ਜੇਲ੍ਹ ’ਚੋਂ ਰਿਹਾਈ ਤੋਂ ਬਾਅਦ ਸਿੱਧੂ ਨੂੰ ਕਾਂਗਰਸ ’ਚ ਨਹੀਂ ਮਿਲ ਰਹੀ ਕੋਈ ਵੱਡੀ ਜ਼ਿੰਮੇਵਾਰੀ : ਹਰੀਸ਼ ਚੌਧਰੀ
ਚੰਡੀਗੜ੍ਹ/ਬਿਊਰੋ ਨਿਊਜ਼
ਰੋਡ ਰੇਜ਼ ਦੇ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਜਾਂ ਪਿ੍ਰਅੰਕਾ ਗਾਂਧੀ ਵਲੋਂ ਕੋਈ ਚਿੱਠੀ ਨਹੀਂ ਭੇਜੀ ਗਈ। ਲੰਘੇ ਦੋ ਦਿਨਾਂ ਤੋਂ ਚੱਲ ਰਹੀਆਂ ਕਿਆਸਅਰਾਈਆਂ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਇੰਚਾਰਜ ਹਰੀਸ਼ ਚੌਧਰੀ ਨੇ ਰੱਦ ਕਰ ਦਿੱਤਾ ਹੈ। ਹਰੀਸ਼ ਚੌਧਰੀ ਨੇ ਪਿ੍ਰਅੰਕਾ ਗਾਂਧੀ ਵਲੋਂ ਨਵਜੋਤ ਸਿੱਧੂ ਨੂੰ ਭੇਜੀ ਗਈ ਚਿੱਠੀ ਬਾਰੇ ਚੱਲ ਰਹੀ ਚਰਚਾ ਨੂੰ ਮੁੱਢੋਂ ਹੀ ਨਕਾਰ ਦਿੱਤਾ ਅਤੇ ਜੇਲ੍ਹ ਵਿਚੋਂ ਰਿਹਾਅ ਤੋਂ ਬਾਅਦ ਨਵਜੋਤ ਸਿੱਧੂ ਨੂੰ ਕਾਂਗਰਸ ਪਾਰਟੀ ’ਚ ਕੋਈ ਵੱਡੀ ਜ਼ਿੰਮੇਵਾਰੀ ਦੇਣ ਤੋਂ ਵੀ ਇਨਕਾਰ ਕੀਤਾ। ਧਿਆਨ ਰਹੇ ਕਿ ਲੰਘੇ ਦੋ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ ਨੂੰ ਪਿ੍ਰਅੰਕਾ ਗਾਂਧੀ ਵਲੋਂ ਚਿੱਠੀ ਭੇਜੇ ਜਾਣ ਦੀ ਗੱਲ ਕਹੀ ਜਾ ਰਹੀ ਸੀ। ਚਿੱਠੀ ਵਿਚ ਕੀ ਲਿਖਿਆ ਹੈ ਇਸ ਬਾਰੇ ਕੁਝ ਵੀ ਨਹੀਂ ਕਿਹਾ ਜਾ ਰਿਹਾ ਸੀ ਅਤੇ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਨਵਜੋਤ ਸਿੱਧੂ ਨੂੰ ਜੇਲ੍ਹ ਵਿਚੋਂ ਰਿਹਾਈ ਤੋਂ ਬਾਅਦ ਪਾਰਟੀ ਵਿਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਹਾਲਾਂਕਿ ਜੇਲ੍ਹ ਸੁਪਰਡੈਂਟ ਵਲੋਂ ਵੀ ਸਿੱਧੂ ਦੇ ਨਾਮ ਕਿਸੇ ਵੀ ਚਿੱਠੀ ਦੇ ਆਉਣ ਤੋਂ ਸਾਫ ਮਨਾ ਕੀਤਾ ਗਿਆ ਸੀ। ਇਨ੍ਹਾਂ ਕਿਆਸ ਅਰਾਈਆਂ ਨੂੰ ਹੁਣ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਮੀਡੀਆ ਵਿਚ ਤਾਂ ਇਹ ਵੀ ਚਰਚਾ ਚੱਲ ਰਹੀ ਸੀ ਕਿ ਆਉਂਦੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਨਵਜੋਤ ਸਿੱਧੂ ਨੂੰ ਜੇਲ੍ਹ ਵਿਚੋਂ ਰਿਹਾਅ ਕੀਤਾ ਜਾ ਸਕਦਾ ਹੈ। ਇਸ ਸਬੰਧੀ ਵੀ ਜੇਲ੍ਹ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ। ਦੱਸਣਯੋਗ ਹੈ ਕਿ 34 ਸਾਲ ਪੁਰਾਣੇ ਰੋਡ ਰੇਜ਼ ਮਾਮਲੇ ਵਿਚ ਨਵਜੋਤ ਸਿੱਧੂ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ ਅਤੇ ਉਨ੍ਹਾਂ ਦੀ 6 ਮਹੀਨੇ ਦੀ ਸਜ਼ਾ ਅਜੇ ਬਾਕੀ ਰਹਿੰਦੀ ਹੈ।