Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਵੱਲੋਂ ਰਾਏ ਬੁਲਾਰ ਦੇ ਵੰਸ਼ਜ ਸਲੀਮ ਭੱਟੀ ਦਾ ਸਨਮਾਨ

ਸ਼੍ਰੋਮਣੀ ਕਮੇਟੀ ਵੱਲੋਂ ਰਾਏ ਬੁਲਾਰ ਦੇ ਵੰਸ਼ਜ ਸਲੀਮ ਭੱਟੀ ਦਾ ਸਨਮਾਨ

ਸਿਰੋਪਾ ਤੇ ਸਿਰੀ ਸਾਹਿਬ ਭੇਟ; ਵੀਜ਼ਾ ਨਾ ਮਿਲਣ ਕਾਰਨ ਪਹਿਲਾਂ ਕਰਵਾਏ ਸਮਾਗਮ ‘ਚ ਸ਼ਾਮਲ ਨਾ ਹੋ ਸਕਿਆ ਭੱਟ ਪਰਿਵਾਰ
ਅੰਮ੍ਰਿਤਸਰ : ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਰਾਏ ਬੁਲਾਰ ਭੱਟੀ ਦੇ ਵੰਸ਼ ਵਿੱਚੋਂ ਰਾਏ ਸਲੀਮ ਭੱਟੀ ਦਾ ਸਨਮਾਨ ਕੀਤਾ ਗਿਆ ਹੈ। ਰਾਏ ਸਲੀਮ ਭੱਟੀ ਦੀ ਤਸਵੀਰ ਕੁਝ ਦਿਨ ਪਹਿਲਾਂ ਇੱਥੇ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਤਸਵੀਰ ਸਥਾਪਤ ਕਰਨ ਸਬੰਧੀ ਕਰਵਾਏ ਸਮਾਗਮ ਵਿੱਚ ਭੱਟੀ ਪਰਿਵਾਰ ਵੀਜ਼ਾ ਨਾ ਮਿਲਣ ਕਾਰਨ ਸ਼ਾਮਲ ਨਹੀਂ ਸੀ ਹੋ ਸਕਿਆ।
ਰਾਏ ਸਲੀਮ ਭੱਟੀ ਲਾਹੌਰ ਹਾਈਕੋਰਟ ਵਿੱਚ ਵਕੀਲ ਹਨ ਅਤੇ ਰਾਏ ਬੁਲਾਰ ਭੱਟੀ ਦੇ ਵੰਸ਼ ਵਿੱਚੋਂ 19ਵੀਂ ਪੀੜ੍ਹੀ ਦੇ ਮੈਂਬਰ ਹਨ, ਜਿਨ੍ਹਾਂ ਦਾ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਿਰੋਪਾ ਅਤੇ ਸਿਰੀ ਸਾਹਿਬ ਦੇ ਕੇ ਕੀਤਾ ਗਿਆ। ਉਨ੍ਹਾਂ ਦੇ ਸਨਮਾਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਕਿਸਤਾਨ ਤੋਂ ਵਾਪਸ ਭਾਰਤ ਪਰਤ ਆਏ ਹਨ। ਇੱਥੇ ਪੁੱਜਣ ‘ਤੇ ਉਨ੍ਹਾਂ ਦੱਸਿਆ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਦੇਸ਼-ਵਿਦੇਸ਼ ਦੀ ਸੰਗਤ ਨੇ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ ਹੈ। ਧਾਮੀ ਨੇ ਦੱਸਿਆ ਕਿ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਦੇ ਦਰਸ਼ਨ ਕੀਤੇ ਸਨ ਅਤੇ ਸਥਾਨਕ ਸਿੱਖ ਆਗੂਆਂ ਨਾਲ ਕਈ ਮਾਮਲਿਆਂ ‘ਤੇ ਚਰਚਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਰਾਮਦਾਸ ਦੇ ਪ੍ਰਕਾਸ਼ ਅਸਥਾਨ ਚੂਨਾ ਮੰਡੀ ਲਾਹੌਰ ਸਥਿਤ ਗੁਰਦੁਆਰੇ ਦੇ ਦਰਸ਼ਨ ਵੀ ਕੀਤੇ ਸਨ।

 

Check Also

ਪਠਾਨਕੋਟ ਦਾ ਮਰਚੈਂਟ ਨੇਵੀ ਅਫਸਰ ਓਮਾਨ ਦੇ ਸਮੁੰਦਰ ’ਚ ਲਾਪਤਾ

ਪਿਛਲੇ ਦਿਨੀਂ ਓਮਾਨ ਦੇ ਸਮੁੰਦਰ ’ਚ ਪਲਟ ਗਿਆ ਸੀ ਤੇਲ ਵਾਲਾ ਸਮੁੰਦਰੀ ਟੈਂਕਰ ਨਵੀਂ ਦਿੱਲੀ/ਬਿਊਰੋ …