10.3 C
Toronto
Saturday, November 8, 2025
spot_img
Homeਹਫ਼ਤਾਵਾਰੀ ਫੇਰੀਮਾਂ-ਬੋਲੀ ਪੰਜਾਬੀ ਦੇ ਸਤਿਕਾਰ ਲਈ ਲੋਕ ਲਹਿਰ ਬਣਾਉਣ ਦੀ ਲੋੜ : ਮਾਨ

ਮਾਂ-ਬੋਲੀ ਪੰਜਾਬੀ ਦੇ ਸਤਿਕਾਰ ਲਈ ਲੋਕ ਲਹਿਰ ਬਣਾਉਣ ਦੀ ਲੋੜ : ਮਾਨ

21 ਫਰਵਰੀ ਤੱਕ ਪੰਜਾਬ ‘ਚ ਹਰ ਬੋਰਡ ਲਾਉਣਾ ਪਵੇਗਾ ਪੰਜਾਬੀ ‘ਚ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ‘ਚ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ 21 ਫਰਵਰੀ ਨੂੰ ਮਨਾਏ ਜਾ ਰਹੇ ਕੌਮਾਂਤਰੀ ਭਾਸ਼ਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਸਾਰੇ ਸਰਕਾਰੀ ਅਤੇ ਗ਼ੈਰ-ਸਰਕਾਰੀ ਅਦਾਰਿਆਂ ਅਤੇ ਦੁਕਾਨਾਂ ਦੇ ਦਿਸ਼ਾ-ਸੂਚਕ ਬੋਰਡ (ਸਾਈਨ ਬੋਰਡ) ਪੰਜਾਬੀ ਭਾਸ਼ਾ ਵਿੱਚ ਲਗਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਮਾਂ-ਬੋਲੀ ਦੇ ਸਤਿਕਾਰ ਲਈ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ 21 ਫਰਵਰੀ ਤੱਕ ਖ਼ੁਦ ਹੀ ਦੁਕਾਨਾਂ ‘ਤੇ ਲੱਗੇ ਬੋਰਡ ਜਾਂ ਦਿਸ਼ਾ ਸੂਚਕ ਬੋਰਡ ਪੰਜਾਬੀ ਬੋਲੀ ਵਿੱਚ ਲਿਖ ਲੈਣ ਅਤੇ ਇਸ ਮਗਰੋਂ ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਮਹੀਨਾ ਮਨਾਉਣ ਸਬੰਧੀ ਕਰਵਾਏ ਸੂਬਾਈ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਭਗਵੰਤ ਮਾਨ ਨੇ ਮਹਾਰਾਸ਼ਟਰ, ਤਾਮਿਲਨਾਡੂ ਅਤੇ ਹੋਰ ਸੂਬਿਆਂ ਦੀਆਂ ਮਿਸਾਲਾਂ ਦਿੱਤੀਆਂ, ਜਿੱਥੇ ਲੋਕ ਆਪਣੀ ਮਾਂ-ਬੋਲੀ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਬਿਆਂ ਵਿੱਚ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਤੇ ਉਨ੍ਹਾਂ ਦੀ ਮਾਂ-ਬੋਲੀ ਵਿੱਚ ਸੂਚਨਾ ਬੋਰਡ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਨੂੰ ਵੀ ਇਹ ਰਵਾਇਤ ਅਪਣਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸੂਚਨਾ ਬੋਰਡਾਂ ‘ਤੇ ਹੋਰ ਭਾਸ਼ਾਵਾਂ ਦੇ ਨਾਲ ਪੰਜਾਬੀ ਨੂੰ ਸਭ ਤੋਂ ਉੱਪਰ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਬੇਸ਼ੱਕ ਅੰਗਰੇਜ਼ੀ ਨੂੰ ਵਿਸ਼ਵ ਭਰ ਵਿੱਚ ਇੱਕ ਸੰਪਰਕ ਭਾਸ਼ਾ ਵਜੋਂ ਮਾਨਤਾ ਮਿਲੀ ਹੋਈ ਹੈ ਪਰ ਇਸ ਭਾਸ਼ਾ ਨੂੰ ਆਪਣੀ ਮਾਂ-ਬੋਲੀ ਦੀ ਕੀਮਤ ‘ਤੇ ਅੱਗੇ ਨਹੀਂ ਵਧਾਇਆ ਜਾਣਾ ਚਾਹੀਦਾ ਹੈ। ਹਰੇਕ ਪੰਜਾਬੀ ਨੂੰ ਵਿਰਾਸਤ ਵਿੱਚ ਮਿਲੇ ਆਪਣੇ ਸੱਭਿਆਚਾਰਕ ਵਿਰਸੇ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ ਪਰ ਜੇ ਕੋਈ ਆਪਣੀ ਮਾਂ ਬੋਲੀ ਨੂੰ ਭੁੱਲ ਜਾਂਦਾ ਹੈ ਤਾਂ ਇਹ ਮੰਦਭਾਗਾ ਹੈ।
‘ਆਪਣੀ ਭਾਸ਼ਾ ਤੇ ਸਭਿਆਚਾਰ ‘ਤੇ ਪੰਜਾਬੀ ਮਾਣ ਕਰਨ’
ਭਗਵੰਤ ਮਾਨ ਨੇ ਕਿਹਾ ਕਿ ਮਾਨਸਿਕ ਗੁਲਾਮੀ ਕਾਰਨ ਪੰਜਾਬੀ ਅੱਜ ਵੀ ਅੰਗਰੇਜ਼ੀ ਭਾਸ਼ਾ ਦੀ ਉੱਤਮਤਾ ਵਿੱਚ ਵਿਸ਼ਵਾਸ ਰੱਖਦੇ ਹਨ, ਜਦੋਂ ਕਿ ਅਸਲੀਅਤ ਇਹ ਹੈ ਕਿ ਪੰਜਾਬੀ ਸਾਡੀ ਸ਼੍ਰੋਮਣੀ ਭਾਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਭਾਸ਼ਾ, ਸੱਭਿਆਚਾਰ ਅਤੇ ਰਵਾਇਤਾਂ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਇਸ ਨੇਕ ਕਾਰਜ ਲਈ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਨੂੰ ਮਾਂ-ਬੋਲੀ ਨਾਲ ਜੋੜਨ ਲਈ ਪੰਜਾਬੀ ਵਿੱਚ ਵਿਸ਼ੇਸ਼ ਕੋਰਸ ਸ਼ੁਰੂ ਕਰਨ ਅਤੇ ਪੰਜਾਬੀ ਭਾਸ਼ਾ ਵਿੱਚ ਵਿਦਿਆਰਥੀਆਂ ਦੀਆਂ ਸਿਰਜਣਾਤਮਕਤਾ ਰੁਚੀਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

 

RELATED ARTICLES
POPULAR POSTS