Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਦਾ ਨਵਾਂ ਫਰਮਾਨ

ਮੁੱਖ ਮੰਤਰੀ ਭਗਵੰਤ ਮਾਨ ਦਾ ਨਵਾਂ ਫਰਮਾਨ

ਪੰਜਾਬ ਦੇ ਮੰਤਰੀ ਅਤੇ ਵਿਧਾਇਕ ਹੁਣ ਲਗਜ਼ਰੀ ਹੋਟਲਾਂ ‘ਚ ਨਹੀਂ ਠਹਿਰਨਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਵੀਆਈਪੀ ਕਲਚਰ ਰੋਕਣ ਲਈ ਨਵਾਂ ਫਰਮਾਨ ਜਾਰੀ ਕੀਤਾ ਹੈ। ਜਿਸਦੇ ਅਨੁਸਾਰ ਸੀਐਮ ਮਾਨ ਨੇ ਪੰਜਾਬ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਅਫਸਰਾਂ ਨੂੰ ਮਹਿੰਗੇ ਅਤੇ ਆਲੀਸ਼ਾਨ ਹੋਟਲਾਂ ਦੀ ਜਗ੍ਹਾ ਸਰਕਾਰੀ ਗੈਸਟ ਹਾਊਸਾਂ ਵਿਚ ਰੁਕਣ ਲਈ ਕਿਹਾ ਹੈ। ਇਸ ਆਦੇਸ਼ ਤੋਂ ਬਾਅਦ ਜਿੱਥੇ ਵੀਆਈਪੀ ਕਲਚਰ ‘ਤੇ ਰੋਕ ਲੱਗੇਗੀ, ਉਥੇ ਸੂਬੇ ‘ਤੇ ਵਿੱਤੀ ਬੋਝ ਵੀ ਘਟੇਗਾ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਟ ਹਾਊਸ ਸਣੇ ਦੂਜੇ ਸਰਕਾਰੀ ਗੈਸਟ ਹਾਊਸ ਮੰਤਰੀਆਂ ਅਤੇ ਅਫਸਰਾਂ ਦੇ ਠਹਿਰਨ ਲਈ ਬਣੇ ਹੋਏ ਹਨ। ਫਿਰ ਵੀ ਮੰਤਰੀ, ਵਿਧਾਇਕ ਅਤੇ ਅਫਸਰ ਪ੍ਰਾਈਵੇਟ ਹੋਟਲਾਂ ਵਿਚ ਠਹਿਰਦੇ ਹਨ, ਜਿਸ ਨਾਲ ਸਰਕਾਰੀ ਖਜ਼ਾਨੇ ‘ਤੇ ਵਾਧੂ ਬੋਝ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਮੰਤਰੀ, ਵਿਧਾਇਕਾਂ ਜਾਂ ਅਧਿਕਾਰੀ ਫੀਲਡ ਵਿਚ ਜਾਂਦਾ ਹੈ ਤਾਂ ਸਰਕਟ ਹਾਊਸ ਜਾਂ ਸਰਕਾਰੀ ਗੈਸਟ ਹਾਊਸ ਵਿਚ ਹੀ ਰੁਕਣਾ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਤਿਆਰ ਕੀਤੀ ਗਈ ਨਵੀਂ ਪਾਲਿਸੀ ਦੇ ਤਹਿਤ ਸਰਕਟ ਅਤੇ ਸਰਕਾਰੀ ਗੈਸਟ ਹਾਊਸਾਂ ਨੂੰ ਆਮ ਜਨਤਾ ਲਈ ਵੀ ਖੋਲ੍ਹਣ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਜੇਕਰ ਇਹ ਨਵੀਂ ਪਾਲਿਸੀ ਲਾਗੂ ਹੁੰਦੀ ਹੈ ਤਾਂ ਆਮ ਵਿਅਕਤੀ ਵੀ ਸਰਕਟ ਹਾਊਸ ਅਤੇ ਗੈਸਟ ਹਾਊਸਾਂ ਵਿਚ ਕਮਰੇ ਬੁੱਕ ਕਰਵਾ ਸਕਦੇ ਹਨ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …