Breaking News
Home / ਪੰਜਾਬ / ਪੰਜ ਕਿਸਾਨ ਜਥੇਬੰਦੀਆਂ ਚੰਡੀਗੜ੍ਹ ‘ਚ ਲਾਉਣਗੀਆਂ ਪੱਕਾ ਮੋਰਚਾ

ਪੰਜ ਕਿਸਾਨ ਜਥੇਬੰਦੀਆਂ ਚੰਡੀਗੜ੍ਹ ‘ਚ ਲਾਉਣਗੀਆਂ ਪੱਕਾ ਮੋਰਚਾ

ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ‘ਚ ਪੱਕਾ ਮੋਰਚਾ ਲਗਾਉਣ ਦਾ ਫੈਸਲਾ
ਚੰਡੀਗੜ੍ਹ: ਪੰਜ ਕਿਸਾਨ ਧਿਰਾਂ ਨੇ ਪਾਣੀਆਂ ਦੇ ਮਾਮਲੇ ‘ਤੇ 30 ਦਸੰਬਰ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਪੰਜ ਕਿਸਾਨ ਯੂਨੀਅਨਾਂ ਦੇ ਆਗੂਆਂ ਦੀ ਮੀਟਿੰਗ ਸੋਮਵਾਰ ਨੂੰ ਚੰਡੀਗੜ੍ਹ ‘ਚ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬੇ ‘ਚ ਪਾਣੀ ਦੇ ਗੰਭੀਰ ਸੰਕਟ, ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਅਤੇ ਸੂਬੇ ਦੇ ਸੰਘੀ ਢਾਂਚੇ ‘ਤੇ ਹਮਲਿਆਂ ਖ਼ਿਲਾਫ਼ ਮੋਰਚਾ ਲਾਉਣ ਲਈ ਕਿਸਾਨਾਂ ਦੀ ਤਿਆਰੀ ਅਤੇ ਲਾਮਬੰਦੀ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਨੂੰ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਉਣ ਤੋਂ ਪਹਿਲਾਂ ਇੱਕ ਲੱਖ ਪੋਸਟਰ ਪ੍ਰਕਾਸ਼ਿਤ ਕੀਤੇ ਜਾਣਗੇ ਅਤੇ ਕਿਸਾਨਾਂ ਨੂੰ ਚੇਤੰਨ ਕਰਨ ਵਾਸਤੇ 2 ਤੋਂ 15 ਦਸੰਬਰ ਤੱਕ ਸਾਰੇ ਜ਼ਿਲ੍ਹਿਆਂ ਵਿਚ ਸਾਂਝਾ ਫਲੈਗ ਮਾਰਚ ਕੱਢਿਆ ਜਾਵੇਗਾ। ਇਸੇ ਤਰ੍ਹਾਂ ਮਾਲਵਾ, ਦੁਆਬਾ ਅਤੇ ਮਾਝਾ ਜ਼ੋਨ ਵਿਚ ਸ਼ਹਿਰੀਆਂ, ਬੁੱਧੀਜੀਵੀਆਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਸ਼ਾਮਲ ਕਰਵਾ ਕੇ ਸੈਮੀਨਾਰ ਕਰਾਏ ਜਾਣਗੇ। ਇਸ ਲੜੀ ਤਹਿਤ 24 ਨਵੰਬਰ ਨੂੰ ਚੰਡੀਗੜ੍ਹ, 28 ਨਵੰਬਰ ਨੂੰ ਜਲੰਧਰ ਅਤੇ 30 ਨਵੰਬਰ ਨੂੰ ਬਠਿੰਡਾ ਵਿਚ ਸੈਮੀਨਾਰ ਕਰਾਏ ਜਾਣਗੇ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੀਟਿੰਗ ਕਿਸਾਨ ਭਵਨ ਵਿਚ ਹੋਈ। ਕਿਸਾਨ ਆਗੂ ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ ਅਤੇ ਹਰਜਿੰਦਰ ਸਿੰਘ ਟਾਂਡਾ ਨੇ ਪੰਜਾਬ ਦੇ ਮੌਜੂਦਾ ਸੰਕਟ ‘ਤੇ ਵਿਚਾਰ ਸਾਂਝੇ ਕੀਤੇ। ਆਗੂਆਂ ਦਾ ਕਹਿਣਾ ਸੀ ਕਿ ਪਿਛਲੇ ਮਹੀਨੇ ਯੂਨੀਅਨਾਂ ਵੱਲੋਂ ਕਰਾਈਆਂ ਗਈਆਂ ਕਾਨਫ਼ਰੰਸਾਂ ਵਿਚ ਪਾਣੀ ਤੇ ਵਾਤਾਵਰਨ ਕੇਂਦਰੀ ਬਿੰਦੂ ਬਣ ਕੇ ਉੱਭਰੇ ਹਨ ਜਿਨ੍ਹਾਂ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸੰਘਰਸ਼ ਕਰਨ ਦੇ ਰੌਂਅ ਵਿਚ ਹਨ। ਆਗੂਆਂ ਨੇ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਦੀ ਵਾਹੀਯੋਗ ਜ਼ਮੀਨ ਪਾਣੀ ਨੂੰ ਤਰਸ ਰਹੀ ਹੈ ਅਤੇ ਸਿਰਫ਼ 27 ਫ਼ੀਸਦੀ ਜ਼ਮੀਨ ਨੂੰ ਹੀ ਨਹਿਰੀ ਪਾਣੀ ਮਿਲ ਰਿਹਾ ਹੈ। ਸਿਆਸੀ ਧਿਰਾਂ ਨੇ ਰਿਪੇਰੀਅਨ ਸਿਧਾਂਤ ਤੇ ਪਾਣੀਆਂ ਦਾ ਸਥਾਈ ਹੱਲ ਕਰਨ ਦੀ ਥਾਂ ਸਿਰਫ਼ ਇਸ ਮੁੱਦੇ ਦਾ ਸਿਆਸੀਕਰਨ ਹੀ ਕੀਤਾ ਹੈ।
ਮੀਟਿੰਗ ਵਿਚ ਮਤਾ ਪਾਸ ਕਰਕੇ ਪ੍ਰਧਾਨ ਮੰਤਰੀ ਫਸਲੀ ਬੀਮਾ ਸਕੀਮ ਨੂੰ ਲਾਗੂ ਕੀਤੇ ਜਾਣ ਦਾ ਵਿਰੋਧ ਕੀਤਾ ਗਿਆ ਅਤੇ ਮੰਗ ਕੀਤੀ ਕਿ ਏਕੜ ਨੂੰ ਇਕਾਈ ਮੰਨਦਿਆਂ ਫਸਲੀ ਬੀਮਾ ਯੋਜਨਾ ਬਣਾਈ ਜਾਵੇ। ਸ਼ਾਮਲਾਟ ਜ਼ਮੀਨਾਂ ਬਣਾਉਣ ਲਈ ਕੀਤੀ ਗਈ ਸੋਧ ਦਾ ਵਿਰੋਧ ਵੀ ਕੀਤਾ ਗਿਆ। ਮੀਟਿੰਗ ਵਿਚ ਉਂਕਾਰ ਸਿੰਘ ਅਗੌਲ, ਨੇਕ ਸਿੰਘ ਖੋਖ, ਗੁਲਜ਼ਾਰ ਸਿੰਘ ਸਲੇਮਪੁਰ, ਉਗਰ ਸਿੰਘ, ਪ੍ਰੋ. ਮਨਜੀਤ ਸਿੰਘ, ਸਤਬੀਰ ਸਿੰਘ ਵਾਲੀਆ, ਐਡਵੋਕੇਟ ਪਰਮਜੀਤ ਸਿੰਘ ਬੈਦਵਾਨ, ਕਿਰਪਾਲ ਸਿੰਘ ਅਤੇ ਹਾਕਮ ਸਿੰਘ ਮਨਾਣਾ ਵੀ ਹਾਜ਼ਰ ਸਨ।

 

 

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …