ਟਾਂਡਾ ਉੜਮੁੜ : ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਕਮੇਟੀ ਦੀ ਚੋਣ ਲੜਨ ਵਾਲੀ ਬੀਬੀ ਜਗੀਰ ਕੌਰ ਟਾਂਡਾ ਉੜਮੁੜ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਅਤੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਬਾਦਲ ਪਰਿਵਾਰ ‘ਤੇ ਵੱਡਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਇਸ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਬਾਦਲ ਪਰਿਵਾਰ ਤੋਂ ਅਜ਼ਾਦ ਕਰਵਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਮਨਜੀਤ ਸਿੰਘ ਦਸੂਹਾ ਨੇ ਬੀਬੀ ਜਗੀਰ ਕੌਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਤੋਂ ਅਜ਼ਾਦ ਕਰਵਾਉਣ ਅਤੇ ਇਸ ਨੂੰ ਮੁੜ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡਣਗੇ। ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ‘ਤੇ ਤੰਜ ਕਸਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਅਖਵਾਉਣ ਦਾ ਕੋਈ ਅਧਿਕਾਰ ਨਹੀਂ। ਕਿਉਂਕਿ ਜਿਸ ਪ੍ਰਧਾਨ ਦੀ ਅਗਵਾਈ ‘ਚ ਪਾਰਟੀ ਦੋ ਵਾਰ ਵਿਧਾਨ ਸਭਾ ਚੋਣਾਂ ਬੁਰੀ ਤਰ੍ਹਾਂ ਹਾਰ ਚੁੱਕੀ ਹੋਵੇ, ਉਸ ਵਿਅਕਤੀ ਨੂੰ ਪ੍ਰਧਾਨਗੀ ਦੇ ਅਹੁਦੇ ‘ਤੇ ਰਹਿਣ ਦਾ ਕੋਈ ਹੱਕ ਨਹੀਂ।