਖ ਮੰਤਰੀ ਭੁਪੇਸ਼ ਪਟੇਲ ਮੌਕੇ ’ਤੇ ਪੁੱਜ ਗਏ ਅਤੇ ਉਨ੍ਹਾਂ ਨੇ ਹਾਦਸੇ ਦੀ ਜਾਂਚ ਲਈ ਆਈਏਐੱਸ ਅਧਿਕਾਰੀ ਦੀ ਅਗਵਾਈ ਹੇਠ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ ਕਾਇਮ ਕਰ ਦਿੱਤੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਿੱਤਰੀ ਰਾਜ ਵਿੱਚ ਵਾਪਰੇ ਹਾਦਸੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨਾਲ ਗੱਲਬਾਤ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਮੋਦੀ ਨੇ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ਵਿਚੋਂ ਮਿ੍ਰਤਕਾਂ ਦੇ ਵਾਰਸਾਂ ਲਈ 2-2 ਲੱਖ ਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਦਸੇ ’ਤੇ ਦੁੱਖ ਜਤਾਇਆ ਹੈ। ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਲਈ 4-4 ਲੱਖ ਰੁਪਏ ਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਹਾਦਸੇ ’ਤੇ ਦੁਖ ਦਾ ਇਜ਼ਹਾਰ ਕਰਦਿਆਂ ਜ਼ਖ਼ਮੀਆਂ ਨੂੰ ਫੌਰੀ ਇਲਾਜ਼ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।

 

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …