ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਅਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਅਤੇ ਸਥਾਨਕ ਸੰਗਤ ਨੇ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਸਮੇਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜਾਈ ਹੋਈ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਇਸ ਦੀ ਆਰੰਭਤਾ ਵੇਲੇ ਗੁਰਦੁਆਰਾ ਨਨਕਾਣਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਨਗਰ ਕੀਰਤਨ ਅੱਗੇ ਪੰਜ ਨਿਸ਼ਾਨਚੀ ਅਤੇ ਪੰਜ ਪਿਆਰੇ ਚੱਲ ਰਹੇ ਸਨ। ਇਸ ਸਮੇਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਵੀ ਮੌਜੂਦ ਸਨ।
ਇਸ ਦੌਰਾਨ ਸ਼ਰਧਾਲੂਆਂ ਨੇ ਸੁੰਦਰ ਪਾਲਕੀ ‘ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਸਥਾਨਕ ਸੰਗਤ ਵੱਲੋਂ ਫਲ ਅਤੇ ਹੋਰ ਵਸਤਾਂ ਲੰਗਰ ਵਜੋਂ ਵਰਤਾਈਆਂ ਗਈਆਂ। ਇਸ ਦੌਰਾਨ ਕੀਰਤਨੀ ਤੇ ਰਾਗੀ ਜਥਿਆਂ ਨੇ ਸੰਗਤ ਨੂੰ ਕਥਾ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਅਤੇ ਨਿਹੰਗ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਏ। ਨਗਰ ਕੀਰਤਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਚੱਲ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁੱਜ ਕੇ ਸੰਪੰਨ ਹੋਇਆ।
ਇਸ ਮੌਕੇ ਪੀਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਸਤਵੰਤ ਸਿੰਘ, ਬਿਸ਼ਨ ਸਿੰਘ, ਤਾਰਾ ਸਿੰਘ, ਭਾਰਤ ਤੋਂ ਗਏ ਸ਼ਰਧਾਲੂਆਂ ਸਮੇਤ ਔਕਾਫ ਬੋਰਡ ਦੇ ਅਧਿਕਾਰੀ ਹਾਜ਼ਰ ਸਨ। ਯਾਤਰੂਆਂ ਨੂੰ ਰਿਹਾਇਸ਼ ਅਤੇ ਆਵਾਜਾਈ ਦੌਰਾਨ ਆਈਆਂ ਮੁਸ਼ਕਲਾਂ : ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੀ ਯਾਤਰਾ ਲਈ ਗਏ ਭਾਰਤੀ ਅਤੇ ਹੋਰਨਾਂ ਮੁਲਕਾਂ ਦੇ ਯਾਤਰੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਰੇਲ ਗੱਡੀਆਂ ਰਾਹੀਂ ਪਹੁੰਚਣ ਅਤੇ ਰਿਹਾਇਸ਼ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …