Breaking News
Home / ਪੰਜਾਬ / ਅਕਾਲੀ ਦਲ ਦੀ ਸਰਕਾਰ ਸਮੇਂ ਸਰਹੱਦ ਨੇੜੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ : ਕੁਲਦੀਪ ਸਿੰਘ ਧਾਲੀਵਾਲ

ਅਕਾਲੀ ਦਲ ਦੀ ਸਰਕਾਰ ਸਮੇਂ ਸਰਹੱਦ ਨੇੜੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ : ਕੁਲਦੀਪ ਸਿੰਘ ਧਾਲੀਵਾਲ

ਕਿਹਾ : ਬੀਜ ਫਾਰਮ ਸਥਾਪਤ ਕਰਨ ਲਈ ਖਰੀਦੀ ਗਈ ਹੈ ਇਹ ਜ਼ਮੀਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਹੱਦ ਨੇੜੇ ਅਕਾਲੀ ਦਲ ਦੀ ਸਰਕਾਰ ਸਮੇਂ ਖੇਤੀਬਾੜੀ ਵਿਭਾਗ ਵਲੋਂ ਖਰੀਦੀ ਗਈ 700 ਏਕੜ ਜ਼ਮੀਨ ਦਾ ਦੌਰਾ ਕੀਤਾ। ਇਸ ਤੋਂ ਬਾਅਦ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ 2008 ਦੌਰਾਨ ਅੰਮਿ੍ਰਤਸਰ ’ਚ ਕੌਮਾਂਤਰੀ ਸਰਹੱਦ ਨੇੜੇ ਇਕ ਬੀਜ ਫਾਰਮ ਸਥਾਪਤ ਕਰਨ ਲਈ 32 ਕਰੋੜ ਰੁਪਏ ’ਚ ਜ਼ਮੀਨ ਖਰੀਦੇ ਜਾਣ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੀ ਜਾਂਚ ਕਰੇਗੀ। ਮੰਤਰੀ ਨੇ ਕਿਹਾ ਕਿ ਸਰਹੱਦ ਕੋਲ 700 ਏਕੜ ਜ਼ਮੀਨ ਖੇਤੀਬਾੜੀ ਵਿਭਾਗ ਵੱਲੋਂ ਕਾਫੀ ਜ਼ਿਆਦਾ ਕੀਮਤ ’ਤੇ ਖਰੀਦੀ ਗਈ ਸੀ। ਧਾਲੀਵਾਲ ਨੇ ਕਿਹਾ ਕਿ ਉਸ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਸਨ ਅਤੇ ਇਹ ਜ਼ਮੀਨ ਬਹੁਤ ਜ਼ਿਆਦਾ ਕੀਮਤ ’ਤੇ ਖਰੀਦੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਾਵੀ ਦਰਿਆ ਅਤੇ ਸਰਹੱਦ ਉਤੇ ਲੱਗੀ ਕੰਡਿਆਲੀ ਤਾਰ ਤੋਂ ਵੀ ਪਾਰ ਹੈ ਅਤੇ ਸਰਕਾਰ ਨੇ 2008 ਵਿਚ ਸਾਢੇ ਚਾਰ ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਇਹ ਜ਼ਮੀਨ ਖਰੀਦੀ ਸੀ। ਮੰਤਰੀ ਧਾਲੀਵਾਲ ਹੋਰਾਂ ਨੇ ਕਿਹਾ ਕਿ ਬੀਐਸਐਫ ਦੀ ਇਜ਼ਾਜਤ ਤੋਂ ਬਿਨਾ ਇਸ ਜ਼ਮੀਨ ਵਿਚ ਦਾਖਲ ਨਹੀਂ ਹੋਇਆ ਜਾ ਸਕਦਾ ਅਤੇ ਉਸ ਵੇਲੇ ਕਿਸ ਸਕੀਮ ਤਹਿਤ ਇਹ ਜ਼ਮੀਨ ਖਰੀਦੀ ਗਈ ਸੀ, ਇਸਦੀ ਜਾਂਚ ਕਰਵਾਈ ਜਾਵੇਗੀ। ਧਾਲੀਵਾਲ ਹੋਰਾਂ ਕਿਹਾ ਕਿ ਹੁਣ ਦੁਬਾਰਾ ਇਸ ਜ਼ਮੀਨ ਦੀ ਵਰਤੋਂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਹੋਰਾਂ ਦੇ ਨੋਟਿਸ ਵਿਚ ਲਿਆ ਕੇ ਕੇਂਦਰ ਸਰਕਾਰ ਨਾਲ ਤਾਲਮੇਲ ਕੀਤਾ ਜਾਵੇਗਾ, ਕਿਉਂਕਿ ਇਸਦਾ ਰਸਤਾ ਬੀਐਸਐਫ ਦੇ ਅਧੀਨ ਹੈ।

 

Check Also

ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤ ਹੈਰੋਇਨ ਸਣੇ ਹਿਮਾਚਲ ‘ਚ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਆਪਣੇ ਚਾਰ ਦੋਸਤਾਂ …