ਬੀਬੀ ਜਗੀਰ ਕੌਰ ਵੀ ਲੜ ਸਕਦੇ ਹਨ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਕਿ 9 ਨਵੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਲਈ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਇਸਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਧਾਮੀ ਇਸ ਸਮੇਂ ਵੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਨ ਅਤੇ ਉਹ ਦੂਜੀ ਵਾਰ ਪ੍ਰਧਾਨ ਬਣ ਸਕਦੇ ਹਨ। ਉਧਰ ਦੂਜੇ ਪਾਸੇ ਬੀਬੀ ਜਗੀਰ ਕੌਰ ਵੀ ਐਸਜੀਪੀਸੀ ਦੀ ਚੋਣ ਲੜਨ ਲਈ ਬਜਿੱਦ ਹਨ। ਬੀਬੀ ਜਗੀਰ ਕੌਰ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਲਿਫਾਫਾ ਕਲਚਰ ਦਾ ਵਿਰੋਧ ਕਰਦਿਆਂ ਅਕਾਲੀ ਦਲ ਤੋਂ ਬਾਗੀ ਹੋ ਕੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਮਗਰੋਂ ਅਕਾਲੀ ਦਲ ਵਲੋਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਬੀਬੀ ਜਗੀਰ ਕੌਰ ਆਪਣੇ ਫੈਸਲੇ ’ਤੇ ਕਾਇਮ ਹਨ। ਧਿਆਨ ਰਹੇ ਕਿ ਸ਼ੋ੍ਰਮਣੀ ਕਮੇਟੀ ਚੋਣਾਂ ਵਿਚ ਲੰਬੇ ਸਮੇਂ ਬਾਅਦ ਬਾਦਲਾਂ ਨੂੰ ਸਿੱਧੀ ਚੁਣੌਤੀ ਮਿਲੀ ਹੈ। ਬੀਬੀ ਜਗੀਰ ਕੌਰ ਦਾ ਇਹ ਵੀ ਕਹਿਣਾ ਹੈ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਹਨ ਅਤੇ ਉਨ੍ਹਾਂ ਦਾ ਕਿਸੇ ਹੋਰ ਸਿਆਸੀ ਪਾਰਟੀ ਵਿਚ ਜਾਣ ਦਾ ਕੋਈ ਇਰਾਦਾ ਨਹੀਂ ਹੈ। ਧਿਆਨ ਰਹੇ ਕਿ ਪਾਰਟੀ ਵਿਰੋਧੀ ਸਰਗਰਮੀਆਂ ਕਰਕੇ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚੋਂ ਮੁਅੱਤਲ ਵੀ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤ ਸਰਕਾਰ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ’ਤੇ ਆਰੋਪ ਲਗਾਇਆ ਕਿ ਉਹ ਐਸਜੀਪੀਸੀ ਦੇ 35 ਮੈਂਬਰਾਂ ਨੂੰ ਫੋਨ ਕਰਕੇ ਬੀਬੀ ਜਗੀਰ ਕੌਰ ਦੇ ਹੱਕ ਵਿਚ ਭੁਗਤਣ ਲਈ ਜ਼ੋਰ ਪਾ ਰਹੇ ਹਨ।