ਕਿਹਾ : ਕੇਜਰੀਵਾਲ ਅਤੇ ਭਗਵੰਤ ਮਾਨ ਨੇ ਬਦਲਾਅ ਦੇ ਨਾਮ ’ਤੇ ਪੰਜਾਬ ਦੇ ਲੋਕਾਂ ਨੂੰ ਠੱਗਿਆ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੀ ਵਿੱਤੀ ਹਾਲਤ ਨੂੰ ਮੁੜ ਸੁਰਜੀਤ ਕਰਨ ਵਿਚ ਅਸਫਲ ਰਹਿਣ ਅਤੇ ਸੂਬੇ ’ਤੇ ਕਰਜ਼ੇ ਦੇ ਬੋਝ ਨੂੰ ਵਧਾਉਣ ਲਈ ਫਿਟਕਾਰ ਲਗਾਈ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਮਰੀਮੋ ਅਰਵਿੰਦ ਕੇਜਰੀਵਾਲ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਪੰਜਾਬ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੀ ਬਜਾਏ ਨਾਜ਼ੁਕ ਬਣਾ ਦਿੱਤਾ ਗਿਆ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿਚ ਜ਼ਰੂਰੀ ਗਤੀਵਿਧੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਹਰ ਸਮੇਂ ਫੰਡਾਂ ਦੀ ਭੀਖ ਮੰਗ ਰਹੀ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਵਲੋਂ ਵਿੱਤੀ ਸਾਲ 2022-23 ਦੀ ਤੀਜੀ ਤਿਮਾਹੀ (ਅਕਤੂਬਰ ਤੋਂ ਦਸੰਬਰ) ਵਿਚ 14,700 ਕਰੋੜ ਰੁਪਏ ਉਧਾਰ ਲੈਣ ਦੀ ਯੋਜਨਾ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਬਾਜਵਾ ਨੇ ਇਹ ਬਿਆਨ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਾਅਦੇ ਅਤੇ ਗਾਰੰਟੀਆਂ ਵਿਅਰਥ ਸਾਬਤ ਹੋਈਆਂ ਹਨ ਅਤੇ ਸਿਰਫ ਅੱਠ ਮਹੀਨਿਆਂ ਵਿਚ ਸੂਬੇ ਦੀ ਅਰਥਿਕਤਾ ਡਾਵਾਂਡੋਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਆਪਣੇ ਕਾਰਜਕਾਲ ਦੇ ਅਖੀਰ ਤੱਕ ਸੂਬੇ ’ਤੇ 2.65 ਲੱਖ ਕਰੋੜ ਰੁਪਏ ਦੇ ਕਰਜ਼ੇ ਦਾ ਬੋਝ ਪਾ ਦੇਵੇਗੀ। ਉਨ੍ਹਾਂ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਬਦਲਾਅ ਦੇ ਨਾਮ ’ਤੇ ਪੰਜਾਬ ਦੇ ਲੋਕਾਂ ਨੂੰ ਠੱਗਿਆ ਹੈ।

