ਮਾਈਨਿੰਗ ਵਰਕਰਾਂ ਨੂੰ ਧਮਕਾੳਣ ਦੇ ਮਾਮਲੇ ‘ਚ ਅਗਲੀ ਸੁਣਵਾਈ 29 ਨਵੰਬਰ ਨੂੰ
ਅੰਮ੍ਰਿਤਸਰ : ਅੰਮ੍ਰਿਤਸਰ ਅਦਾਲਤ ਵੱਲੋਂ ਗੈਰਜ਼ਮਾਨਤੀ ਵਾਰੰਟ ਜਾਰੀ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਿਰਸਾ ਸਿੰਘ ਵਲਟੋਹਾ ਵੀਰਵਾਰ ਨੂੰ ਬਾਅਦ ਦੁਪਹਿਰ ਅਦਾਲਤ ਪਹੁੰਚੇ। ਜਿੱਥੇ ਦੋਵੇਂ ਆਗੂਆਂ ਵੱਲੋਂ ਜ਼ਮਾਨਤੀ ਬਾਂਡ ਭਰੇ ਗਏ ਅਤੇ ਇਸ ਮਾਮਲੇ ‘ਚ ਹੁਣ ਅਗਲੀ ਸੁਣਵਾਈ 29 ਨਵੰਬਰ ਨੂੰ ਹੋਵੇਗੀ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਖਿਲਾਫ਼ ਰਾਜਨੀਤਿਕ ਸਾਜ਼ਿਸ਼ ਕੀਤੀ ਜਾ ਰਹੀ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਮੈਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ ਅਤੇ ਇਸ ਮਾਮਲੇ ‘ਚ ਸਾਨੂੰ ਇਨਸਾਫ਼ ਜ਼ਰੂਰ ਮਿਲੇਗਾ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ 1 ਅਗਸਤ 2021 ਨੂੰ ਥਾਣਾ ਬਿਆਸ ‘ਚ ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਬਿਆਸ ਦਰਿਆ ‘ਚ ਮਾਈਨਿੰਗ ਕਰ ਰਹੀ ਫਰੈਂਡਜ਼ ਐਂਡ ਕੰਪਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਸੁਖਬੀਰ ਬਾਦਲ ਖਿਲਾਫ ਕੰਪਨੀ ਦੇ ਵਰਕਰਾਂ ਨੂੰ ਡਰਾਉਣ ਅਤੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਸੁਖਬੀਰ ਬਾਦਲ ਤੋਂ ਇਲਾਵਾ ਵਿਰਸਾ ਸਿੰਘ ਵਲਟੋਹਾ, ਅਮਰਪਾਲ ਸਿੰਘ ਬੋਨੀ, ਕੰਵਲਜੀਤ ਸਿੰਘ ਆਦਿ ਕਈ ਹੋਰ ਵਿਅਕਤੀਆਂ ਦੇ ਵੀ ਨਾਮ ਸ਼ਾਮਲ ਹਨ।