33 ਕਿਸਾਨ ਆਗੂਆਂ ਵੱਲੋਂ ਰਾਜਪਾਲ ਨਾਲ ਕੀਤੀ ਗਈ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ 26 ਨਵੰਬਰ ਨੂੰ ਪੂਰੇ ਭਾਰਤ ਦੀਆਂ ਸੂਬਾਈ ਰਾਜਧਾਨੀਆਂ ਵਿਚ ਕੇਂਦਰ ਸਰਕਾਰ ਖਿਲਾਫ਼ ਰੋਸ ਮਾਰਚ ਕਰਕੇ ਰਾਜਪਾਲਾਂ, ਉਪ ਰਾਜਪਾਲਾਂ ਨੂੰ ਮੰਗ ਪੱਤਰ ਸੌਂਪੇ ਗਏ। ਇਸ ਮੌਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਇਕੱਠ ਮੋਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਇਆ। ਇਕੱਠ ਦੀ ਅਗਵਾਈ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਕੀਤੀ ਗਈ। ਪੰਜਾਬ ਦੀਆਂ ਕਿਸਾਨ ਜਥੇਬੰਦੀਆ ਨੇ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਦੇ ਰਾਜ ਭਵਨ ਵੱਲ ਰੋਸ ਮਾਰਚ ਕੀਤਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬੈਨਰ ਹੇਠ ਸੰਯੁਕਤ ਕਿਸਾਨ ਮੋਰਚੇ ਦੇ 33 ਮੈਂਬਰ ਰਾਜਪਾਲ ਨੂੰ ਮਿਲਣ ਅਤੇ ਮੰਗ ਪੱਤਰ ਸੌਂਪਣ ਲਈ ਰਾਜਪਾਲ ਭਵਨ ਪਹੁੰਚੇ ਅਤੇ ਉਨ੍ਹਾਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਇਨ੍ਹਾਂ 33 ਮੈਂਬਰਾਂ ’ਚ ਹਰ ਕਿਸਾਨ ਸੰਗਠਨ ਦਾ ਇਕ ਆਗੂ ਸ਼ਾਮਲ ਸੀ। ਕਿਸਾਨਾਂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਰਾਹੀਂ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ’ਤੇ ਫੈਸਲਾ ਲੈਣ ਲਈ 8 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ। ਆਉਂਦੀ 8 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਫਿਰ ਮੀਟਿੰਗ ਹੋਵੇਗੀ, ਜਿਸ ਦੇ ਚਲਦਿਆਂ 33 ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਨੂੰ ਉਸ ਤੋਂ ਪਹਿਲਾਂ ਫੈਸਲਾ ਲੈਣ ਦਾ ਸਮਾਂ ਦਿੱਤਾ ਹੈ। । ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਕਿਸਾਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ ਅਤੇ ਫਿਰ ਉਨ੍ਹਾਂ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕੀਤਾ। ਸੰਯੁਕਤ ਕਿਸਾਨ ਮੋਰਚੇ ਦੇ ਹਜ਼ਾਰਾਂ ਕਿਸਾਨਾਂ ਨੇ ਮੋਹਾਲੀ ਚੰਡੀਗੜ੍ਹ ਬਾਰਡਰ ’ਤੇ ਭਾਜਪਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਏਡੀਸੀ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਕਿਸਾਨਾਂ ਕੋਲੋਂ ਮੰਗ ਪੱਤਰ ਲਿਆ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਹਰ ਜਥੇਬੰਦੀ ਦਾ ਇਕ ਆਗੂ ਰਾਜਪਾਲ ਨੂੰ ਮਿਲਣ ਲਈ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵਿਰੋਧ ਪ੍ਰਦਰਸ਼ਨ ’ਚ ਸ਼ਾਮਲ ਹੋਏ ਸਾਰੇ ਕਿਸਾਨਾਂ ਨੂੰ ਘਰ ਵਾਪਸ ਪਰਤਣ ਦੀ ਅਪੀਲ ਵੀ ਕੀਤੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …