20.8 C
Toronto
Thursday, September 18, 2025
spot_img
Homeਪੰਜਾਬਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਕੀਤੀ ਪੁੱਛ-ਪੜਤਾਲ

ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਕੀਤੀ ਪੁੱਛ-ਪੜਤਾਲ

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਮੰਗਲਵਾਰ ਨੂੰ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਆਗੂ ਸੋਨੀ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਊਰੋ ਦੇ ਦਫਤਰ ਵਿਚ ਪੇਸ਼ ਹੋਏ। ਉਨ੍ਹਾਂ ਤੋਂ ਦੋ ਘੰਟੇ ਤੋਂ ਵੱਧ ਸਮੇਂ ਤੱਕ ਪੁੱਛ-ਪੜਤਾਲ ਕੀਤੀ ਗਈ।
ਵਿਜੀਲੈਂਸ ਕੋਲ ਪੇਸ਼ ਹੋਣ ਮਗਰੋਂ ਓਪੀ ਸੋਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਜਾਇਦਾਦ ਆਮਦਨ ਦੇ ਸਰੋਤਾਂ ਮੁਤਾਬਕ ਹੈ। ਹਰ ਪੰਜ ਸਾਲ ਬਾਅਦ ਚੋਣ ਲੜਨ ਵੇਲੇ ਉਹ ਆਪਣੀ ਜਾਇਦਾਦ ਦੇ ਵੇਰਵੇ ਚੋਣ ਕਮਿਸ਼ਨ ਨੂੰ ਭੇਜਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨਾਲ ਕੋਈ ਵਧੀਕੀ ਹੋਈ ਤਾਂ ਉਹ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਤੋਂ ਜਾਇਦਾਦ ਦੇ ਵੇਰਵੇ ਮੰਗੇ ਹਨ। ਉਨ੍ਹਾਂ ਨੂੰ ਕੁੱਝ ਪਰਫਾਰਮੇ ਦਿੱਤੇ ਗਏ ਹਨ, ਜਿਨ੍ਹਾਂ ਵਿਚ ਜਾਇਦਾਦ ਸਬੰਧੀ ਵੇਰਵੇ ਭਰ ਕੇ ਦੇਣ ਲਈ ਆਖਿਆ ਗਿਆ ਹੈ। ਵਿਜੀਲੈਂਸ ਨੇ ਇਹ ਕਾਰਵਾਈ ਸੱਤ ਦਿਨਾਂ ਵਿੱਚ ਪੂਰੀ ਕਰਨ ਲਈ ਕਿਹਾ ਹੈ। ਸੋਨੀ ਨੇ ਕਿਹਾ ਕਿ ਉਨ੍ਹਾਂ ਜੋ ਵੇਰਵੇ ਚੋਣ ਕਮਿਸ਼ਨ ਨੂੰ ਭੇਜੇ ਹਨ, ਉਨ੍ਹਾਂ ਦੀ ਜਾਇਦਾਦ ਵੀ ਉਸੇ ਮੁਤਾਬਕ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਵਿਜੀਲੈਂਸ ਜਿਸ ਤਰ੍ਹਾਂ ਦੀ ਜਾਂਚ ਚਾਹੇ ਕਰ ਸਕਦੀ ਹੈ ਅਤੇ ਉਹ ਜਾਂਚ ਵਿਚ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਓਪੀ ਸੋਨੀ ਨਾਲ ਵਕੀਲਾਂ ਦੀ ਟੀਮ ਵੀ ਹਾਜ਼ਰ ਸੀ।
ਵਿਜੀਲੈਂਸ ਬਿਊਰੋ ਦੇ ਅਧਿਕਾਰੀ ਐੱਸਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਓਪੀ ਸੋਨੀ ਕੋਲੋਂ ਮੰਗੀ ਗਈ ਜਾਣਕਾਰੀ ਮਿਲਣ ਤੋਂ ਬਾਅਦ ਉਹ ਅਗਲੀ ਜਾਂਚ ਕਰਨਗੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਖਿਲਾਫ ਜਾਂਚ ਆਰੰਭੀ ਹੈ।

 

 

RELATED ARTICLES
POPULAR POSTS