Breaking News
Home / Special Story / ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੁੜ ਬਣੇ ਪ੍ਰਧਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੁੜ ਬਣੇ ਪ੍ਰਧਾਨ

ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਅਵਤਾਰ ਸਿੰਘ ਜੂਨੀਅਰ ਮੀਤ ਪ੍ਰਧਾਨ ਤੇ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਬਣੇ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਈ ਹੋਈ ਚੋਣ ਵਿੱਚ ਆਪਣੇ ਵਿਰੋਧੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 62 ਵੋਟਾਂ ਦੇ ਫਰਕ ਨਾਲ ਹਰਾ ਕੇ ਵੱਡੀ ਜਿੱਤ ਹਾਸਲ ਕੀਤੀ ਹੈ। ਉਹ ਲਗਾਤਾਰ ਦੂਜੀ ਵਾਰ ਸਿੱਖ ਸੰਸਥਾ ਦੇ ਪ੍ਰਧਾਨ ਬਣੇ ਹਨ। ਬੁੱਧਵਾਰ ਨੂੰ ਹੋਈ ਇਸ ਚੋਣ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ 104 ਵੋਟਾਂ ਅਤੇ ਬੀਬੀ ਜਗੀਰ ਕੌਰ ਨੂੰ ਸਿਰਫ 42 ਵੋਟਾਂ ਪ੍ਰਾਪਤ ਹੋਈਆਂ। ਹੋਰਨਾਂ ਅਹੁਦੇਦਾਰਾਂ ਵਿੱਚ ਸੀਨੀਅਰ ਮੀਤ ਪ੍ਰਧਾਨ ਵਜੋਂ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਵਜੋਂ ਅਵਤਾਰ ਸਿੰਘ ਅਤੇ ਜਨਰਲ ਸਕੱਤਰ ਵਜੋਂ ਭਾਈ ਗੁਰਚਰਨ ਸਿੰਘ ਗਰੇਵਾਲ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਹਨ। ਇਸ ਦੌਰਾਨ ਅੰਤਰਿੰਗ ਕਮੇਟੀ ਦੇ 11 ਮੈਂਬਰਾਂ ਵਿੱਚ ਬੀਬੀ ਜਗੀਰ ਕੌਰ ਧੜੇ ਦੇ ਤਿੰਨ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਭੁਪਿੰਦਰ ਸਿੰਘ ਅਸੰਧ ਅਤੇ ਮਲਕੀਤ ਸਿੰਘ ਚੰਗਾਲ ਸ਼ਾਮਲ ਹਨ।
ਬਾਕੀ ਦੇ ਅੱਠ ਅੰਤ੍ਰਿੰਗ ਕਮੇਟੀ ਮੈਂਬਰਾਂ ਵਿਚ ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਨਾਮ ਸਿੰਘ ਜੱਸਲ, ਪਰਮਜੀਤ ਸਿੰਘ ਖਾਲਸਾ ਅਤੇ ਸ਼ੇਰ ਸਿੰਘ ਮੰਡਵਾਲਾ ਸ਼ਾਮਲ ਹਨ। ਅੱਜ ਦੇ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਕੁੱਲ 157 ਮੈਂਬਰਾਂ ਵਿੱਚੋਂ 146 ਮੈਂਬਰਾਂ ਨੇ ਵੋਟਾਂ ਪਾਈਆਂ ਹਨ, ਬਾਕੀ ਮੈਂਬਰ ਗ਼ੈਰਹਾਜ਼ਰ ਰਹੇ। ਇਨ੍ਹਾਂ ਵਿੱਚੋਂ ਕੁਝ ਮੈਂਬਰ ਵਿਦੇਸ਼ ਗਏ ਹੋਏ ਹਨ। ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਏ ਇਜਲਾਸ ਦੌਰਾਨ ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਪ੍ਰਧਾਨਗੀ ਲਈ ਪੇਸ਼ ਕੀਤਾ, ਜਿਸ ਦੀ ਤਾਈਦ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਤਾਈਦ ਮਜੀਦ ਨਵਤੇਜ ਸਿੰਘ ਕਾਉਣੀ ਨੇ ਕੀਤੀ। ਇਸੇ ਦੌਰਾਨ ਦੂਜੇ ਧੜੇ ਵਲੋਂ ਅਮਰੀਕ ਸਿੰਘ ਸ਼ਾਹਪੁਰ ਨੇ ਬੀਬੀ ਜਗੀਰ ਕੌਰ ਦਾ ਨਾਂ ਪ੍ਰਧਾਨਗੀ ਦੇ ਅਹੁਦੇ ਲਈ ਪੇਸ਼ ਕੀਤਾ।
ਉਪਰੰਤ ਪਰਚੀ ਰਾਹੀਂ ਵੋਟਾਂ ਪਾਈਆਂ ਗਈਆਂ। ਚੋਣ ਮਗਰੋਂ ਧਾਮੀ ਨੇ ਚੁਣੇ ਹੋਏ ਨਵੇਂ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਗੁਰੂਘਰ ਦਾ ਸ਼ੁਕਰਾਨਾ ਕੀਤਾ। ਮਿਲੀ ਜਾਣਕਾਰੀ ਮੁਤਾਬਕ ਬੀਬੀ ਜਗੀਰ ਕੌਰ ਨੂੰ ਪ੍ਰਾਪਤ ਹੋਈਆਂ 42 ਵੋਟਾਂ ਵਿਚ ਵਿਰੋਧੀ ਧਿਰਾਂ ਦੇ ਲਗਪਗ 20 ਤੋਂ 22 ਪਹਿਲੇ ਮੈਂਬਰ ਸ਼ਾਮਲ ਹਨ, ਜਦੋਂਕਿ ਬਾਕੀ ਮੈਂਬਰਾਂ ਵਿੱਚ ਹਰਿਆਣਾ ਦੇ ਕੁਝ ਮੈਂਬਰ ਤੇ ਬਾਕੀ ਬੀਬੀ ਸਮਰਥਕ ਮੈਂਬਰ ਸ਼ਾਮਲ ਹਨ। ਇਸ ਚੋਣ ਵਿੱਚ ਭਾਵੇਂ ਬੀਬੀ ਜਗੀਰ ਕੌਰ ਧੜੇ ਦੀ ਹਾਰ ਹੋਈ ਹੈ ਪਰ ਉਨ੍ਹਾਂ ਦੇ ਧੜੇ ਦੇ ਮੈਂਬਰਾਂ ਦੀ ਗਿਣਤੀ ਲਗਪਗ ਦੋ ਗੁਣਾ ਵਧ ਗਈ ਹੈ। ਇਹ ਗਿਣਤੀ ਪਹਿਲਾਂ 20 ਤੋਂ 25 ਤਕ ਸੀਮਤ ਸੀ।
ਪੰਥ ਵਿਰੋਧੀ ਤਾਕਤਾਂ ਨੂੰ ਮੈਂਬਰਾਂ ਨੇ ਦਿੱਤਾ ਮੂੰਹ ਤੋੜ ਜਵਾਬ : ਧਾਮੀ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਾ ਦੂਜੀ ਵਾਰ ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਆਰੋਪ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ, ਆਰਐੱਸਐੱਸ, ਉਚੇਚੇ ਤੌਰ ‘ਤੇ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਦੇ ਨਾਲ-ਨਾਲ ਕਾਂਗਰਸ ਦੀ ਪੂਰੀ ਤਾਕਤ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਰਾਉਣ ਵਿੱਚ ਲੱਗੀ ਹੋਈ ਸੀ। ਸ਼੍ਰੋਮਣੀ ਕਮੇਟੀ ਮੈਂਬਰਾਂ ‘ਤੇ ਦਬਾਅ ਪਾ ਕੇ ਹਰ ਹੀਲੇ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ ‘ਚ ਭੁਗਤਣ ਲਈ ਆਖਿਆ ਗਿਆ, ਪਰ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਨ੍ਹਾਂ ਤਾਕਤਾਂ ਨੂੰ ਮੂੰਹ-ਤੋੜ ਜਵਾਬ ਦਿੰਦਿਆਂ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਵੋਟਾਂ ਪਾ ਕੇ ਕਾਮਯਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਸ਼੍ਰੋਮਣੀ ਕਮੇਟੀ ਦੇ ਉਨ੍ਹਾਂ ਸਾਰੇ ਮੈਂਬਰਾਂ ਨੂੰ ਜਾਂਦਾ ਹੈ, ਜਿਨ੍ਹਾਂ ਨੇ ਮੁਸ਼ਕਲ ਹਾਲਾਤ ਦੇ ਬਾਵਜੂਦ ਵੀ ਦ੍ਰਿੜ੍ਹ ਰਹਿਣ ਦਾ ਸੰਕਲਪ ਕੀਤਾ। ਧਾਮੀ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੀਆਂ ਪ੍ਰੰਪਰਾਵਾਂ ਤੇ ਰਵਾਇਤਾਂ ਦੀ ਰੌਸ਼ਨੀ ਵਿਚ ਸਿੱਖ ਪੰਥ ਦੇ ਮਸਲਿਆਂ ਦੀ ਪੈਰਵੀ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅਤੇ ਹੋਰ ਅਦਾਰਿਆਂ ਦੀ ਸੇਵਾ-ਸੰਭਾਲ ਲਈ ਦਿਨ ਰਾਤ ਇਕ ਕਰਨਗੇ।
ਸਾਲ 1996 ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚੱਲੇ ਆ ਹਨ ਧਾਮੀ
ਦੂਜੀ ਵਾਰ ਸਿੱਖ ਸੰਸਥਾ ਦੇ ਮੁੜ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ 1996 ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਉਨ੍ਹਾਂ ਦਾ ਜਨਮ 1956 ਵਿਚ ਹੋਇਆ। ਉਹ ਐੱਲਐੱਲਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ। ਉਹ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ ਬਣੇ। ਐਡਵੋਕੇਟ ਧਾਮੀ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ‘ਤੇ ਸੇਵਾ ਨਿਭਾਈ।
ਬੀਬੀ ਜਗੀਰ ਕੌਰ ਨੂੰ ਪਈਆਂ 42 ਵੋਟਾਂ
ਬੀਬੀ ਜਗੀਰ ਕੌਰ ਨੇ ਆਰੋਪ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਡਰਾਉਣ ਧਮਕਾਉਣ ਦੇ ਬਾਵਜੂਦ ਉਨ੍ਹਾਂ ਨੂੰ 42 ਵੋਟਾਂ ਪ੍ਰਾਪਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੇ ਹਿੱਤਾਂ ਲਈ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਸੰਘਰਸ਼ ਕਾਰਨ ਹੀ ਲਿਫਾਫਾ ਪ੍ਰਣਾਲੀ ਖ਼ਤਮ ਹੋਈ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਉਮੀਦਵਾਰ ਪਹਿਲਾਂ ਐਲਾਨਣਾ ਪਿਆ।
ਸ਼੍ਰੋਮਣੀ ਕਮੇਟੀ ਇਜਲਾਸ
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਗੈਰ-ਸੰਵਿਧਾਨਕ ਕਰਾਰ
ਦੇਸ਼ ਵਿੱਚ ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਦੀ ਯੋਜਨਾ ਦਾ ਸਖ਼ਤ ਵਿਰੋਧ
ਸ੍ਰੀ ਨਨਕਾਣਾ ਸਾਹਿਬ ਲਈ ਬੱਸ ਸੇਵਾ ਬਹਾਲ ਕਰਨ ਦੀ ਮੰਗ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਹੋਏ ਜਨਰਲ ਇਜਲਾਸ ਦੌਰਾਨ ਹਰਿਆਣਾ ਵਿੱਚ ਬਣੀ ਵੱਖਰੀ ਕਮੇਟੀ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੱਤਾ ਗਿਆ। ਇਜਲਾਸ ਦੌਰਾਨ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਇਸ ਮਸਲੇ ‘ਤੇ ਰਾਜਨੀਤੀ ਨਾ ਕੀਤੀ ਜਾਵੇ ਤੇ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਰੱਦ ਕਰਨ ਲਈ ਸੰਸਦ ਵਿੱਚ ਬਿੱਲ ਲਿਆਂਦਾ ਜਾਵੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੀ ਸੁਪਰੀਮ ਕੋਰਟ ਤੇ ਇਸ ਸਬੰਧੀ ਫ਼ੈਸਲੇ ਨੂੰ ਮੁੱਢੋਂ ਰੱਦ ਕਰ ਚੁੱਕੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਅਦਾਲਤ ਵਿੱਚ ਨਜ਼ਰਸਾਨੀ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ 10 ਮਤੇ ਪਾਸ ਕੀਤੇ ਗਏ ਹਨ ਜਿਨ੍ਹਾਂ ਵਿੱਚ ਕਈ ਅਹਿਮ ਸਿੱਖ ਮਾਮਲੇ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਮੁੱਚੇ ਦੇਸ਼ ਵਿੱਚ ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਦੀ ਯੋਜਨਾ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਦੇਸ਼ ਦੀ ਭਾਸ਼ਾਈ ਅਤੇ ਧਾਰਮਿਕ ਵੰਨ-ਸੁਵੰਨਤਾ ਖੰਡਤ ਹੋਵੇਗੀ। ਆਰੋਪ ਲਾਇਆ ਗਿਆ ਕਿ ਕੇਂਦਰ ਸਰਕਾਰ ਦੀ ਇਹ ਯੋਜਨਾ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਦਿਸ਼ਾ ਵੱਲ ਕਦਮ ਹੈ। ਜਨਰਲ ਇਜਲਾਸ ਨੇ ਕੇਂਦਰ ਸਰਕਾਰ ਨੂੰ ਸਪੱਸ਼ਟ ਕੀਤਾ ਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਇਸ ਲਈ ਇਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
ਇਸ ਦੌਰਾਨ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਨਵੰਬਰ 1984 ਸਿੱਖ ਨਸਲਕੁਸ਼ੀ ਮਾਮਲੇ ਤੇ ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੋਵੇਂ ਘਟਨਾਵਾਂ ਸਿੱਖ ਵਿਰੋਧੀ ਘਟਨਾਵਾਂ ਹਨ, ਇਸ ਘਟਨਾਕ੍ਰਮ ਦੀ ਸੰਸਦ ਵਿੱਚ ਜਨਤਕ ਮੁਆਫ਼ੀ ਦਾ ਮਤਾ ਲਿਆਂਦਾ ਜਾਵੇ।
ਇੱਕ ਮਤੇ ਰਾਹੀਂ ਭਾਰਤ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਗਈ ਕਿ ਜੇਲ੍ਹਾਂ ਵਿੱਚੋਂ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪਹਿਲੀ ਦਸੰਬਰ ਤੋਂ ਸੰਗਤ ਕੋਲੋਂ ਪ੍ਰੋਫਾਰਮੇ ਭਰਵਾ ਕੇ ਰਾਜਪਾਲ ਨੂੰ ਭੇਜੇ ਜਾਣਗੇ। ਇੱਕ ਮਤੇ ਰਾਹੀਂ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ ਗਈ। ਸਿੱਖ ਸੰਸਥਾ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਤੋਂ ਮੰਗ ਕੀਤੀ ਕਿ ਅੰਮ੍ਰਿਤਸਰ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਬੱਸ ਸੇਵਾ ਬਹਾਲ ਕੀਤੀ ਜਾਵੇ, ਅੰਮ੍ਰਿਤਸਰ ਵਿੱਚ ਵੀਜ਼ਾ ਕੇਂਦਰ ਸਥਾਪਤ ਕੀਤਾ ਜਾਵੇ, ਅਟਾਰੀ ਸਰਹੱਦ ਰਸਤੇ ਸੜਕ ਮਾਰਗ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਨੂੰ ਮੌਕੇ ‘ਤੇ ਵੀਜ਼ਾ ਦੇਣ ਦਾ ਪ੍ਰਬੰਧ ਕੀਤਾ ਜਾਵੇ, ਲੰਮੀ ਮਿਆਦ ਵਾਲੇ ਅਤੇ ਪਰਿਵਾਰਾਂ ਲਈ ਵੀਜ਼ੇ ਜਾਰੀ ਕਰਨ ਦਾ ਵਿਸ਼ੇਸ਼ ਉਪਰਾਲਾ ਹੋਵੇ, ਸ਼ਰਧਾਲੂਆਂ ਦੇ ਸਾਲ ਵਿੱਚ ਜਾਂਦੇ ਚਾਰ ਜਥਿਆਂ ਦੀ ਥਾਂ ‘ਤੇ ਹੁਣ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਮੌਕੇ ਤਿੰਨ ਹੋਰ ਜਥੇ ਭੇਜਣ ਦੀ ਪ੍ਰਵਾਨਗੀ ਦਿੱਤੀ ਜਾਵੇ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਨਲਾਈਨ ਇੰਦਰਾਜ ਫਾਰਮ ਦੀ ਥਾਂ ਆਧਾਰ ਕਾਰਡ ਰਾਹੀਂ ਮੌਕੇ ‘ਤੇ ਹੀ ਦਰਸ਼ਨ ਲਈ ਜਾਣ ਦੀ ਪ੍ਰਵਾਨਗੀ ਦਿੱਤੀ ਜਾਵੇ।

 

Check Also

ਇਜ਼ਰਾਈਲ-ਫਿਲਸਤੀਨ ਸੰਘਰਸ਼ ਬਾਰੇ ਕਹਾਣੀ

ਉਮੀਦ ਦੀ ਆਵਾਜ਼ ਡਾ. ਦੇਵਿੰਦਰ ਪਾਲ ਸਿੰਘ ਬਹੁਤੀ ਪੁਰਾਣੀ ਗੱਲ ਨਹੀਂ। ਮੱਧ ਪੂਰਬ ਦੇ ਧੁਰ …