ਅਸ਼ਵਨੀ ਸ਼ਰਮਾ ਨੇ ਕਿਹਾ : ਅਕਾਲੀ ਦਲ ਨਾਲ ਕਿਸੇ ਤਰ੍ਹਾਂ ਦੇ ਗਠਜੋੜ ਦੀ ਸੰਭਾਵਨਾ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗਠਜੋੜ ਹੋਣਾ ਮੁਸ਼ਕਲ ਜਾਪ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਵਲੋਂ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕੁਝ ਨੇਤਾ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਜਿਹੀ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਇਸ ਤੋਂ ਪਹਿਲਾਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਸੀ ਕਿ ਅਕਾਲੀ ਦਲ ਭਾਜਪਾ ਤੋਂ ਬਿਨਾਂ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਸਮਝੌਤਾ ਨਹੀਂ ਕਰ ਸਕਦਾ। ਮਲੂਕਾ ਨੇ ਦਾਅਵਾ ਕੀਤਾ ਕਿ ਜੇਕਰ ਭਵਿੱਖ ਵਿਚ ਭਾਜਪਾ ਨਾਲ ਪੰਜਾਬ ਅੰਦਰ ਅਕਾਲੀ ਦਲ ਦਾ ਕੋਈ ਸਮਝੌਤਾ ਹੁੰਦਾ ਹੈ ਤਾਂ ਅਕਾਲੀ ਦਲ ਇਸ ਸਮਝੌਤੇ ’ਚ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ। ਧਿਆਨ ਰਹੇ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਲੰਮਾ ਸਮਾਂ ਚੋਣ ਗਠਜੋੜ ਰਿਹਾ ਹੈ। ਪਿਛਲੇ ਸਮੇਂ ਦੌਰਾਨ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਕਰਕੇ ਸ਼ੋ੍ਰਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਗਠਜੋੜ ਤੋੜ ਲਿਆ ਸੀ ਅਤੇ ਕੇਂਦਰ ਵਿਚ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਬਸਪਾ ਨਾਲ ਚੋਣ ਗਠਜੋੜ ਕਰਕੇ ਚੋਣਾਂ ਲੜੀਆਂ ਸਨ ਅਤੇ ਅਕਾਲੀ ਦਲ ਨੂੰ ਸਿਰਫ 3 ਸੀਟਾਂ ’ਤੇ ਜਿੱਤ ਪ੍ਰਾਪਤ ਹੋਈ ਸੀ ਅਤੇ ਇਕ ਸੀਟ ਤੋਂ ਬਸਪਾ ਦਾ ਉਮੀਦਵਾਰ ਜੇਤੂ ਰਿਹਾ ਸੀ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਗਠਜੋੜ ਹੋਣਾ ਮੁਸ਼ਕਲ ਜਿਹਾ ਹੀ ਜਾਪ ਰਿਹਾ ਹੈ, ਬਾਕੀ ਆਉਣਾ ਵਾਲਾ ਸਮਾਂ ਹੀ ਦੱਸੇਗਾ।