ਅੰਮ੍ਰਿਤਸਰ/ਬਿਊਰੋ ਨਿਊਜ਼
ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ 2011 ਵਿੱਚ ਹੋਈਆਂ ਚੋਣਾਂ ਨੂੰ ਹਰੀ ਝੰਡੀ ਦਿੱਤੇ ਜਾਣ ਮਗਰੋਂ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਇਸ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਹਾਮੀ ਭਰ ਦਿੱਤੀ ਹੈ। ਇਸ ਤਹਿਤ ਪੰਜ ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਨਰਲ ਇਜਲਾਸ ਸੱਦਿਆ ਗਿਆ ਹੈ। ਇਸ ਪਲੇਠੇ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਹੋਵੇਗੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪ੍ਰਵਾਨਗੀ ਮਿਲਣ ਕਰਕੇ ਪੰਜ ਨਵੰਬਰ ਨੂੰ ਜਨਰਲ ਇਜਲਾਸ ਦੀ ਪਹਿਲੀ ਮੀਟਿੰਗ ਸੱਦੀ ਗਈ ਹੈ। ਇਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਵੇਗੀ। ਇਹ ਮੀਟਿੰਗ ਪੰਜ ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ‘ਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗੀ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਕਾਰਜਕਾਰਨੀ ਦੇ ਮੈਂਬਰਾਂ ਦੀ ਚੋਣ ਹੋਵੇਗੀ। ਉਨ੍ਹਾਂ ਦੱਸਿਆ ਕਿ ਜਲਦੀ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪਲੇਠੇ ਸਦਨ ਦੀ ਪ੍ਰਧਾਨਗੀ ਕਿਸੇ ਸਿੱਖ ਡਿਪਟੀ ਕਮਿਸ਼ਨਰ ਕੋਲੋਂ ਹੀ ਕਰਵਾਈ ਜਾਵੇਗੀ। ਜਨਰਲ ਇਜਲਾਸ ਦੀ ਤਰੀਕ ਤੈਅ ਹੋਣ ਤੋਂ ਬਾਅਦ ਹੁਣ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੇ ਨਾਵਾਂ ਦੀ ਚਰਚਾ ਨੇ ਜ਼ੋਰ ਫੜ ਲਿਆ ਹੈ। ਇਨ੍ਹਾਂ ਵਿੱਚ ਜਥੇਦਾਰ ਅਵਤਾਰ ਸਿੰਘ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਤੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਆਦਿ ਦੇ ਨਾਮ ਦੀ ਚਰਚਾ ਹੈ।ਜ਼ਿਕਰਯੋਗ ਹੈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਦਾ ਨਾਂ ਵੀ ਇਸ ਅਹੁਦੇ ਨੂੰ ਲੈ ਕੇ ਚਰਚਾ ਵਿਚ ਬਣਿਆ ਰਿਹਾ ਹੈ ਪ੍ਰੰਤੂ ਇਸ ਸਬੰਧ ਵਿਚ ਕੋਈ ਵੀ ਸਿਆਸੀ ਆਗੂ ਕੁੱਝ ਕਹਿਣ ਤੋਂ ਕੰਨੀ ਕਤਰਾ ਰਹੇ ਹਨ।
Check Also
ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ
45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ …