ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਦੇ ਮੌਜੂਦਾ ਹਾਲਾਤ ਤੇ ਲੋਕਾਂ ਦੇ ਮਨਾਂ ਵਿੱਚ ਵਧ ਰਹੀ ਅਸੁਰੱਖਿਆ ਦੀ ਭਾਵਨਾ ਲਈ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਹੈ ਕਿ ਪੰਜਾਬ ਵਿੱਚ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ ਅਤੇ ਪਿਛਲੇ ਦਿਨਾਂ ਵਿੱਚ ਵਾਪਰੀਆਂ ਘਟਨਾਵਾਂ ਨੂੰ ਫਿਰਕੂ ਰੰਗਤ ਦੇਣ ਦੀਆਂ ਕੋਸ਼ਿਸ਼ਾਂ ਬੰਦ ਹੋਣੀਆਂ ਚਾਹੀਦੀਆਂ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ‘ਆਪ’ ਸਰਕਾਰ ‘ਚ ਪ੍ਰਸ਼ਾਸਨਿਕ ਯੋਗਤਾ ਦੀ ਘਾਟ ਅਤੇ ਲਾਪ੍ਰਵਾਹੀ ਵਾਲੇ ਰਵੱਈਏ ਕਾਰਨ ਅਜਿਹੇ ਹਾਲਾਤ ਬਣ ਰਹੇ ਹਨ, ਜਿਸ ਨਾਲ ਲੋਕ ਮਨਾਂ ਵਿੱਚ ਡਰ ਦੀ ਭਾਵਨਾ ਪੈਦਾ ਹੋਈ ਹੈ ਪਰ ਨਾਲ ਹੀ ਉਨ੍ਹਾਂ ਦੁਹਰਾਇਆ ਕਿ ਪੰਜਾਬ ਦੇ ਲੋਕ ਉਹ ਚਾਹੇ ਕਿਸੇ ਵੀ ਧਰਮ ਜਾਂ ਫਿਰਕੇ ਨਾਲ ਸਬੰਧਤ ਹੋਣ, ਨੇ ਕਿਸੇ ਨੂੰ ਵੀ ਆਪਣੇ ਧਰਮ ਜਾਂ ਫਿਰਕੇ ਦੀ ਠੇਕੇਦਾਰੀ ਨਹੀਂ ਕਰਨ ਦਿੱਤੀ ਹੈ। ਜਾਖੜ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਸੂਬੇ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣਾ ਚਾਹੀਦਾ ਹੈ।