ਦਵਾਈਆਂ ਲੈਣ ਤੋਂ ਕੀਤਾ ਇਨਕਾਰ
ਫਰੀਦਕੋਟ/ਬਿਊਰੋ ਨਿਊਜ਼
ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਚੱਲਦਿਆਂ ਕਿਸਾਨਾਂ ਦਾ ਧਰਨਾ ਪਿਛਲੇ ਦਿਨਾਂ ਤੋਂ ਲਗਾਤਾਰ ਜਾਰੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਇਨ੍ਹਾਂ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਹੋਏ ਹਨ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਡੱਲੇਵਾਲ ਦੀ ਸਿਹਤ ਵੀ ਠੀਕ ਨਹੀਂ ਹੈ ਅਤੇ ਉਨ੍ਹਾਂ ਦਾ ਸ਼ੂਗਰ ਲੈਵਲ ਘਟ ਗਿਆ ਹੈ। ਜਿਸ ਤੋਂ ਬਾਅਦ ਡਾਕਟਰਾਂ ਨੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ਦਾਖਲ ਹੋਣ ਦੀ ਸਲਾਹ ਦਿੱਤੀ ਹੈ, ਪਰ ਡੱਲੇਵਾਲ ਵਲੋਂ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲੰਘੇ ਸ਼ਨੀਵਾਰ ਤੋਂ ਧਰਨੇ ’ਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਇਸ ਧਰਨੇ ’ਚ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਡੱਲੇਵਾਲ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਖਾਤਰ ਲਗਾਤਾਰ ਲੜਾਈ ਲੜਦੇ ਰਹਿਣਗੇ। ਧਿਆਨ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਸੀ ਕਿ ਕਿਸਾਨਾਂ ਨੇ ਧਰਨੇ ਦੇਣ ਦਾ ਰਿਵਾਜ਼ ਹੀ ਬਣਾ ਲਿਆ ਹੈ। ਮੁੱਖ ਮੰਤਰੀ ਦੇ ਇਸ ਬਿਆਨ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ-ਸਿੱਧੂਪੁਰ ਵਲੋਂ ਫਰੀਦਕੋਟ ਵਿਚ ਧਰਨਾ ਲਗਾਤਾਰ ਜਾਰੀ ਹੈ।