ਪ੍ਰਕਾਸ਼ ਸਿੰਘ ਬਾਦਲ ਮੁੱਖ ਸਰਪ੍ਰਸਤ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਬਣੇ ਸਰਪ੍ਰਸਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ’ਚ ਹੋਈ ਹਾਰ ਤੋਂ ਬਾਅਦ ਝੂੰਦਾ ਕਮੇਟੀ ਦੀ ਸਿਫਾਰਸ਼ ’ਤੇ ਭੰਗ ਕੀਤੇ ਗਏ ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਵੱਲੋਂ ਅੱਠ ਮੈਂਬਰੀ ਐਡਵਾਈਜ਼ਰੀ ਕਮੇਟੀ ਦੇ ਨਾਲ-ਨਾਲ ਪਾਰਟੀ ਦੀ ਕੋਰ ਕਮੇਟੀ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਜਥੇਬੰਦਕ ਢਾਂਚੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਮੁੱਖ ਸਰਪ੍ਰਸਤ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਪ੍ਰਸਤ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਅੱਠ ਮੈਂਬਰੀ ਸਲਾਹਕਾਰ ਕਮੇਟੀ ਵਿਚ ਚਰਨਜੀਤ ਸਿੰਘ ਅਟਵਾਲ, ਕ੍ਰਿਪਾਲ ਸਿੰਘ ਬਡੂੰਗਰ, ਬੀਬੀ ਉਪਿੰਦਰਜੀਤ ਕੌਰ, ਬਲਦੇਵ ਸਿੰਘ ਮਾਨ, ਪ੍ਰਕਾਸ਼ ਸਿੰਘ ਚੰਦ ਗਰਗ, ਵੀਰ ਸਿੰਘ ਲੋਪੋਕੇ, ਵਰਿੰਦਰ ਸਿੰਘ ਬਾਜਵਾ ਅਤੇ ਜਰਨੈਲ ਸਿੰਘ ਵਾਹਿਦ ਨੂੰ ਸ਼ਾਮਲ ਕੀਤਾ ਗਿਆ ਹੈ। ਜਦਕਿ ਕੋਰ ਕਮੇਟੀ ਵਿਚ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ ਅਤੇ ਡਾ. ਦਲਜੀਤ ਸਿੰਘ ਚੀਮਾ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ। ਨਵੀਂ ਕੋਰ ਕਮੇਟੀ ਵਿਚ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਜਗਮੀਤ ਸਿੰਘ ਬਰਾੜ ਨੂੰ ਸ਼ਾਮਲ ਨਹੀਂ ਕੀਤਾ ਗਿਆ।