ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ ਪਈਆਂ ਸਿਰਫ਼ 42 ਵੋਟਾਂ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨਗੀ ਲਈ ਅੱਜ ਹੋਈ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਿੱਤ ਹਾਸਲ ਕਰਕੇ ਮੁੜ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਸ਼ੋ੍ਰਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਸੀ ਜਦਕਿ ਉਨ੍ਹਾਂ ਦੇ ਵਿਰੋਧ ’ਚ ਸ਼ੋ੍ਰਮਣੀ ਅਕਾਲੀ ਦਲ ਵਿਚੋਂ ਬਰਖਾਸਤ ਕੀਤੀ ਗਈ ਬੀਬੀ ਜਗੀਰ ਕੌਰ ਮੈਦਾਨ ਵਿਚ ਸਨ। ਪ੍ਰਧਾਨਗੀ ਦੀ ਚੋਣ ਲਈ ਅੱਜ ਹੋਏ ਇਜਲਾਸ ਦੌਰਾਨ 146 ਮੈਂਬਰ ਹਾਜ਼ਰ ਸਨ ਜਿਨ੍ਹਾਂ ਵੱਲੋਂ ਆਪਣੀ-ਆਪਣੀ ਵੋਟ ਦੀ ਵਰਤੋਂ ਕੀਤੀ ਗਈ। ਪੋਲ ਹੋਈਆਂ ਕੁੱਲ 146 ਵੋਟਾਂ ਵਿਚੋਂ ਐਡਵੋਕੇਟ ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ ਸਿਰਫ਼ 42 ਵੋਟਾਂ ਹੀ ਪ੍ਰਾਪਤ ਹੋਈਆਂ। ਇਸੇ ਦੌਰਾਨ ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਅਵਤਾਰ ਸਿੰਘ ਫਤਿਹਗੜ੍ਹ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਚੁਣੇ ਗਏ। ਇਸ ਤੋਂ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅਰਦਾਸ ਅਤੇ ਹੁਕਮਨਾਮੇ ਤੋਂ ਬਾਅਦ ਜਨਰਲ ਇਜਲਾਸ ਸ਼ੁਰੂ ਹੋਇਆ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਅਰਵਿੰਦਰ ਸਿੰਘ ਪੱਖੋਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪ੍ਰਧਾਨ ਵਜੋਂ ਪੇਸ਼ ਕੀਤਾ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਵੱਲੋਂ ਕੀਤੀ ਗਈ। ਦੂਜੇ ਪਾਸੇ ਬੀਬੀ ਜਗੀਰ ਕੌਰ ਦਾ ਨਾਮ ਪ੍ਰਧਾਨ ਵਜੋਂ ਸ਼ੋ੍ਰਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਨੇ ਕੀਤੀ। ਇਸ ਤੋਂ ਬਾਅਦ ਵੋਟਿੰਗ ਹੋਈ ਅਤੇ ਵੋਟਿੰਗ ਦੌਰਾਨ ਐਡਵੋਕੇਟ ਧਾਮੀ ਮੁੜ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ।