Breaking News
Home / ਪੰਜਾਬ / ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢਿਆ

ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢਿਆ

ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠਲੀ ਅਨੁਸ਼ਾਸਨੀ ਕਮੇਟੀ ਨੇ ਕੀਤੀ ਕਾਰਵਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਮਹਿਲਾ ਆਗੂ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਦਲ ਵੱਲੋਂ ਇਹ ਕਾਰਵਾਈ ਇਸ ਮਹਿਲਾ ਆਗੂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਖ਼ੁਦ ਨੂੰ ਪ੍ਰਧਾਨਗੀ ਦੇ ਉਮੀਦਵਾਰ ਵਜੋਂ ਮੈਦਾਨ ‘ਚ ਨਿੱਤਰਨ ਦੇ ਆਰੋਪਾਂ ਤਹਿਤ ਕੀਤੀ ਗਈ ਹੈ। ਅਨੁਸ਼ਾਸਨੀ ਕਮੇਟੀ ਦੇ ਮੁਖੀ ਸਿਕੰਦਰ ਸਿੰਘ ਮਲੂਕਾ ਨੇ ਚੰਡੀਗੜ੍ਹ ‘ਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਬੀ ਜਗੀਰ ਕੌਰ ਵਿਰੁੱਧ ਕਮੇਟੀ ਵੱਲੋਂ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੀਬੀ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਪ੍ਰਧਾਨਗੀ ਦੇ ਉਮੀਦਵਾਰ ਵਜੋਂ ਦਾਅਵਾ ਪੇਸ਼ ਕਰਨਾ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਬੀਬੀ ਜਗੀਰ ਕੌਰ ਨੂੰ ਚੋਣ ਮੈਦਾਨ ‘ਚੋਂ ਹਟ ਕੇ ਆਪਣੀ ਗਲਤੀ ਸੁਧਾਰਨ ਅਤੇ ਪਾਰਟੀ ਅਨੁਸ਼ਾਸਨ ਦੇ ਦਾਇਰੇ ਹੇਠ ਰਹਿ ਕੇ ਆਰੋਪਾਂ ਦਾ ਜਵਾਬ ਦੇਣ ਲਈ ਤਿੰਨ ਮੌਕੇ ਦਿੱਤੇ ਗਏ ਸਨ, ਪਰ ਮਹਿਲਾ ਆਗੂ ਨੇ ਪਾਰਟੀ ਵੱਲੋਂ ਦਿੱਤੇ ਨੋਟਿਸ ਦਾ ਜਵਾਬ ਦੇਣਾ ਵਾਜਬ ਨਹੀਂ ਸਮਝਿਆ।
ਮਲੂਕਾ ਨੇ ਕਿਹਾ ਕਿ ਅਨੁਸ਼ਾਸਨੀ ਕਮੇਟੀ ਵੱਲੋਂ ਬੀਬੀ ਨੂੰ ਨਿੱਜੀ ਤੌਰ ‘ਤੇ ਪੱਖ ਰੱਖਣ ਲਈ ਵੀ ਸਮਾਂ ਦਿੱਤਾ ਗਿਆ। ਪਾਰਟੀ ਦਫ਼ਤਰ ਵੱਲੋਂ ਜਦੋਂ ਇਸ ਮਹਿਲਾ ਆਗੂ ਨਾਲ ਰਾਬਤਾ ਕਾਇਮ ਕੀਤਾ ਗਿਆ ਤਾਂ ਬੀਬੀ ਜਗੀਰ ਕੌਰ ਦੇ ਨਿੱਜੀ ਸਹਾਇਕ ਨੇ ਸਪੱਸ਼ਟ ਕੀਤਾ ਕਿ ਉਹ ਆਪਣਾ ਪੱਖ ਰੱਖਣ ਲਈ ਅਕਾਲੀ ਦਲ ਦੇ ਦਫਤਰ ਨਹੀਂ ਜਾਣਗੇ। ਮਲੂਕਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪੰਥਕ ਏਕਤਾ ਕਾਇਮ ਰੱਖਣ ਲਈ ਹਮੇਸ਼ਾ ਪ੍ਰਧਾਨ ਦੇ ਅਹੁਦੇ ਲਈ ਇਕ ਨਾਂ ਦਿੱਤਾ ਜਾਂਦਾ ਹੈ। ਉਨ੍ਹਾਂ ਆਰੋਪ ਲਾਇਆ ਕਿ ਬੀਬੀ ਜਗੀਰ ਕੌਰ ਇਸ ਨਿਯਮ ਨੂੰ ਬਦਲਣਾ ਚਾਹੁੰਦੇ ਸਨ ਤੇ ਸਿੱਖ ਕੌਮ ਵਿਚ ਦੁਬਿਧਾ ਪੈਦਾ ਕਰਨੀ ਚਾਹੁੰਦੇ ਸਨ ਜਿਸ ਦਾ ਫਾਇਦਾ ਸਿਰਫ ਪੰਥ ਵਿਰੋਧੀ ਤਾਕਤਾਂ ਨੂੰ ਹੀ ਮਿਲਣਾ ਸੀ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੇ ਤਿੰਨ ਮਹੀਨੇ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦੀ ਤਿਆਰੀ ਵਿੱਢ ਦਿੱਤੀ ਸੀ ਤੇ ਮੈਂਬਰਾਂ ਤੱਕ ਪਹੁੰਚ ਕਰਨ ਲੱਗ ਪਏ ਸਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਏਕਤਾ ਕਾਇਮ ਰੱਖਣ ਲਈ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਸੁਰਜੀਤ ਸਿੰਘ ਰੱਖੜਾ ਬੀਬੀ ਜਗੀਰ ਕੌਰ ਨੂੰ ਮਿਲੇ ਤੇ ਪਾਰਟੀ ਅਨੁਸ਼ਾਸਨ ਕਾਇਮ ਰੱਖਣ ਦੀ ਅਪੀਲ ਵੀ ਕੀਤੀ ਸੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਇ ਤੋਂ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਕਿ ਉਹ ਚੋਣਾਂ ਨਾ ਲੜਨ। ਅਨੁਸ਼ਾਸਨੀ ਕਮੇਟੀ ਦੇ ਮੁਖੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਆਪਣੀ ਜ਼ਿੱਦ ‘ਤੇ ਅੜੇ ਰਹੇ ਤੇ ਉਨ੍ਹਾਂ ਸਮਰਥਨ ਜੁਟਾਉਣ ਵਾਸਤੇ ਮੈਂਬਰਾਂ ਨੂੰ ਫੋਨ ਕਰਨੇ ਤੇ ਮੈਂਬਰਾਂ ਨੂੰ ਮਿਲਣਾ ਸ਼ੁਰੂ ਕਰ ਦਿੱਤਾ। ਜਦੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਹ ਸ਼ਿਕਾਇਤਾਂ ਮਿਲੀਆਂ ਕਿ ਭਾਜਪਾ ਦੇ ਸੀਨੀਅਰ ਆਗੂ ਤੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਬੀਬੀ ਜਗੀਰ ਕੌਰ ਲਈ ਸਮਰਥਨ ਜੁਟਾਉਣ ਵਾਸਤੇ ਮੈਂਬਰਾਂ ਨੂੰ ਫੋਨ ਕਰ ਰਹੇ ਹਨ ਤਾਂ ਹਾਲਾਤ ਹੋਰ ਖਰਾਬ ਹੋ ਗਏ। ਮਲੂਕਾ ਨੇ ਦੱਸਿਆ ਕਿ ਮੈਂਬਰਾਂ ਦੀਆਂ ਸ਼ਿਕਾਇਤਾਂ ਅਤੇ ਦੋ ਮੈਂਬਰੀ ਟੀਮ ਦੀ ਰਿਪੋਰਟ ਦੇ ਆਧਾਰ ‘ਤੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …