Breaking News
Home / ਪੰਜਾਬ / ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਭਰ ਵਿੱਚ ਮਨਾਇਆ ‘ਫਤਹਿ ਦਿਵਸ’

ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਭਰ ਵਿੱਚ ਮਨਾਇਆ ‘ਫਤਹਿ ਦਿਵਸ’

ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਨੂੰ ਸ਼ਰਧਾਂਜਲੀਆਂ ਵੀ ਦਿੱਤੀਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ 19 ਨਵੰਬਰ ਨੂੰ ਸੂਬੇ ਵਿੱਚ ਵੱਖ-ਵੱਖ ਥਾਈਂ ਕਿਸਾਨ ਮੋਰਚੇ ਦੀ ਜਿੱਤ ਦੀ ਵਰ੍ਹੇਗੰਢ ਨੂੰ ‘ਫਤਹਿ ਦਿਵਸ’ ਵਜੋਂ ਮਨਾਇਆ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਪਿੰਡਾਂ, ਸ਼ਹਿਰਾਂ ਵਿੱਚ ਵੱਡੇ ਇਕੱਠ ਕਰਦਿਆਂ ਅੰਦੋਲਨ ਦੀਆਂ ਯਾਦਾਂ ਤਾਜ਼ਾ ਕੀਤੀਆਂ ਤੇ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਦੇਰ ਰਾਤ ਕਿਸਾਨਾਂ ਨੇ ਆਪਣੇ ਘਰਾਂ ‘ਤੇ ਰੋਸ਼ਨੀਆਂ ਕਰਕੇ ਦੀਪਮਾਲਾ ਕੀਤੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਵਿਵਾਦਤ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੀ ਮਨਮਰਜ਼ੀ ਕਰਦਿਆਂ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨਾਂ ‘ਤੇ ਥੋਪਣ ‘ਤੇ ਕੋਸ਼ਿਸ਼ ਕੀਤੀ ਸੀ। ਇਸ ਦੇ ਵਿਰੋਧ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੀਆਂ ਬਰੂਹਾਂ ‘ਤੇ 13 ਮਹੀਨੇ ਸੰਘਰਸ਼ ਕੀਤਾ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸੰਘਰਸ਼ ਅੱਗੇ ਝੁੱਕਣਾ ਪਿਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਉਸ ਵੇਲੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਕਈ ਐਲਾਨ ਹਾਲੇ ਤੱਕ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤੇ ਗਏ।
ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਸੰਯੁਕਤ ਮੋਰਚੇ ਨੂੰ ਸਮਰਥਨ ਦੇਣ ਦਾ ਐਲਾਨ
ਲੁਧਿਆਣਾ : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋ ਕੇ ਸੰਯੁਕਤ ਮੋਰਚੇ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੀਟਿੰਗ ਲੁਧਿਆਣਾ ‘ਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਦਫ਼ਤਰ ਵਿੱਚ ਹੋਈ। ਇਸ ਦੌਰਾਨ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 26 ਨਵੰਬਰ ਨੂੰ ਐਲਾਨੇ ਸੰਘਰਸ਼ ਦੇ ਦੂਜੇ ਪੜਾਅ ਤਹਿਤ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਕੀਤੇ ਜਾ ਰਹੇ ਮਾਰਚ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

 

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …