Breaking News
Home / ਪੰਜਾਬ / ਅਨੰਦ ਮੈਰਿਜ ਐਕਟ ਕੀਤਾ ਜਾਵੇਗਾ ਲਾਗੂ : ਭਗਵੰਤ ਮਾਨ

ਅਨੰਦ ਮੈਰਿਜ ਐਕਟ ਕੀਤਾ ਜਾਵੇਗਾ ਲਾਗੂ : ਭਗਵੰਤ ਮਾਨ

ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਐਲਾਨ ਕੀਤਾ ਕਿ ਅਨੰਦ ਮੈਰਿਜ ਐਕਟ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਨੂੰ 2016 ‘ਚ ਨੋਟੀਫਾਈ ਕੀਤਾ ਗਿਆ ਸੀ ਪਰ ਉਦੋਂ ਤੋਂ ਇਹ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਈ ਹੋਰ ਰਾਜ ਪਹਿਲਾਂ ਹੀ ਇਸ ਐਕਟ ਨੂੰ ਲਾਗੂ ਕਰ ਚੁੱਕੇ ਹਨ ਪਰ ਪੰਜਾਬ ਇਸ ਤੋਂ ਪੱਛੜ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਨੂੰ ਹੁਣ ਸਹੀ ਮਾਅਨਿਆਂ ‘ਚ ਲਾਗੂ ਕੀਤਾ ਜਾਵੇਗਾ।
ਮੁੱਖ ਮੰਤਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਅਰਦਾਸ ਕੀਤੀ ਕਿ ਸੂਬੇ ‘ਚ ਸ਼ਾਂਤੀ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਹਰ ਲੰਘਦੇ ਦਿਨ ਨਾਲ ਹੋਰ ਜ਼ਿਆਦਾ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ‘ਚ ਦੇਸ਼ ਦੀ ਅਗਵਾਈ ਕਰੇ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਹਾਰਦਿਕ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿਚ ਵੀ ਪ੍ਰਸੰਗਿਕ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਪੂਰੀ ਸ਼ਰਧਾ ਅਤੇ ਲਗਨ ਨਾਲ ਮਨਾਉਣ ਦਾ ਸੱਦਾ ਦਿੱਤਾ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਦੀ ਦੂਰਅੰਦੇਸ਼ੀ ਸੋਚ ਦਾ ਪਤਾ ਇਸ ਗੱਲੋਂ ਲਗਦਾ ਹੈ ਕਿ ਉਨ੍ਹਾਂ ਉਸ ਸਮੇਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਉਪਦੇਸ਼ ਦਿੱਤਾ ਸੀ, ਜਦੋਂ ਹਵਾ ਪ੍ਰਦੂਸ਼ਣ ਕਿਤੇ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਰੀ ਸ਼ਕਤੀਕਰਨ ਅਤੇ ਸਮਾਜ ਵਿਚ ਔਰਤਾਂ ਨੂੰ ਬਰਾਬਰੀ ਦਾ ਦਰਜਾ ਦੇਣ ਦੇ ਪੱਕੇ ਪੈਰੋਕਾਰ ਸਨ।

Check Also

ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨੂੰ ਕੀਤਾ ਸੁਚੇਤ

ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ …