ਕਿਹਾ : ਅਸੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਮਾਣ ਰਹੇ ਹਾਂ ਅਜ਼ਾਦੀ
ਲੁਧਿਆਣਾ/ਬਿਊਰੋ ਨਿਊਜ਼ : ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਰਸੀ ਮੌਕੇ ਅੱਜ ਰਾਜ ਪੱਧਰੀ ਸਮਾਗਮ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਕਰਵਾਇਆ ਗਿਆ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਮੁੱਖ ਮੰਤਰੀ ਨੇ ਬਲੀਦਾਨ ਦੇ ਘਰ ਪਹੁੰਚ ਕੇ ਵਿਜ਼ਟਰ ਬੁੱਕ ’ਤੇ ਆਪਣੇ ਵਿਚਾਰ ਵੀ ਲਿਖੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਸਾਰੇ ਅਜ਼ਾਦੀ ਮਾਣ ਰਹੇ ਹਨ। ਜਿਹੜੇ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਸ਼ਹੀਦਾਂ ਨੂੰ ਭੁੱਲ ਜਾਂਦੇ ਹਨ ਉਹ ਕੌਮਾਂ ਉਜੜ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਨੂੰ ਕੌਮੀ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ ਨਾਲ ਚੱਲ ਰਹੀ ਗੱਲਬਾਤ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਹਲਵਾਰਾ ਏਅਰਪੋਰਟ ਨੂੰ ਜਲਦੀ ਹੀ ਜਨਤਾ ਲਈ ਸ਼ੁਰੂ ਕੀਤਾ ਜਾਵੇਗਾ। ਇਥੇ ਪੰਜਾਬ ਸਰਕਾਰ ਵੱਲੋਂ ਟਰਮੀਨਲ ਬਣਾਏ ਜਾ ਰਹੇ ਹਨ ਜਿਨ੍ਹਾਂ ’ਤੇ 48 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ ਅਤੇ ਹਲਵਾਰਾ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਫਲਾਈਟਾਂ ਸ਼ੁਰੂ ਹੋਣ ਦੇ ਨਾਲ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਖੇਡਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ’ ਦੀਆਂ ਸ਼ੁਰੂ ਕਰਵਾਈਆਂ ਗਈਆਂ ਹਨ, ਜਿਨ੍ਹਾਂ ’ਚ ਲੱਖਾਂ ਖਿਡਾਰੀ ਹਿੱਸਾ ਲੈ ਰਹੇ ਹਨ ਅਤੇ ਇਨ੍ਹਾਂ ਖੇਡਾਂ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਇਕ ਪਲੇਟ ਫਾਰਮ ਦੇਣ ਦਾ ਯਤਨ ਕੀਤਾ ਗਿਆ ਹੈ।