Breaking News
Home / ਹਫ਼ਤਾਵਾਰੀ ਫੇਰੀ / ਪੰਜਾਬ ‘ਚ ਮੁੜ ਹੋਵੇਗਾ ਐਨਆਰਆਈ ਸੰਮੇਲਨ

ਪੰਜਾਬ ‘ਚ ਮੁੜ ਹੋਵੇਗਾ ਐਨਆਰਆਈ ਸੰਮੇਲਨ

ਮਾਨ ਸਰਕਾਰ ਦਸੰਬਰ ਮਹੀਨੇ ‘ਚ ਕਰਵਾਏਗੀ ਪੰਜ ਐਨਆਰਆਈ ਸੰਮੇਲਨ
ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦਾ ਹੋਵੇਗਾ ਨਿਪਟਾਰਾ : ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸੂਬੇ ਵਿਚ ਪੰਜ ‘ਐੱਨਆਰਆਈ ਸੰਮੇਲਨ’ ਕਰਵਾਏਗੀ, ਜਿਸ ਦੀ ਸ਼ੁਰੂਆਤ 16 ਦਸੰਬਰ 2022 ਨੂੰ ਜਲੰਧਰ ਤੋਂ ਹੋਵੇਗੀ। ‘ਐਨਆਰਆਈ, ਪੰਜਾਬੀਆਂ ਨਾਲ ਮਿਲਣੀ’ ਨਾਮੀ ਇਹ ਪੰਜ ਪ੍ਰੋਗਰਾਮ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ਕਰਵਾਏ ਜਾ ਰਹੇ ਹਨ। ਐੱਨਆਰਆਈ ਸੰਮੇਲਨ 19 ਦਸੰਬਰ ਨੂੰ ਮੁਹਾਲੀ, 23 ਦਸੰਬਰ ਨੂੰ ਲੁਧਿਆਣਾ, 26 ਦਸੰਬਰ ਨੂੰ ਮੋਗਾ ਅਤੇ 30 ਦਸੰਬਰ ਨੂੰ ਅੰਮ੍ਰਿਤਸਰ ‘ਚ ਕਰਵਾਇਆ ਜਾਵੇਗਾ। ਐਨਆਰਆਈ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐੱਨਆਰਆਈ ਮਾਮਲੇ ਵਿਭਾਗ ਪੰਜਾਬ, ਐਨਆਰਆਈ ਕਮਿਸ਼ਨ, ਐਨਆਰਆਈ ਸਭਾ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਅਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਮਗਰੋਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 16 ਦਸੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਜਲੰਧਰ, ਹੁਸ਼ਿਆਰਪੁਰ, ਐੱਸਬੀਐਸ ਨਗਰ ਅਤੇ ਕਪੂਰਥਲਾ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰ੍ਹਾਂ 19 ਦਸਬੰਰ ਨੂੰ ਮੁਹਾਲੀ ਵਿਖੇ ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ, 23 ਦਸੰਬਰ ਨੂੰ ਲੁਧਿਆਣਾ ਵਿਖੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਜਦਕਿ 30 ਦਸੰਬਰ ਨੂੰ ਅੰਮ੍ਰਿਤਸਰ ‘ਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਧਾਲੀਵਾਲ ਨੇ ਦੱਸਿਆ ਕਿ 15 ਐਨਆਰਆਈ ਪੁਲਿਸ ਥਾਣਿਆਂ ਵਿਖੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਕੀਤਾ ਜਾਵੇਗਾ। ਹਰੇਕ ਐੱਨਆਰਆਈ ਪੁਲਿਸ ਥਾਣੇ ਨੂੰ ਪ੍ਰਤੀ ਥਾਣਾ 2 ਲੱਖ ਰੁਪਏ ਅਤੇ ਕੁੱਲ 30 ਲੱਖ ਰੁਪਏ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ। ਜ਼ਿਲ੍ਹਿਆਂ ‘ਚ ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀਸੀਐੱਸ ਪੱਧਰ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਐੱਨਆਰਆਈ ਪੰਜਾਬੀ, ਜੋ ਬਾਹਰਲੇ ਮੁਲਕਾਂ ਦੇ ਨਾਗਰਿਕ ਬਣ ਚੁੱਕੇ ਹਨ, ਉਨ੍ਹਾਂ ਨੂੰ ਪੰਜਾਬ ਵਿੱਚ ਖੇਤੀ ਜ਼ਮੀਨਾਂ ਖਰੀਦਣ ਦਾ ਅਧਿਕਾਰ ਦੇਣ ਲਈ ਕੇਂਦਰ ਕੋਲ ਮੁੱਦਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐੱਨਆਰਆਈਜ਼ ਦੇ 50 ਫੀਸਦੀ ਮਾਮਲੇ ਵਿਆਹਾਂ ਨਾਲ ਜਦਕਿ 20 ਫੀਸਦੀ ਮਾਮਲੇ ਜ਼ਮੀਨਾਂ ਨਾਲ ਸਬੰਧਤ ਹਨ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …