ਭਗਵੰਤ ਮਾਨ ਸਰਕਾਰ ‘ਤੇ ਚੁੱਕੇ ਸਵਾਲ
ਸ੍ਰੀ ਆਨੰਦਪੁਰ ਸਾਹਿਬ : ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਉਹ ਨਾ ਤਾਂ ਭਾਜਪਾ ਨਾਲ ਸਮਝੌਤਾ ਕਰਵਾਉਣ ਵਾਲੇ ਹਨ ਤੇ ਨਾ ਹੀ ਉਨ੍ਹਾਂ ਦੇ ਕਹਿਣ ‘ਤੇ ਕੋਈ ਸਮਝੌਤਾ ਹੋਣਾ ਹੈ ਪਰ ਅਕਾਲੀ ਦਲ ਭਾਜਪਾ ਤੋਂ ਬਿਨਾਂ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਸਮਝੌਤਾ ਨਹੀਂ ਕਰ ਸਕਦਾ। ਉਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਵਿੱਖ ਵਿਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਸਮਝੌਤੇ ਦੀਆਂ ਸੰਭਾਵਨਾਵਾਂ ਬਾਰੇ ਗੱਲਬਾਤ ਕਰ ਰਹੇ ਸਨ।
ਮਲੂਕਾ ਨੇ ਦਾਅਵਾ ਕੀਤਾ ਕਿ ਜੇਕਰ ਭਵਿੱਖ ਵਿਚ ਭਾਜਪਾ ਨਾਲ ਪੰਜਾਬ ਅੰਦਰ ਅਕਾਲੀ ਦਲ ਦਾ ਕੋਈ ਸਮਝੌਤਾ ਹੁੰਦਾ ਹੈ ਤਾਂ ਅਕਾਲੀ ਦਲ ਇਸ ਸਮਝੌਤੇ ‘ਚ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ। ਉਨ੍ਹਾਂ ਸੂਬਾ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਸੂਬੇ ਅੰਦਰ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਮੁੱਖ ਮੰਤਰੀ ਗੁਜਰਾਤ ਦੀਆਂ ਚੋਣਾਂ ਵਿਚ ਰੁੱਝੇ ਹੋਏ ਹਨ ਤੇ ਸੂਬੇ ਦਾ ਕੋਈ ਵਾਲੀ ਵਾਰਿਸ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਉਹ ਸੂਬੇ ਨੂੰ ਵੱਧ ਅਧਿਕਾਰ ਦਿੱਤੇ ਜਾਣ ਦੀ ਹਮੇਸ਼ਾ ਹਮਾਇਤ ਕੀਤੀ ਹੈ ਪਰ ਜੇਕਰ ਪੰਜਾਬ ਅੰਦਰ ਇਹੀ ਹਾਲਾਤ ਰਹੇ ਤਾਂ ਗਵਰਨਰ ਨੂੰ ਆਪਣੀ ਤਾਕਤ ਦਾ ਇਸਤੇਮਾਲ ਕਰਨਾ ਪਵੇਗਾ। ਮਲੂਕਾ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਦੂਜੇ ਸਬਿਆਂ ਦੀਆਂ ਅਖ਼ਬਾਰਾਂ ਅਤੇ ਚੈਨਲਾਂ ‘ਤੇ ਇਸ਼ਤਿਹਾਰ ਦੇ ਕੇ ਪੰਜਾਬ ਦੇ ਲੋਕਾਂ ਦੇ ਨਾਲ ਵੱਡਾ ਧੱਕਾ ਕੀਤਾ ਹੈ।