Breaking News
Home / ਪੰਜਾਬ / ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

1532213__d164014506ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ
ਅੰਮ੍ਰਿਤਸਰ : ਇੱਥੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਅੰਮ੍ਰਿਤ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ। ਸ਼ਾਮ ਨੂੰ ਰਹਿਰਾਸ ਮਗਰੋਂ ਆਤਿਸ਼ਬਾਜ਼ੀ ਹੋਈ ਗਈ ਅਤੇ ਸਮੂਹ ਇਮਾਰਤਾਂ ‘ਤੇ ਦੀਪਮਾਲਾ ਕੀਤੀ ਗਈ। ਇਸ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਵੇਰੇ 8.30 ਤੋਂ ਦੁਪਹਿਰ 12 ਵਜੇ ਤੱਕ ਸੁੰਦਰ ਜਲੌਅ ਸਜਾਏ ਗਏ। ਇਸ ਦੌਰਾਨ ਮੁੰਬਈ ਤੋਂ ਆਈ ਸਿੱਖ ਸੰਗਤ ਵੱਲੋਂ ਕੋਲਕਾਤਾ ਤੋਂ ਸੱਦੇ ਕਾਰੀਗਰਾਂ ਦੀ ਮਦਦ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ। ਸਵੇਰੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ઠਕੀਰਤਨ ਕੀਤਾ। ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੰਗਤਾਂ ਵਾਸਤੇ ਵਿਸ਼ੇਸ਼ ਪਕਵਾਨ ਤਿਆਰ ਕੀਤੇ ਗਏ ਸਨ। ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਵੀ ਲੰਗਰ ਲਾਏ ਗਏ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨੇ ਦੱਸਿਆ ਕਿ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪੁੱਜੀ।
12 ਟਨ ਮਹਿਕਦੇ ਫੁੱਲਾਂ ਨਾਲ ਕੀਤੀ ਸਜਾਵਟ ਖਿੱਚ ਦਾ ਕੇਂਦਰ ਬਣੀ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੰਬਈ ਦੀਆਂ ਸਿੱਖ ਸੰਗਤਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਵਿਦੇਸ਼ਾਂ ਤੋਂ ਮੰਗਵਾਏ ਮਹਿਕਦੇ ਫੁੱਲਾਂ ਨਾਲ ਕੀਤੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ। ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਅੰਦਰ ਤੇ ਬਾਹਰ, ਸ੍ਰੀ ਅਕਾਲ ਤਖਤ ਸਾਹਿਬ, ਦਰਸ਼ਨੀ ਡਿਓੜੀ, ਦਰਸ਼ਨੀ ਪੁਲ, ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਇਤਿਹਾਸਕ ਬੇਰੀਆਂ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਸਮੁੱਚੀ ਪ੍ਰਕਰਮਾ ‘ਚ ਥਾਈਲੈਂਡ, ਮਲੇਸ਼ੀਆ ਸਮੇਤ ਕੋਲਕਾਤਾ ਦੇ ਵਿਸ਼ੇਸ਼ ਕਾਰੀਗਰਾਂ ਵੱਲੋਂ ਲੱਖਾਂ ਰੁਪਏ ਦੀ ਲਾਗਤ ਨਾਲ 12 ਟਨ ਸੁੰਦਰ ਫੁੱਲਾਂ ਨਾਲ ਕੀਤੀ ਸਜਾਵਟ ਨੇ ਇਥੋਂ ਦੀ ਸੁੰਦਰਤਾ ਵਿਚ ਹੋਰ ਵਾਧਾ ਕੀਤਾ। ਇਹ ਫੁੱਲਾਂ ਦੀ ਸਜਾਵਟ 2010 ਤੋਂ ਮੁੰਬਈ ਦੀ ਸੰਗਤ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਤੇ ਪਿਆਰ ਸਹਿਤ ਕੀਤੀ ਜਾਂਦੀ ਹੈ। ਇਸ ਸਬੰਧੀ ਸੇਵਾ ਜਥੇ ਦੇ ਪ੍ਰਬੰਧਕ ਇਕਬਾਲ ਸਿੰਘ ਮੁੰਬਈ ਤੇ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੰਬਈ ਦੇ 100 ਦੇ ਕਰੀਬ ਗੁਰਮੁਖਾਂ ਵੱਲੋਂ ਇਹ ਸੇਵਾ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ 300 ਸਾਲਾ ਗੁਰਤਾ ਗੱਦੀ ਦਿਵਸ ਮੌਕੇ ਆਰੰਭੀ ਗਈ ਸੀ ਤੇ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਦੀ ਪ੍ਰੇਰਨਾ ਨਾਲ ਇਹ ਸੇਵਾ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਜਾਵਟ ਲਈ ਵੱਖ-ਵੱਖ ਪ੍ਰਕਾਰ ਫੁੱਲ ਕੋਲਕਾਤਾ ਤੇ ਬੈਂਗਲੁਰੂ ਤੋਂ ਹਵਾਈ ਜਹਾਜ਼ ਰਾਹੀਂ ਮੰਗਵਾਏ ਜਾਂਦੇ ਹਨ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …