ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਅਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਅਤੇ ਸਥਾਨਕ ਸੰਗਤ ਨੇ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਸਮੇਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜਾਈ ਹੋਈ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਇਸ ਦੀ ਆਰੰਭਤਾ ਵੇਲੇ ਗੁਰਦੁਆਰਾ ਨਨਕਾਣਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਨਗਰ ਕੀਰਤਨ ਅੱਗੇ ਪੰਜ ਨਿਸ਼ਾਨਚੀ ਅਤੇ ਪੰਜ ਪਿਆਰੇ ਚੱਲ ਰਹੇ ਸਨ। ਇਸ ਸਮੇਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਵੀ ਮੌਜੂਦ ਸਨ।
ਇਸ ਦੌਰਾਨ ਸ਼ਰਧਾਲੂਆਂ ਨੇ ਸੁੰਦਰ ਪਾਲਕੀ ‘ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਸਥਾਨਕ ਸੰਗਤ ਵੱਲੋਂ ਫਲ ਅਤੇ ਹੋਰ ਵਸਤਾਂ ਲੰਗਰ ਵਜੋਂ ਵਰਤਾਈਆਂ ਗਈਆਂ। ਇਸ ਦੌਰਾਨ ਕੀਰਤਨੀ ਤੇ ਰਾਗੀ ਜਥਿਆਂ ਨੇ ਸੰਗਤ ਨੂੰ ਕਥਾ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਅਤੇ ਨਿਹੰਗ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਏ। ਨਗਰ ਕੀਰਤਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਚੱਲ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁੱਜ ਕੇ ਸੰਪੰਨ ਹੋਇਆ।
ਇਸ ਮੌਕੇ ਪੀਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਸਤਵੰਤ ਸਿੰਘ, ਬਿਸ਼ਨ ਸਿੰਘ, ਤਾਰਾ ਸਿੰਘ, ਭਾਰਤ ਤੋਂ ਗਏ ਸ਼ਰਧਾਲੂਆਂ ਸਮੇਤ ਔਕਾਫ ਬੋਰਡ ਦੇ ਅਧਿਕਾਰੀ ਹਾਜ਼ਰ ਸਨ। ਜਾਣਕਾਰੀ ਮੁਤਾਬਿਕ ਅੱਜ ਰਾਤ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ। ਭਲਕੇ ਵੀਰਵਾਰ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਲਈ ਰਵਾਨਾ ਹੋਵੇਗਾ।
ਯਾਤਰੂਆਂ ਨੂੰ ਰਿਹਾਇਸ਼ ਅਤੇ ਆਵਾਜਾਈ ਦੌਰਾਨ ਆਈਆਂ ਮੁਸ਼ਕਲਾਂ : ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੀ ਯਾਤਰਾ ਲਈ ਗਏ ਭਾਰਤੀ ਅਤੇ ਹੋਰਨਾਂ ਮੁਲਕਾਂ ਦੇ ਯਾਤਰੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਰੇਲ ਗੱਡੀਆਂ ਰਾਹੀਂ ਪਹੁੰਚਣ ਅਤੇ ਰਿਹਾਇਸ਼ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਸ੍ਰੀ ਨਨਕਾਣਾ ਸਾਹਿਬ ‘ਚ ਰਹੀ ਸਰਕਾਰੀ ਛੁੱਟੀ
ਇਸ ਵਾਰ ਇਹ ਪਹਿਲਾ ਮੌਕਾ ਸੀ ਜਦੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਚ ਸਰਕਾਰੀ ਛੁੱਟੀ ਐਲਾਨੀ ਗਈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਇਸ ਬਾਰੇ ਲਿਖਤੀ ਹੁਕਮ ਜਾਰੀ ਕਰਦਿਆਂ ਘੱਟ ਗਿਣਤੀਆਂ ਨੂੰ ਵਧਾਈ ਵੀ ਦਿੱਤੀ।
ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ਵ ਭਰ ਦੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ‘ਤੇ ਚੱਲਣ ਦੀ ਅਪੀਲ ਕੀਤੀ।
ਸ੍ਰੀ ਦਰਬਾਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ‘ਚ ਸੰਗਤ ਨੇ ਮੱਥਾ ਟੇਕਿਆ
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ‘ਚ ਸੰਗਤ ਨੇ ਗੁਰੂਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਜ਼ਿਕਰਯੋਗ ਹੈ ਕਿ ਦਰਬਾਰ ਸਾਹਿਬ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸਜਾਏ ਜਲੌਅ ਖਿੱਚ ਦਾ ਕੇਂਦਰ ਬਣੇ ਰਹੇ ਅਤੇ ਰਾਤ ਵੇਲੇ ਸੰਗਤ ਨੇ ਦੀਪਮਾਲਾ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਤੋਂ ਪਹਿਲਾਂ ਵਿਸ਼ਵ ‘ਤੇ ਅਗਿਆਨਤਾ ਦਾ ਹਨੇਰਾ ਸੀ, ਜਿਸ ਨੂੰ ਗੁਰੂ ਸਾਹਿਬ ਨੇ ਗੁਰਬਾਣੀ ਦੇ ਚਾਨਣ ਰਾਹੀਂ ਦੂਰ ਕੀਤਾ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਏਕੇ ਵਿਚ ਪਰੋਇਆ। ਇਸ ਦੇ ਨਾਲ ਹੀ ਉਨ੍ਹਾਂ ਔਰਤਾਂ ਨੂੰ ਸਮਾਜ ਵਿਚ ਉੱਚਾ ਅਤੇ ਸਤਿਕਾਰਯੋਗ ਦਰਜਾ ਦਿੱਤਾ। ਉਨ੍ਹਾਂ ਆਖਿਆ ਕਿ ਸਮੁੱਚੀ ਮਨੁੱਖਤਾ ਨੂੰ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਸਰਬ ਸਾਂਝੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।